Press ReleasePunjabTop News

ਭਗਵੰਤ ਮਾਨ ਵੱਲੋਂ ਸੂਬੇ ਵਿੱਚ 200 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਐਲਾਨ

ਡਾਕਟਰ ਦੀ ਪਰਚੀ, ਜਾਂਚ ਰਿਪੋਰਟਾਂ, ਡਾਕਟਰ ਨੂੰ ਮਿਲਣ ਦੀ ਤਰੀਕ ਅਤੇ ਸਿਹਤ ਸੰਭਾਲ ਬਾਰੇ ਸਾਰੀ ਜਾਣਕਾਰੀ ਹੁਣ ਵਟਸਐਪ ਰਾਹੀਂ ਮਿਲੇਗੀ

ਚੰਡੀਗੜ੍ਹ, 3 ਅਗਸਤ 2025 – ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਇਕ ਹੋਰ ਇਤਿਹਾਸਕ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿੱਚ 200 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ਤਾਂ ਕਿ ਲੋਕਾਂ ਨੂੰ ਇਲਾਜ ਲਈ ਦੂਰ-ਦੁਰਾਡੇ ਨਾ ਜਾਣਾ ਪਵੇ।

ਅੱਜ ਇੱਥੇ ਟੈਗੋਰ ਥੀਏਟਰ ਵਿਖੇ 881 ਆਮ ਆਦਮੀ ਕਲੀਨਿਕਾਂ ਨੂੰ ‘ਵਟਸਐਪ ਚੈਟਬੋਟ’ ਨਾਲ ਜੋੜਨ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਦੇਸ਼ ਦਾ ਸਭ ਤੋਂ ਸਫਲ ਸਿਹਤ ਮਾਡਲ ਸਾਬਤ ਹੋ ਰਿਹਾ ਹੈ ਜਿੱਥੇ ਮਰੀਜ਼ਾਂ ਦਾ ਸਾਰਾ ਇਲਾਜ ਬਿਲੁਕਲ ਮੁਫ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਛੇਤੀ ਹੀ 200 ਆਮ ਆਦਮੀ ਕਲੀਨਿਕ ਕਾਰਜਸ਼ੀਲ ਕਰੇਗੀ ਜਿਸ ਨਾਲ ਸੂਬੇ ਵਿੱਚ ਇਨ੍ਹਾਂ ਕਲੀਨਿਕਾਂ ਦੀ ਗਿਣਤੀ ਵਧ ਕੇ 1081 ਹੋ ਜਾਵੇਗੀ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਵੇਲੇ 565 ਆਮ ਆਦਮੀ ਕਲੀਨਿਕਾਂ ਪੇਂਡੂ ਇਲਾਕਿਆਂ ਵਿੱਚ ਜਦਕਿ 316 ਕਲੀਨਿਕ ਸ਼ਹਿਰੀ ਇਲਾਕਿਆਂ ਵਿੱਚ ਹਨ ਜਿੱਥੇ ਹੋਰ ਰੋਜ਼ ਲਗਪਗ 70,000 ਮਰੀਜ਼ ਆਉਂਦੇ ਹਨ ਜਿਸ ਤੋਂ ਇਹ ਸਿੱਧ ਹੁੰਦਾ ਹੈ ਕਿ ਸਰਕਾਰੀ ਸਿਹਤ ਸਿਸਟਮ ਵਿੱਚ ਲੋਕਾਂ ਦਾ ਭਰੋਸਾ ਵਧ ਰਿਹਾ ਹੈ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਮਰੀਜ਼ਾਂ ਵਿੱਚੋਂ ਸਭ ਤੋਂ ਵੱਧ ਮਹਿਲਾਵਾਂ ਅਤੇ ਉਸ ਤੋਂ ਬਾਅਦ ਬਜ਼ੁਰਗਾਂ ਦੀ ਗਿਣਤੀ ਵੱਧ ਹੈ ਕਿਉਂਕਿ ਉਨ੍ਹਾਂ ਨੂੰ ਆਪਣੇ ਘਰ ਦੇ ਨੇੜੇ ਹੀ ਬਿਹਤਰ ਇਲਾਜ ਮੁਫ਼ਤ ਮਿਲ ਜਾਂਦਾ ਹੈ।

ਆਮ ਆਦਮੀ ਕਲੀਨਿਕਾਂ ਨੂੰ ਵਟਸਐਪ ਚੈਟਬੋਟ ਨਾਲ ਜੋੜਨ ਦੇ ਉਪਰਾਲੇ ਨੂੰ ਸਿਹਤ ਖੇਤਰ ਵਿੱਚ ਇਕ ਹੋਰ ਵੱਡੀ ਪ੍ਰਾਪਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਮਰੀਜ਼ ਜਦੋਂ ਚਾਹੁਣ, ਆਪਣੀਆਂ ਦਵਾਈਆਂ ਜਾਂ ਜਾਂਚ ਰਿਪੋਰਟਾਂ ਮੋਬਾਈਲ ਉਤੇ ਦੇਖ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਸਿਹਤ ਸਹੂਲਤਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਆਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਕਰੀਬਨ 90 ਫੀਸਦੀ ਪੰਜਾਬੀਆਂ ਕੋਲ ਸਮਾਰਟਫੋਨ ਹਨ ਜਿਸ ਕਰਕੇ ਵਟਸਐਪ ਰਾਹੀਂ ਉਨ੍ਹਾਂ ਕੋਲ ਸਿੱਧੀ ਪਹੁੰਚ ਕੀਤੀ ਜਾ ਸਕਦੀ ਹੈ।

ਆਮ ਲੋਕਾਂ ਲਈ ਵਟਸਐਪ ਚੈਟਬੋਟ ਦੇ ਲਾਭ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਡਾਕਟਰ ਦੀ ਦਵਾਈ ਵਾਲੀ ਪਰਚੀ, ਜਾਂਚ ਰਿਪੋਰਟਾਂ, ਡਾਕਟਰ ਵੱਲੋਂ ਦਿੱਤੀ ਅਗਲੀ ਤਰੀਕ ਬਾਰੇ ਸਮੇਂ-ਸਮੇਂ ਯਾਦ ਕਰਵਾਉਂਦੇ ਰਹਿਣਾ ਤੋਂ ਇਲਾਵਾ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਤੋਂ ਪੀੜਤ ਬਜ਼ੁਰਗਾਂ, ਗਰਭਵਤੀ ਮਹਿਲਾਵਾਂ, ਨਵ-ਜੰਮੇ ਬੱਚਿਆਂ ਦੀ ਸੰਭਾਲ ਬਾਰੇ ਵਟਸਐਪ ਰਾਹੀਂ ਜਾਣਕਾਰੀ ਮਿਲਦੀ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਨਾਲ ਮਰੀਜ਼ ਨੂੰ ਪਰਚੀਆਂ ਸਾਂਭਣ ਦੀ ਲੋੜ ਨਹੀਂ ਰਹੇਗੀ, ਸਗੋਂ ਉਹ ਜਦੋਂ ਚਾਹੁਣ ਵਟਸਐਪ ਤੋਂ ਜਾਣਕਾਰੀ ਲੈ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਕਦਮ ਨਾਲ ਸਿਹਤ ਵਿਭਾਗ ਕੋਲ ਵੀ ਬਿਮਾਰੀਆਂ ਅਤੇ ਇਲਾਜ ਬਾਰੇ ਸਾਰੇ ਮਰੀਜ਼ਾਂ ਦਾ ਡਾਟਾ ਤਿਆਰ ਹੋ ਜਾਵੇਗਾ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਕੁੱਤੇ ਦੇ ਵੱਢਣ ਨਾਲ ਪੀੜਤ ਲੋਕਾਂ ਨੂੰ ਫੌਰੀ ਇਲਾਜ ਦੇਣ ਲਈ ਹੁਣ ਆਮ ਆਦਮੀ ਕਲੀਨਿਕਾਂ ਵਿੱਚ ਇਹ ਇਲਾਜ ਮੁਫ਼ਤ ਮਿਲੇਗਾ। ਉਨ੍ਹਾਂ ਕਿਹਾ ਕਿ ਐਂਟੀ-ਰੈਬੀਜ਼ ਟੀਕੇ ਇਨ੍ਹਾਂ ਕਲੀਨਿਕਾਂ ਵਿੱਚ ਹੀ ਉਪਲਬਧ ਹੋਣਗੇ। ਉਨ੍ਹਾਂ ਦੱਸਿਆ ਕਿ ਇਹ ਇਲਾਜ ਪਹਿਲਾਂ ਕਾਫੀ ਮਹਿੰਗਾ ਸੀ ਅਤੇ ਸਥਾਨਕ ਪੱਧਰ ਉਤੇ ਇਲਾਜ ਨਹੀਂ ਮਿਲਦਾ ਸੀ ਪਰ ਹੁਣ ਇਲਾਜ ਦਾ ਸਾਰਾ ਖਰਚਾ ਸਰਕਾਰ ਚੁੱਕੇਗੀ।

ਪੰਜਾਬ ਦੇ ਹਰੇਕ ਪਰਿਵਾਰ ਨੂੰ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਦੇਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਪੰਜਾਬ ਪਹਿਲਾ ਸੂਬਾ ਹੋਵੇਗਾ ਜੋ ਆਪਣੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੇਵੇਗਾ। ਉਨ੍ਹਾਂ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੈਨੀਫੈਸਟੋ ਵਿੱਚ ਸਿਹਤ ਖੇਤਰ ਦਾ ਜ਼ਿਕਰ ਤੱਕ ਨਹੀਂ ਹੁੰਦਾ ਸੀ ਜਿਸ ਕਰਕੇ ਲੋਕਾਂ ਨੂੰ ਉਨ੍ਹਾਂ ਦੇ ਰਹਿਮੋ-ਕਰਮ ਉਤੇ ਛੱਡ ਦਿੱਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਹਾਲਾਤ ਇੱਥੋਂ ਤੱਕ ਪਹੁੰਚ ਗਏ ਸਨ ਕਿ ਪਿੰਡਾਂ ਵਿੱਚ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ ਇਲਾਜ ਕਰਵਾਉਣਾ ਹੀ ਨਹੀਂ ਚਾਹੁੰਦੇ ਸਨ ਕਿਉਂਕਿ ਇਲਾਜ ਮਹਿੰਗਾ ਹੋਣ ਕਰਕੇ ਉਹ ਆਪਣੇ ਪਰਿਵਾਰਾਂ ਨੂੰ ਕਰਜ਼ਾਈ ਨਹੀਂ ਦੇਖਣਾ ਚਾਹੁੰਦੇ ਸਨ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫਤ ਦੇਣਾ ਸਰਕਾਰਾਂ ਦਾ ਫਰਜ਼ ਹੁੰਦਾ ਹੈ ਅਤੇ ਅਸੀਂ ਸਮਰਪਣ ਭਾਵਨਾ ਨਾਲ ਇਹ ਫਰਜ਼ ਨਿਭਾਅ ਰਹੇ ਹਾਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੈਡੀਕਲ ਬਣਾਉਣ ਲਈ ਵੱਡੇ ਉਪਰਾਲੇ ਕੀਤਾ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਪੂਰਥਲਾ, ਹੁਸ਼ਿਆਰਪੁਰ, ਸੰਗਰੂਰ ਅਤੇ ਨਵਾਂਸ਼ਹਿਰ ਵਿਖੇ ਚਾਰ ਨਵੇਂ ਮੈਡੀਕਲ ਕਾਲਜ ਦੀ ਸਥਾਪਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਮੁਫਤ ਘਰੇਲੂ ਬਿਜਲੀ ਦੀ ਸਹੂਲਤ ਨੂੰ ਆਮ ਲੋਕਾਂ ਦੇ ਜੀਵਨ ਵਿੱਚ ਵੱਡਾ ਪਰਿਵਰਤਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 90 ਫੀਸਦੀ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ ਜਿਸ ਨਾਲ ਲੋਕਾਂ ਨੂੰ ਆਰਥਿਕ ਰਾਹਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਸਰਕਾਰੀ ਸੰਸਥਾਵਾਂ ਵਿੱਚ ਵਿਸ਼ਵਾਸ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲ ਆਫ ਐਮੀਨੈਂਸ ਵਿੱਚ ਬਹੁਤ ਸਾਰੇ ਬੱਚੇ ਪ੍ਰਾਈਵੇਟ ਸਕੂਲਾਂ ਵਿੱਚੋਂ ਹਟ ਕੇ ਆਏ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਸਰਕਾਰੀ ਸਕੂਲਾਂ ਦੇ 208 ਬੱਚਿਆਂ ਨੇ ਜੇ.ਈ.ਈ. ਐਡਵਾਂਸ ਦਾ ਔਖਾ ਇਮਤਿਹਾਨ ਪਾਸ ਕੀਤਾ ਹੈ ਅਤੇ 800 ਤੋਂ ਵੱਧ ਬੱਚੇ ਨੀਟ ਦਾ ਪੇਪਰ ਪਾਸ ਕਰਨ ਵਿੱਚ ਸਫਲ ਹੋਏ ਹਨ।

ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਨੂੰ ਅਨਮੋਲ ਜ਼ਿੰਦਗੀਆਂ ਬਚਾਉਣ ਵਾਲੀ ਫੋਰਸ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਫੋਰਸ ਦੇ ਬਣਨ ਨਾਲ ਸੈਂਕੜੇ ਜਾਨਾਂ ਬਚੀਆਂ ਹਨ। ਉਨ੍ਹਾਂ ਦੱਸਿਆ ਕਿ ਜਦੋਂ ਉਹ ਸੰਸਦ ਮੈਂਬਰ ਸਨ ਤਾਂ ਉਸ ਮੌਕੇ ਦੇ ਅੰਕੜਿਆਂ ਮੁਤਾਬਕ ਪੰਜਾਬ ਵਿੱਚ ਇਕ ਸਾਲ ਵਿੱਚ 5000 ਤੋਂ ਵੱਧ ਜਾਨਾਂ ਸੜਕ ਹਾਦਸਿਆਂ ਵਿੱਚ ਚਲੀਆਂ ਜਾਂਦੀਆਂ ਸਨ। ਉਨ੍ਹਾਂ ਕਿਹਾ ਕਿ ਐਸ.ਐਸ.ਐਫ. ਦੇ ਬਣਨ ਨਾਲ 48 ਫੀਸਦੀ ਦੀ ਕਮੀ ਆਈ ਹੈ ਜੋ ਦੂਜੇ ਸੂਬਿਆਂ ਲਈ ਵੀ ਮਿਸਾਲ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਫੋਰਸ ਵਿੱਚ ਵਿਸ਼ੇਸ਼ ਤੌਰ ’ਤੇ ਭਰਤੀ ਅਤੇ ਸਿਖਲਾਈ ਪ੍ਰਾਪਤ ਕਰਮਚਾਰੀ ਹਨ, ਜਿਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਹਨ ਅਤੇ ਇਹ ਫੋਰਸ 144 ਆਧੁਨਿਕ ਵਾਹਨਾਂ ਨਾਲ ਲੈਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫੋਰਸ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਹੀ ਹੈ ਅਤੇ ਕਈ ਰਾਜਾਂ ਤੇ ਇੱਥੋਂ ਤੱਕ ਕਿ ਭਾਰਤ ਸਰਕਾਰ ਨੇ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਸਮਾਗਮ ਵਿੱਚ ਹਾਜ਼ਰ ਵਿਸ਼ਵ ਸਿਹਤ ਸੰਗਠਨ ਦੀ ਟੀਮ ਨੂੰ ਸੂਬੇ ਦੇ ਆਮ ਆਦਮੀ ਕਲੀਨਿਕਾਂ ਅਤੇ ਸਿਹਤ ਸੰਸਥਾਵਾਂ ਦਾ ਦੌਰਾ ਕਰਕੇ ਆਪਣੇ ਵਡਮੁੱਲੇ ਤਜਰਬੇ ਸਾਂਝੇ ਕਰਨ ਦੀ ਅਪੀਲ ਵੀ ਕੀਤੀ।

ਇਸ ਮੌਕੇ ਮੁੱਖ ਮੰਤਰੀ ਨੇ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਡਾਕਟਰਾਂ ਨੂੰ ਵੀ ਸਨਮਾਨਿਤ ਕੀਤਾ।
ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਮੁੱਖ ਮੰਤਰੀ ਤੇ ਹੋਰ ਮਹਿਮਾਨਾਂ ਦਾ ਸਵਾਗਤ ਕਰਦਿਆਂ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕੀਤਾ।ਸਮਾਗਮ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਿਹਤ ਸਕੱਤਰ ਕੁਮਾਰ ਰਾਹੁਲ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button