Breaking NewsD5 specialNewsPress ReleasePunjabSports

ਬੀਬੀ ਜਗੀਰ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਹਾਕੀ ਓਲੰਪੀਅਨ ਰਜਿੰਦਰ ਸਿੰਘ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਹਾਕੀ ਓਲੰਪੀਅਨ ਸ. ਰਜਿੰਦਰ ਸਿੰਘ ਨੂੰ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰੂ ਬਖ਼ਸ਼ਿਸ਼ ਸਿਰਪਾਓ ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਸਨਮਾਨਿਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਰਜਿੰਦਰ ਸਿੰਘ ਨੇ ਹਾਕੀ ਖੇਡ ਵਿਚ ਵੱਡੀਆਂ ਮੱਲਾਂ ਮਾਰੀਆਂ ਹਨ। ਉਹ ਭਾਰਤੀ ਹਾਕੀ ਟੀਮ ਦੇ ਚੀਫ ਕੋਚ ਵੀ ਰਹੇ ਹਨ ਅਤੇ ਹਾਕੀ ਖੇਡ ਵਿਚ ਕੀਤੀਆਂ ਪ੍ਰਾਪਤੀਆਂ ਬਦਲੇ ਭਾਰਤ ਸਰਕਾਰ ਵੱਲੋਂ ਦਰੋਣਾਚਾਰੀਆ ਐਵਾਰਡ ਵੀ ਹਾਸਲ ਕਰ ਚੁੱਕੇ ਹਨ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਨੌਜੁਆਨੀ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮਕਸਦ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਥਾਵਾਂ ’ਤੇ ਖੇਡ ਅਕੈਡਮੀਆਂ ਸਥਾਪਿਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੁਰਾਣੇ ਖਿਡਾਰੀਆਂ ਦਾ ਵੱਡਾ ਤਜ਼ਰਬਾ ਹੈ, ਇਸ ਲਈ ਸਮੇਂ ਸਮੇਂ ਨੌਜੁਆਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਇਨ੍ਹਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ।
ਬੀਬੀ ਜਗੀਰ ਕੌਰ ਨੇ ਸ. ਰਜਿੰਦਰ ਸਿੰਘ ਨਾਲ ਸ਼੍ਰੋਮਣੀ ਕਮੇਟੀ ਦੀਆਂ ਹਾਕੀ ਟੀਮਾਂ ਨੂੰ ਇੰਟਰਨੈਸ਼ਨਲ ਪੱਧਰ ’ਤੇ ਪ੍ਰਮੋਟ ਕਰਨ ਲਈ ਵਿਚਾਰ-ਵਟਾਂਦਰਾਂ ਵੀ ਕੀਤਾ। ਸ. ਰਜਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਬੀਬੀ ਜਗੀਰ ਕੌਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸ. ਸੁਰਜੀਤ ਸਿੰਘ ਕੋਚ, ਗਿਆਨੀ ਹਰਦੀਪ ਸਿੰਘ ਜਲਾਲਾਬਾਦ ਆਦਿ ਹਾਜ਼ਰ ਸਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button