Breaking NewsD5 specialNewsPress ReleasePunjabTop News

ਮੁੱਖ ਮੰਤਰੀ ਨੇ ਲੋਕ ਨਿਰਮਾਣ ਮਹਿਕਮੇ ਨੂੰ ਸੂਬੇ ਵਿੱਚ ਚੱਲ ਰਹੇ ਸਾਰੇ ਪ੍ਰਾਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ

ਸਾਰੇ ਕੰਮਾਂ ਨੂੰ ਸਮਾਂਬੱਧ ਤਰੀਕੇ ਨਾਲ ਨਿਬੇੜਨ ਦੇ ਦਿੱਤੇ ਨਿਰਦੇਸ਼

ਗੁਣਵੱਤਾ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਦੀ ਹਦਾਇਤ

ਸੂਬੇ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਨਿਰਮਾਣ ਵਿਭਾਗ (ਪੀ.ਡਲਬਯੂ.ਡੀ.) ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਚੱਲ ਰਹੇ ਸਾਰੇ ਪ੍ਰਾਜੈਕਟਾਂ ਨੂੰ ਜਲਦੀ ਨਿਬੇੜਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਹੋਰ ਪ੍ਰਾਜੈਕਟ ਸ਼ੁਰੂ ਕਰਨ ਲਈ ਆਖਿਆ। ਇੱਥੇ ਆਪਣੀ ਸਰਕਾਰੀ ਰਿਹਾਇਸ਼ ਉਤੇ ਵਿਭਾਗ ਦੇ ਕੰਮਾਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਾਰੇ ਪ੍ਰਵਾਨਤ ਤੇ ਮਨਜ਼ੂਰ ਕੰਮਾਂ ਨੂੰ ਸਮਾਂ-ਬੱਧ ਤਰੀਕੇ ਨਾਲ ਮੁਕੰਮਲ ਕਰਨ ਨੂੰ ਤਰਜੀਹ ਦੇਣ ਲਈ ਕਿਹਾ। ਉਨ੍ਹਾਂ ਪੀ.ਡਬਲਯੂ.ਡੀ. ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਕੰਮ ਦੀ ਗੁਣਵੱਤਾ ਲਈ ਇਨ੍ਹਾਂ ਪ੍ਰਾਜੈਕਟਾਂ ਦੀ ਹਰੇਕ ਪੜਾਅ ਉਤੇ ਢੁਕਵੀਂ ਜਾਂਚ ਯਕੀਨੀ ਬਣਾਈ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਵਿਭਾਗ ਨੂੰ ਆਗਾਮੀ ਪ੍ਰਾਜੈਕਟਾਂ ਦੇ ਨਿਰਮਾਣ, ਮੁਰੰਮਤ ਜਾਂ ਸਾਂਭ-ਸੰਭਾਲ ਦੌਰਾਨ ਗੁਣਵੱਤਾ ਯਕੀਨੀ ਬਣਾਉਣ ਲਈ ਤੈਅ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਆਦੇਸ਼ ਦਿੱਤਾ ਕਿ ਦਿੱਲੀ-ਅੰਮ੍ਰਿਤਸਰ-ਕੱਟੜਾ ਕੌਮੀ ਸ਼ਾਹਰਾਹ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਇਹ ਵੱਕਾਰੀ ਪ੍ਰਾਜੈਕਟ ਹੈ, ਜਿਸ ਦੇ ਮੁਕੰਮਲ ਹੋਣ ਨਾਲ ਦਿੱਲੀ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਤੱਕ ਖ਼ਾਸ ਤੌਰ ਉਤੇ ਮਾਤਾ ਵੈਸ਼ਨੋ ਦੇਵੀ ਧਾਮ ਜਾਣ ਵਾਲੇ ਸ਼ਰਧਾਲੂਆਂ ਦੇ ਸਮੇਂ, ਪੈਸੇ ਤੇ ਊਰਜਾ ਦੀ ਬਚਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ 254 ਕਿਲੋਮੀਟਰ ਲੰਮਾ ਇਹ ਸ਼ਾਹਰਾਹ 11,510 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ ਜਾ ਰਿਹਾ ਹੈ ਅਤੇ ਇਹ ਪੰਜਾਬ ਵਿੱਚ ਨੌਂ ਜ਼ਿਲ੍ਹਿਆਂ ਜਲੰਧਰ, ਸੰਗਰੂਰ, ਮਾਲੇਰਕੋਟਲਾ, ਪਟਿਆਲਾ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਤਰਨ ਤਾਰਨ ਤੇ ਗੁਰਦਾਸਪੁਰ ਵਿੱਚੋਂ ਲੰਘੇਗਾ।

ਹੋਰ ਮਸਲਿਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਭਾਗ ਆਮ ਆਦਮੀ ਕਲੀਨਿਕਾਂ ਦਾ ਤੈਅ ਸਮੇਂ ਵਿੱਚ ਨਿਰਮਾਣ ਕਾਰਜ ਮੁਕੰਮਲ ਕਰੇ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਆਗਾਮੀ ਸੁਤੰਤਰਤਾ ਦਿਵਸ ਮੌਕੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਹ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਨ ਲਈ ਇਕ ਪ੍ਰੇਰਕ ਵਜੋਂ ਕੰਮ ਕਰਨਗੇ। ਮੁੱਖ ਮੰਤਰੀ ਨੇ ਵਿਭਾਗ ਨੂੰ ਸੰਤ ਅੰਤਰ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼, ਸੰਗਰੂਰ ਦਾ ਨਿਰਮਾਣ ਛੇਤੀ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ 350 ਕਰੋੜ ਰੁਪਏ ਦੀ ਲਾਗਤ ਨਾਲ ਲੱਗਣ ਵਾਲਾ ਇਹ ਪ੍ਰਾਜੈਕਟ ਸੂਬੇ ਖ਼ਾਸ ਤੌਰ ਉਤੇ ਮਾਲਵਾ ਖਿੱਤੇ ਵਿੱਚ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਏਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਜੰਗੀ ਪੱਧਰ ਉਤੇ ਸ਼ੁਰੂ ਕਰਨਾ ਲਾਜ਼ਮੀ ਹੈ ਤਾਂ ਜੋ ਲੋਕਾਂ ਨੂੰ ਫੌਰੀ ਰਾਹਤ ਦਿੱਤੀ ਜਾਵੇ।

ਬਾਕੀ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹੋਰ ਵੱਖ-ਵੱਖ ਪ੍ਰਾਜੈਕਟਾਂ ਦਾ ਕੰਮ ਛੇਤੀ ਮੁਕੰਮਲ ਕਰਨ ਲਈ ਆਖਿਆ। ਇਨ੍ਹਾਂ ਪ੍ਰਾਜੈਕਟਾਂ ਵਿਚ ਸ੍ਰੀ ਗੁਰੂ ਤੇਗ ਬਹਾਦਰ ਲਾਅ ਯੂਨੀਵਰਸਿਟੀ, ਕੈਰੋਂ (ਤਰਨ ਤਾਰਨ), ਸ੍ਰੀ ਗੁਰੂ ਰਵਿਦਾਸ ਮੈਮੋਰੀਅਲ ਖੁਰਾਲਗੜ੍ਹ, ਗੜ੍ਹਸ਼ੰਕਰ (ਹੁਸ਼ਿਆਰਪੁਰ), ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ, ਪਟਿਆਲਾ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਕਿੱਲ ਇੰਸਟੀਚਿਊਟ, ਸ੍ਰੀ ਚਮਕੌਰ ਸਾਹਿਬ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿੱਚ ਇੰਟਰਫੇਥ ਸਟੱਡੀਜ਼ ਸੈਂਟਰ ਅਤੇ ਪਟਿਆਲਾ ਵਿਖੇ ਬੱਸਾਂ ਦੇ ਦਾਖਲੇ ਲਈ ਨਵਾਂ ਬੱਸ ਸਟੈਂਡ ਅਤੇ ਫਲਾਈਓਵਰ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ `ਤੇ ਕੰਮ ਵੱਡੇ ਪੱਧਰ `ਤੇ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਰਹਿੰਦੇ ਕੰਮ ਵੀ ਜਲਦੀ ਮੁਕੰਮਲ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਯੋਜਨਾਬੱਧ ਸੜਕਾਂ, ਲਿੰਕ ਸੜਕਾਂ ਅਤੇ ਹੋਰ ਸੜਕਾਂ ਦੇ ਨੈੱਟਵਰਕ ਨੂੰ ਹੋਰ ਮਜ਼ਬੂਤ ਅਤੇ ਚੌੜਾ ਕਰਨ ਦੀ ਲੋੜ `ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਮਾਰਤੀ ਅਤੇ ਸੜਕੀ ਪ੍ਰਾਜੈਕਟਾਂ ਵਿੱਚ ਕਾਰਗੁਜ਼ਾਰੀ ਉਤੇ ਆਧਾਰਤ ਇਕਰਾਰਨਾਮੇ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ਅਤੇ ਨਾਲ ਹੀ ਸਾਰੀਆਂ ਸਰਕਾਰੀ ਜਾਇਦਾਦਾਂ ਦੀ ਸਾਂਭ-ਸੰਭਾਲ ਲਈ ਨਿਯਮਤ ਵਿਵਸਥਾ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਭਗਵੰਤ ਮਾਨ ਨੇ ਸਰਕਾਰੀ ਸੰਪਤੀਆਂ (ਸੜਕਾਂ, ਪੁਲਾਂ ਅਤੇ ਇਮਾਰਤਾਂ) ਦੀ ਆਨਲਾਈਨ ਵਿਵਸਥਾ ਉਤੇ ਜ਼ੋਰ ਦਿੱਤਾ ਤਾਂ ਕਿ ਉਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਅਤੇ ਨਿਗਰਾਨੀ ਕੀਤੀ ਜਾ ਸਕੇ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸਾਰੀਆਂ ਲਿੰਕ ਸੜਕਾਂ ਨੂੰ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ (ਪੀ.ਐੱਮ.ਜੀ.ਐੱਸ.ਵਾਈ.) ਦੀਆਂ ਵਿਸ਼ੇਸ਼ਤਾਵਾਂ ਅਤੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਸੜਕਾਂ ਦੀ ਪੰਜ ਸਾਲਾਂ ਦੀ ਮਿਆਦ ਕਾਇਮ ਰੱਖੀ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਵਿਭਾਗ ਵਿੱਚ ਕੰਮ ਕਰ ਰਹੇ ਇੰਜਨੀਅਰਾਂ ਨੂੰ ਉਨ੍ਹਾਂ ਦੀ ਮੁਹਾਰਤ ਹੋਰ ਨਿਖਾਰਨ ਲਈ ਸਿਖਲਾਈ ਅਤੇ ਰਿਫਰੈਸ਼ਰ ਕੋਰਸਾਂ ਨੂੰ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਸੂਬੇ ਦੇ ਇੰਜਨੀਅਰਿੰਗ ਵਿਭਾਗਾਂ ਲਈ ਆਨਲਾਈਨ ਕੇਂਦਰੀ ਗਿਆਨ ਦੀ ਵਿਵਸਥਾ ਦੀ ਲੋੜ `ਤੇ ਵੀ ਜ਼ੋਰ ਦਿੱਤਾ।

ਇਸ ਦੌਰਾਨ ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੇ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਤੇਜ਼ ਸਪੀਡ ਵਾਲੇ ਆਰਥਿਕ ਲਾਂਘਿਆਂ ਦੇ ਨਿਰਮਾਣ ਲਈ ਸੂਬਾ ਸਰਕਾਰ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨਾਲ ਮਿਲ ਕੇ ਐਕਸਪ੍ਰੈਸਵੇਅ, ਗ੍ਰੀਨਫੀਲਡ ਕੋਰੀਡੋਰਾਂ ਅਤੇ ਬਾਈਪਾਸ ਅਤੇ ਇਨ੍ਹਾਂ ਪ੍ਰਾਜੈਕਟਾਂ ਨੂੰ ਫਾਸਟ-ਟਰੈਕ `ਤੇ ਰੱਖਿਆ ਗਿਆ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਇਹ ਵੀ ਦੱਸਿਆ ਕਿ ਸਖ਼ਤ ਗੁਣਵੱਤਾ ਕੰਟਰੋਲ ਲਈ ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਬਠਿੰਡਾ ਵਿਖੇ ਤਿੰਨ ਵਾਧੂ ਖੇਤਰੀ ਪ੍ਰਯੋਗਸ਼ਾਲਾਵਾਂ ਦੀ ਤਜਵੀਜ਼ ਹੈ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਕਲਾਸ-1, ਕਲਾਸ-2, ਕਲਾਸ-3 ਅਤੇ ਕਲਾਸ-4 ਲਈ ਠੇਕੇਦਾਰਾਂ ਦੀ ਭਰਤੀ ਲਈ ਆਨਲਾਈਨ ਪ੍ਰਣਾਲੀ ਵੀ ਪ੍ਰਕਿਰਿਆ ਅਧੀਨ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button