
ਅੰਮ੍ਰਿਤਸਰ, 25 ਦਸੰਬਰ 2023 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਹੈ ਕਿ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਕਤਲ ਨੱਬੇਵਿਆਂ ਦੇ ਦਹਾਕੇ ਦੌਰਾਨ ਮੁੱਖ ਮੰਤਰੀ ਬੇਅੰਤ ਸਿੰਘ ਦੀ ਕਾਂਗਰਸ ਸਰਕਾਰ ਵਲੋਂ ਪੰਜਾਬ ਪੁਲਿਸ ਦੇ ਮੁਖੀ ਕੇ.ਪੀ.ਐੱਸ. ਗਿੱਲ ਰਾਹੀਂ ਹਜ਼ਾਰਾਂ ਸਿੱਖ ਨੌਜਵਾਨਾਂ ਦੀ ਕੀਤੀ ਨਸਲਕੁਸ਼ੀ ਦੀ ਇਕ ਬੇਹੱਦ ਘਿਨਾਉਣੀ ਮਿਸਾਲ ਹੈ, ਜੋ ਦੁਨੀਆ ਦੇ ਸਾਹਮਣੇ ਆਉਣੀ ਅਤੇ ਭਾਈ ਕਾਉਂਕੇ ਦੇ ਕਾਤਲਾਂ ਨੂੰ ਬੇਪਰਦ ਕਰਕੇ ਮਿਸਾਲੀ ਸਜ਼ਾਵਾਂ ਮਿਲਣੀਆਂ ਬੇਹੱਦ ਜ਼ਰੂਰੀ ਹਨ।
ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਤੋਂ ਜਾਰੀ ਕੀਤੇ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਲਗਪਗ 30 ਵਰ੍ਹੇ ਪਹਿਲਾਂ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਪੁਲਿਸ ਵਲੋਂ ਘਰੋਂ ਚੁੱਕ ਕੇ ਅਣਮਨੁੱਖੀ ਤਸ਼ੱਦਦ ਕਰਕੇ ਭੇਦਭਰੇ ਤਰੀਕੇ ਨਾਲ ਸ਼ਹੀਦ ਕਰਨ ਸਬੰਧੀ ਆਈ.ਪੀ.ਐੱਸ, ਬੀ.ਪੀ. ਤਿਵਾੜੀ ਦੀ ਰਿਪੋਰਟ ‘ਤੇ ਕਾਨੂੰਨੀ ਪੱਖਾਂ ਤੋਂ ਘੋਖ ਕਰਕੇ ਢੁੱਕਵੀਂ ਕਾਰਵਾਈ ਅਤੇ ਭਾਈ ਕਾਉਂਕੇ ਦੇ ਕਾਤਲਾਂ ਵਿਰੁੱਧ ਕਤਲ ਦਾ ਮੁਕੱਦਮਾ ਦਰਜ ਕਰਵਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਦੇ ਦਿੱਤਾ ਗਿਆ ਹੈ।
ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ 25 ਦਸੰਬਰ 1992 ਨੂੰ ਪੰਜਾਬ ਪੁਲਿਸ ਵਲੋਂ ਘਰੋਂ ਅਗਵਾ ਕਰਕੇ ਨਜਾਇਜ਼ ਹਿਰਾਸਤ ਵਿਚ ਰੱਖ ਕੇ ਅਣਮਨੁੱਖੀ ਤਸ਼ੱਦਦ ਕਰਨ ਤੋਂ ਬਾਅਦ ਪੁਲਿਸ ਹਿਰਾਸਤ ਵਿਚੋਂ ਭੱਜਣ ਦਾ ਝੂਠਾ ਮੁਕੱਦਮਾ ਦਰਜ ਕਰਕੇ ਭਗੌੜਾ ਕਰਾਰ ਦਿੱਤਾ ਗਿਆ ਸੀ। ਭਾਈ ਕਾਉਂਕੇ ਦੇ ਭੇਦਭਰੀ ਹਾਲਤ ਵਿਚ ਲਾਪਤਾ ਹੋਣ ਸਬੰਧੀ ਪੜਤਾਲ ਕੀਤੇ ਜਾਣ ਦੀ ਭਾਰੀ ਮੰਗ ‘ਤੇ 7 ਜੂਨ 1998 ਨੂੰ ਪੰਜਾਬ ਪੁਲਿਸ ਦੇ ਤਤਕਾਲੀ ਡਾਇਰੈਕਟਰ ਜਨਰਲ ਨੇ ਆਈ.ਪੀ.ਐੱਸ. ਬੀ.ਪੀ. ਤਿਵਾੜੀ, ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ, ਸੁਰੱਖਿਆ ਨੂੰ ਪੜਤਾਲ ਕਰਨ ਦੇ ਆਦੇਸ਼ ਦਿੱਤੇ ਸਨ। ਸ੍ਰੀ ਤਿਵਾੜੀ ਨੇ ਆਪਣੀ ਪੜਤਾਲ ਦੌਰਾਨ ਭਾਈ ਕਾਉਂਕੇ ਦੇ ਪੁਲਿਸ ਹਿਰਾਸਤ ਵਿਚੋਂ ਭੱਜਣ ਦੀ ਕਹਾਣੀ ਨੂੰ ਸਿਰੇ ਤੋਂ ਝੂਠੇ ਪਾਇਆ ਅਤੇ ਭਾਈ ਕਾਉਂਕੇ ਨੂੰ ਘਰੋਂ ਚੁੱਕ ਕੇ, ਨਜਾਇਜ਼ ਹਿਰਾਸਤ ਵਿਚ ਰੱਖ ਕੇ ਅਣਮਨੁੱਖੀ ਤਸ਼ੱਦਦ ਕਰਕੇ ਸ਼ਹੀਦ ਕਰਨ ਸਬੰਧੀ ਗਵਾਹਾਂ ਦੇ ਬਿਆਨ ਕਲਮਬੱਧ ਕੀਤੇ ਸਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਦਾ ਅਧਿਆਇ ਸ਼ਾਇਦ ਦੁਨੀਆ ਵਿਚ ਮਨੁੱਖੀ ਅਧਿਕਾਰਾਂ ਦੇ ਘਾਣ ਦੀ ਸਭ ਤੋਂ ਦਰਦਨਾਕ ਵਿਥਿਆ ਹੋਵੇਗੀ, ਜੋ ਇਕ ਲੋਕਰਾਜੀ ਪ੍ਰਣਾਲੀ ਲਈ ਬੇਹੱਦ ਸ਼ਰਮਨਾਕ ਹੈ। ਹਰ ਸਿੱਖ ਦੇ ਹਿਰਦੇ ਵਿਚ ਭਾਈ ਕਾਉਂਕੇ ਦੀ ਸ਼ਹਾਦਤ ਦਾ ਦਰਦ ਧੁਖ ਰਿਹਾ ਹੈ, ਜਿਸ ਕਰਕੇ ਉਨ੍ਹਾਂ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ ਤਾਂ ਜੋ ਸਿੱਖ ਹਿਰਦਿਆਂ ਨੂੰ ਰਾਹਤ ਮਹਿਸੂਸ ਹੋ ਸਕੇ। ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਸਾਰੇ ਮਨੁੱਖੀ ਅਧਿਕਾਰਾਂ ਦੇ ਕਾਰਕੁੰਨਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਬੇਹੱਦ ਮਿਹਨਤ ਦੇ ਨਾਲ ਭਾਈ ਕਾਉਂਕੇ ਦੇ ਕਤਲ ਦੀ ਤੱਥ-ਆਧਾਰਿਤ ਸੱਚਾਈ ਸਾਹਮਣੇ ਲਿਆਂਦੀ।
ਜ਼ਿਕਰਯੋਗ ਹੈ ਕਿ ਪੰਜਾਬ ਹਿਊਮਨ ਰਾਈਟ ਆਰਗਨਾਈਜੇਸ਼ਨ ਦੇ ਮੋਹਰੀ ਜਾਂਚਕਰਤਾ ਐਡਵੋਕੇਟ ਸਰਬਜੀਤ ਸਿੰਘ ਵੇਰਕਾ ਵੱਲੋਂ ਦੋ ਦਿਨ ਪਹਿਲਾਂ ਇੱਕ ਸੋਸ਼ਲ ਮੀਡੀਆ ਤੇ ਪੋਸਟ ਪਾਈ ਗਈ ਸੀ ਜਿਸ ਵਿੱਚ ਉਹਨਾਂ ਨੇ ਇਸ ਰਿਪੋਰਟ ਦੀ ਪੀਡੀਐਫ ਕਾਪੀ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਦੇਣ ਦੀ ਗੱਲ ਕਹੀ ਸੀ ਅਤੇ ਇਹ ਵੀ ਕਿਹਾ ਸੀ ਕਿ ਹੁਣ ਤੱਕ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਇਸ ਬਾਬਤ ਕੋਈ ਵੀ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਪਰ ਅੱਜ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਇਸ ਬਾਬਤ ਬਿਆਨ ਜਾਰੀ ਕਰਕੇ ਸ਼੍ਰੋਮਣੀ ਕਮੇਟੀ ਨੂੰ ਬੀਪੀ ਤਿਵਾੜੀ ਆਈਪੀਐਸ ਦੀ ਰਿਪੋਰਟ ਦੇ ਮੁਤਾਬਕ ਭਾਈ ਕਾਓਂਕੇ ਦੇ ਕਤਲ ਦਾ ਮਾਮਲਾ ਦਰਜ ਕਰਵਾ ਕੇ ਇਸ ਦੀ ਪੈਰਵਾਈ ਕਰਨ ਲਈ ਆਦੇਸ਼ ਜਾਰੀ ਕੀਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.