PunjabTop News

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ: ਡਾ. ਬਲਜੀਤ ਕੌਰ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਲ ਵਿਆਹ ਵਰਗੀ ਘਿਨਾਉਣੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਦ੍ਰਿੜ੍ਹ ਇਰਾਦੇ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਬੱਚੇ ਨੂੰ ਸੁਰੱਖਿਅਤ ਬਚਪਨ, ਮਿਆਰੀ ਸਿੱਖਿਆ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਮੌਕਾ ਦੇਣਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਦੇ ਪ੍ਰਭਾਵਸ਼ਾਲੀ ਦਖ਼ਲ ਅਤੇ ਵੱਖ-ਵੱਖ ਵਿਭਾਗਾਂ ਦੇ ਆਪਸੀ ਤਾਲਮੇਲ ਸਦਕਾ ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ ਕੁੱਲ 137 ਬਾਲ ਵਿਆਹ ਸਫਲਤਾਪੂਰਵਕ ਰੋਕੇ ਗਏ ਹਨ।
ਉਨ੍ਹਾਂ ਸਾਲ-ਵਾਰ ਅੰਕੜਿਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2025 ਦੌਰਾਨ 64 ਬਾਲ ਵਿਆਹ ਰੋਕੇ ਗਏ, ਜਦਕਿ ਜਨਵਰੀ ਤੋਂ ਜੁਲਾਈ 2026 ਤੱਕ 73 ਹੋਰ ਬਾਲ ਵਿਆਹ ਰੋਕ ਕੇ ਅਨੇਕਾਂ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਅੰਕੜੇ ਸਰਕਾਰ ਦੀ ਸਰਗਰਮ ਕਾਰਜ-ਪ੍ਰਣਾਲੀ, ਕਾਨੂੰਨ ਦੇ ਪ੍ਰਭਾਵਸ਼ਾਲੀ ਲਾਗੂਕਰਨ ਅਤੇ ਲੋਕਾਂ ਵਿੱਚ ਵੱਧ ਰਹੀ ਜਾਗਰੂਕਤਾ ਦਾ ਪ੍ਰਮਾਣ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਲ ਵਿਆਹ ਦੀ ਰੋਕਥਾਮ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਰਕਾਰ ਵੱਲੋਂ 2,076 ਬਾਲ ਵਿਆਹ ਰੋਕਥਾਮ ਅਫ਼ਸਰ (ਸੀ.ਐੱਮ.ਪੀ.ਓਜ਼) ਨਾਮਜ਼ਦ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸੂਬੇ ਦੇ ਸਾਰੇ ਸੀ.ਡੀ.ਪੀ.ਓਜ਼ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲ ਸ਼ਾਮਲ ਹਨ। ਇਹ ਅਫ਼ਸਰ ਪਿੰਡ ਅਤੇ ਸ਼ਹਿਰੀ ਪੱਧਰ ‘ਤੇ ਜਾਗਰੂਕਤਾ ਫੈਲਾਉਣ, ਸ਼ੱਕੀ ਮਾਮਲਿਆਂ ਦੀ ਪਛਾਣ ਕਰਨ ਅਤੇ ਸਮੇਂ ਸਿਰ ਕਾਨੂੰਨੀ ਕਾਰਵਾਈ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ 10 ਫ਼ਰਵਰੀ 2025 ਨੂੰ ਜਾਰੀ ਨੋਟੀਫਿਕੇਸ਼ਨ ਰਾਹੀਂ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਬਾਲ ਵਿਆਹ ਰੋਕਥਾਮ ਯੂਨਿਟਾਂ ਦਾ ਗਠਨ ਕੀਤਾ ਹੈ। ਇਹ ਯੂਨਿਟਾਂ ਬਾਲ ਵਿਆਹ ਦੇ ਸੰਭਾਵਿਤ ਮਾਮਲਿਆਂ ਵਿੱਚ ਤੁਰੰਤ ਦਖ਼ਲ, ਪੀੜਤ ਬੱਚਿਆਂ ਦੇ ਬਚਾਅ ਅਤੇ ਮੁੜ ਵਸੇਬੇ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਵਿਚਕਾਰ ਪ੍ਰਭਾਵਸ਼ਾਲੀ ਤਾਲਮੇਲ ਯਕੀਨੀ ਬਣਾ ਰਹੀਆਂ ਹਨ।
ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਵਿਆਹ ਕਿਸੇ ਵੀ ਬੱਚੇ ਤੋਂ ਉਸ ਦਾ ਬਚਪਨ, ਸਿੱਖਿਆ, ਸਿਹਤ ਅਤੇ ਬਿਹਤਰ ਭਵਿੱਖ ਖੋਹ ਲੈਂਦਾ ਹੈ, ਇਸ ਲਈ ਇਸ ਕੁਰੀਤੀ ਨੂੰ ਖ਼ਤਮ ਕਰਨਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਾਲ-ਨਾਲ ਸਮਾਜਿਕ ਜਾਗਰੂਕਤਾ ਰਾਹੀਂ ਵੀ ਇਸ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ ਹੈ।
ਸੂਬੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਪੇ, ਅਧਿਆਪਕ, ਪੰਚਾਇਤੀ ਰਾਜ ਸੰਸਥਾਵਾਂ, ਧਾਰਮਿਕ ਆਗੂ, ਸਮਾਜ ਸੇਵੀ ਸੰਸਥਾਵਾਂ ਅਤੇ ਨੌਜਵਾਨ ਇਸ ਮੁਹਿੰਮ ਵਿੱਚ ਸਰਕਾਰ ਦੇ ਭਾਈਵਾਲ ਬਣਨ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਬਾਲ ਵਿਆਹ ਹੋਣ ਦੀ ਸੂਚਨਾ ਮਿਲੇ ਤਾਂ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਕਰਕੇ ਕਿਸੇ ਵੀ ਬੱਚੇ ਦਾ ਭਵਿੱਖ ਸੁਰੱਖਿਅਤ ਬਣਾਇਆ ਜਾ ਸਕੇ।
ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ, ਸਮਾਜਿਕ ਬੁਰਾਈਆਂ ਦੇ ਖ਼ਾਤਮੇ ਅਤੇ ਇੱਕ ਸੁਰੱਖਿਅਤ, ਸੰਵੇਦਨਸ਼ੀਲ ਅਤੇ ਬਾਲ-ਪੱਖੀ ਪੰਜਾਬ ਦੀ ਸਿਰਜਣਾ ਲਈ ਇਸੇ ਤਰ੍ਹਾਂ ਦ੍ਰਿੜ੍ਹਤਾ ਨਾਲ ਕੰਮ ਕਰਦੀ ਰਹੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button