Breaking NewsD5 specialInternationalNewsPoliticsPress ReleasePunjabTop News

ਮੁੱਖ ਮੰਤਰੀ ਵੱਲੋਂ ਕਾਬੁਲ ਵਿਖੇ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿਖੇਧੀ

ਹਮਲੇ ਨੂੰ ਅੱਤਵਾਦੀਆਂ ਦੀ ਵਹਿਸੀ ਅਤੇ ਕਾਇਰਤਾ ਭਰੀ ਕਾਰਵਾਈ ਦੱਸਿਆ- ਸੀਐਮ

ਕਾਬੁਲ ਵਿੱਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਬੁਲ ਦੇ ਗੁਰਦੁਆਰਾ ਸਾਹਿਬ ’ਤੇ ਅਤਿਵਾਦੀਆਂ ਵੱਲੋਂ ਕੀਤੇ ਗਏ ਵਹਿਸੀ ਅਤੇ ਘਿਨਾਉਣੇ ਹਮਲੇ ਦੀ ਨਿਖੇਧੀ ਕੀਤੀ ਹੈ। ਮੁੱਖ ਮੰਤਰੀ ਨੇ ਸਨਿੱਚਰਵਾਰ ਨੂੰ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ, “ਇਹ ਇੱਕ ਅਣਮਨੁੱਖੀ ਕਾਰਵਾਈ ਹੈ ਅਤੇ ਮੈਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਾਬੁਲ ਵਿੱਚ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕਰਦਾ ਹਾਂ।”

 ਮੁੱਖ ਮੰਤਰੀ ਨੇ ਕਿਹਾ ਕਿ ‘ਕਰਤੇ ਪਰਵਾਨ’ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ’ਤੇ ਹਮਲਾ ਦਹਿਸਤਗਰਦਾਂ ਦੀ ਸਰਮਨਾਕ ਅਤੇ ਕਾਇਰਤਾ ਭਰੀ ਕਾਰਵਾਈ ਹੈ, ਜਿਨਾਂ ਪਵਿੱਤਰ ਗੁਰਦੁਆਰਾ ਸਾਹਿਬ ਵਿਖੇ ਬੇਦੋਸ਼ੇ ਸਿੱਖਾਂ ਨੂੰ ਨਿਸਾਨਾ ਬਣਾਇਆ ਹੈ। ਉਨਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਮੁੱਦੇ ਨੂੰ ਅਫਗਾਨਿਸਤਾਨ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਥੇ ਰਹਿੰਦੇ ਸਿੱਖਾਂ ਨੂੰ ਕੋਈ ਨੁਕਸਾਨ ਨਾ ਪਹੁੰਚੇ।

ਭਗਵੰਤ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਗੁਰਦੁਆਰਾ ਸਾਹਿਬਾਨ ਵਿੱਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਪ੍ਰਧਾਨ ਮੰਤਰੀ ਨੂੰ ਨਿਰਣਾਇਕ ਅਤੇ ਤੇਜ਼ੀ ਨਾਲ ਕਦਮ ਚੁੱਕਣ ਦੀ ਲੋੜ ਹੈ। ਉਨਾਂ ਅਫਸੋਸ ਪ੍ਰਗਟ ਕੀਤਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅੱਤਵਾਦੀਆਂ ਨੇ ਧਾਰਮਿਕ ਅਸਥਾਨਾਂ ਨੂੰ ਵੀ ਅਜਿਹੀਆਂ ਵਹਿਸੀਆਨਾ ਕਾਰਵਾਈਆਂ ਕਰਨ ਲਈ ਨਹੀਂ ਬਖਸ਼ਿਆ।

ਭਗਵੰਤ ਮਾਨ ਨੇ ਕਿਹਾ ਕਿ ਇਸ ਘਟਨਾ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਅੱਤਵਾਦੀਆਂ ਦਾ ਕੋਈ ਧਰਮ ਨਹੀਂ ਹੁੰਦਾ ਅਤੇ ਉਨਾਂ ਦਾ ਇੱਕੋ-ਇੱਕ ਮਕਸਦ ਲੋਕਾਂ ਵਿੱਚ ਦਹਿਸਤ ਫੈਲਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਜਿੱਥੇ ਸਮੁੱਚੀ ਮਾਨਵਤਾ ਦੀ ਭਲਾਈ ਲਈ ਰੋਜਾਨਾ ਅਰਦਾਸ ਕੀਤੀ ਜਾਂਦੀ ਹੈ, ’ਤੇ ਹਮਲਾ ਕਰਨਾ ਕਲਪਨਾ ਤੋਂ ਪਰੇ ਹੈ। ਉਨਾਂ ਦੁਹਰਾਇਆ ਕਿ ਇਹ ਇੱਕ ਘਿਣਾਉਣੀ ਕਾਰਵਾਈ ਹੈ, ਜਿਸ ਦੀ ਸਾਰਿਆਂ ਨੂੰ ਨਿੰਦਾ ਕਰਨੀ ਚਾਹੀਦੀ ਹੈ।

ਭਗਵੰਤ ਮਾਨ ਨੇ ਪੰਜਾਬੀਆਂ ਨੂੰ ਕਾਬੁਲ ਵਿੱਚ ਵੱਸਦੇ ਸਮੂਹ ਸਿੱਖਾਂ ਦੀ ਚੜਦੀ ਕਲਾ ਲਈ ਅਰਦਾਸ ਕਰਨ ਦੀ ਅਪੀਲ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button