Press ReleasePunjabTop News

ਮੁੱਖ ਮੰਤਰੀ ਨੇ ਅਮਿਤ ਸਾਹ ਨਾਲ ਕੀਤੀ ਮੁਲਾਕਾਤ, ਬੇਅਦਬੀ ਦੇ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਖਤ ਸਜਾ ਦਿਵਾਉਣ ਲਈ ਭਾਰਤ ਸਰਕਾਰ ਤੋਂ ਦਖ਼ਲ ਦੀ ਕੀਤੀ ਮੰਗ

ਨਵੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਰਾਜ ਪੁਲਿਸ ਬਲ ਦੇ ਆਧੁਨਿਕੀਕਰਨ ਨੂੰ ਯਕੀਨੀ ਬਣਾਉਣ ਲਈ ਖੁੱਲ੍ਹਦਿਲੀਂ ਨਾਲ ਫੰਡਾਂ ਦੀ ਕੀਤੀ ਮੰਗ

ਨਵੀਂ ਦਿੱਲੀ, 9 ਦਸੰਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਨਾਲ ਮੁਲਾਕਾਤ ਕੀਤੀ ਅਤੇ ਬੇਅਦਬੀ ਦੇ ਘਿਨਾਉਣੇ ਅਪਰਾਧ ਦੇ ਦੋਸੀਆਂ ਨੂੰ ਸਖਤ ਸਜਾਵਾਂ ਦੇਣ ਵਾਲੇ ਰਾਜ ਦੇ ਦੋ ਮਹੱਤਵਪੂਰਨ ਬਕਾਇਆ ਬਿੱਲਾਂ ਲਈ ਰਾਸਟਰਪਤੀ ਦੀ ਮਨਜ਼ੂਰੀ ਲੈਣ ਵਾਸਤੇ ਭਾਰਤ ਸਰਕਾਰ ਦੇ ਦਖ਼ਲ ਦੀ ਮੰਗ ਕੀਤੀ।

ਇੱਥੇ ਅਮਿਤ ਸਾਹ ਨਾਲ ਉਨ੍ਹਾਂ ਦੇ ਦਫਤਰ ਵਿੱਚ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸੂਬੇ ਵਿੱਚ ਇਕ ਵੱਡੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਇਸ ਸੰਦਰਭ ਵਿੱਚ ਇਹ ਮਹਿਸੂਸ ਕੀਤਾ ਗਿਆ ਹੈ ਕਿ ਭਾਰਤੀ ਦੰਡ ਵਿਧਾਨ ਦੀਆਂ ਧਾਰਾਵਾਂ 295 ਅਤੇ 295-ਏ ਦੀਆਂ ਮੌਜੂਦਾ ਵਿਵਸਥਾਵਾਂ ਅਨੁਸਾਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਲਈ ਸਜਾ ਦੀ ਮਿਆਦ ਨਾਕਾਫ਼ੀ ਹੈ। ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਪੰਜਾਬ ਵਿਧਾਨ ਸਭਾ ਨੇ ‘ਇੰਡੀਅਨ ਪੀਨਲ ਕੋਡ (ਪੰਜਾਬ ਸੋਧ) ਬਿੱਲ, 2018’ ਅਤੇ ‘ਕੋਡ ਆਫ ਕਿ੍ਰਮੀਨਲ ਪ੍ਰੋਸੀਜਰ (ਪੰਜਾਬ ਸੋਧ) ਬਿੱਲ 2018’ ਪਾਸ ਕਰ ਦਿੱਤਾ ਹੈ, ਜਿਸ ਵਿੱਚ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀਮਦ ਭਾਗਵਤ ਗੀਤਾ, ਪਵਿੱਤਰ ਕੁਰਾਨ ਅਤੇ ਪਵਿੱਤਰ ਬਾਈਬਲ ਦੀ ਬੇਅਦਬੀ ਜਾਂ ਨੁਕਸਾਨ ਪਹੁੰਚਾਉਣ ਉਤੇ ਉਮਰ ਕੈਦ ਤੱਕ ਦੀ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸੋਧ ਸਾਡੇ ਸੰਵਿਧਾਨ ਵਿੱਚ ਦਰਜ ਧਰਮ ਨਿਰਪੱਖਤਾ ਦੇ ਸਿਧਾਂਤਾਂ ਦੇ ਅਨੁਸਾਰ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਅਕਤੂਬਰ, 2018 ਤੋਂ ਭਾਰਤ ਦੇ ਰਾਸਟਰਪਤੀ ਦੀ ਮਨਜ਼ੂਰੀ ਲਈ ਲੰਬਿਤ ਪਏ ਹਨ। ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਇਹ ਬਿੱਲ ਜ਼ਰੂਰੀ ਹੋਣ ਉਤੇ ਜੋਰ ਦਿੰਦੇ ਹੋਏ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੇ ਦਖ਼ਲ ਦੀ ਮੰਗ ਕੀਤੀ ਕਿਉਂਕਿ ਰਾਜ ਵਿੱਚ ਫਿਰਕੂ ਸਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਅਪਰਾਧੀਆਂ ਨੂੰ ਸਖਤ ਸਜਾਵਾਂ ਦੇਣ ਲਈ ਇਨ੍ਹਾਂ ਬਿੱਲਾਂ ਲਈ ਰਾਸਟਰਪਤੀ ਦੀ ਛੇਤੀ ਮਨਜ਼ੂਰੀ ਦੀ ਲੋੜ ਹੈ।

ਇਕ ਹੋਰ ਅਹਿਮ ਮੁੱਦਾ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਸਟਰੀ ਨਿਯਮਾਂ ਅਨੁਸਾਰ ਸਰਹੱਦ ਉਤੇ ਜੀਰੋ ਲਾਈਨ ਤੋਂ 150 ਮੀਟਰ ਤੱਕ ਉਸਾਰੀ ਕੀਤੀ ਜਾ ਸਕਦੀ ਹੈ ਪਰ ਪੰਜਾਬ ਵਿੱਚ ਕੁਝ ਥਾਵਾਂ ’ਤੇ ਕੰਡਿਆਲੀ ਤਾਰ ਜੀਰੋ ਲਾਈਨ ਤੋਂ ਕਾਫ਼ੀ ਦੂਰੀ ’ਤੇ ਭਾਰਤ ਵਾਲੇ ਪਾਸੇ ਹੈ। ਉਨ੍ਹਾਂ ਇੱਕ ਮਿਸਾਲ ਦਿੰਦਿਆਂ ਦੱਸਿਆ ਕਿ ਗੁਰਦਾਸਪੁਰ ਸੈਕਟਰ ਅਧੀਨ ਪੈਂਦੇ ਏ.ਓ.ਆਰ. 121 ਬਟਾਲੀਅਨ ਬੀ.ਐਸ.ਐਫ. ਮਾਧੋਪੁਰ ਵਿੱਚ ਬਾਰਡਰ ਪਿੱਲਰ ਨੰਬਰ 2/ਐਮ ਤੋਂ ਬਾਰਡਰ ਪਿੱਲਰ ਨੰਬਰ 10/12 ਤੱਕ ਦੇ ਖੇਤਰ ਵਿੱਚ ਕੰਡਿਆਲੀ ਤਾਰ ਅੰਤਰਰਾਸਟਰੀ ਸਰਹੱਦ ਤੋਂ ਕਰੀਬ ਚਾਰ ਕਿਲੋਮੀਟਰ ਦੂਰ ਹੈ। ਭਗਵੰਤ ਮਾਨ ਨੇ ਕਿਹਾ ਕਿ ਕਿਉਂਕਿ ਖੇਤੀ ਵਾਲੀ ਜਮੀਨ ਦਾ ਵੱਡਾ ਹਿੱਸਾ ਅੰਤਰਰਾਸਟਰੀ ਸਰਹੱਦ ਅਤੇ ਮੌਜੂਦਾ ਵਾੜ ਦੇ ਵਿਚਕਾਰ ਆਉਂਦਾ ਹੈ, ਇਸ ਲਈ ਬਹੁਤ ਸਾਰੇ ਕਿਸਾਨਾਂ ਨੂੰ ਇਸ ਜਮੀਨ ’ਤੇ ਖੇਤੀ ਕਰਨ ਲਈ ਕੰਡਿਆਲੀ ਤਾਰ ਤੋਂ ਪਾਰ ਜਾਣਾ ਪੈਂਦਾ ਹੈ, ਜਿਸ ਕਾਰਨ ਉਨ੍ਹਾਂ ਨੂੰ ਰੋਜਾਨਾ ਭਾਰੀ ਮੁਸਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਸੀਮਾ ਸੁਰੱਖਿਆ ਬਲ ਦੇ ਕੰਮ ਦਾ ਬੋਝ ਵੀ ਵਧਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਕਿਸਾਨਾਂ ਨੂੰ ਵੀ ਕਾਫ਼ੀ ਮੁਆਵਜਾ ਦੇਣਾ ਪੈਂਦਾ ਹੈ। ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੌਮੀ ਸੁਰੱਖਿਆ ਨਾਲ ਸਮਝੌਤਾ ਕੀਤੇ ਬਿਨਾਂ ਕਿਸਾਨਾਂ ਦੇ ਵਡੇਰੇ ਹਿੱਤ ਵਿੱਚ ਜਿੱਥੇ ਵੀ ਸੰਭਵ ਹੋਵੇ ਕੰਡਿਆਲੀ ਤਾਰ ਨੂੰ ਅੰਤਰਰਾਸਟਰੀ ਸਰਹੱਦ ਉਤੇ ਵੱਧ ਤੋਂ ਵੱਧ ਜ਼ੀਰੋ ਲਾਇਨ ਵੱਲ ਤਬਦੀਲ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ।

ਮੁੱਖ ਮੰਤਰੀ ਨੇ ਅਮਿਤ ਸਾਹ ਨੂੰ ਨਵੀਆਂ ਚੁਣੌਤੀਆਂ ਦਾ ਪ੍ਰਭਾਵਸਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਸੂਬਾਈ ਪੁਲਿਸ ਬਲ ਦੇ ਆਧੁਨਿਕੀਕਰਨ ਨੂੰ ਯਕੀਨੀ ਬਣਾਉਣ ਲਈ ਖੁੱਲ੍ਹਦਿਲੀਂ ਨਾਲ ਫੰਡ ਮੁਹੱਈਆ ਕਰਵਾਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਹੋ ਰਹੀ ਘੁਸਪੈਠ ਅਤੇ ਡਰੋਨ ਹਮਲਿਆਂ ਨੂੰ ਰੋਕਣ ਲਈ ਰਾਜ ਬਲ ਨੂੰ ਅਤਿ ਆਧੁਨਿਕ ਯੰਤਰ ਅਤੇ ਹਥਿਆਰ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਕਾਇਮ ਰੱਖਣ ਲਈ ਇਹ ਸਭ ਤੋਂ ਜ਼ਿਆਦਾ ਜ਼ਰੂਰੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button