NewsPress ReleasePunjabTop News

ਮੁੱਖ ਸਕੱਤਰ ਨੇ ਐਕਸਪ੍ਰੈਸ ਵੇਅ ਲਈ ਜ਼ਮੀਨ ਐਕਵਾਇਰ ਪ੍ਰਕਿਰਿਆ ਤੁਰੰਤ ਮੁਕੰਮਲ ਕਰਨ ਦੇ ਦਿੱਤੇ ਆਦੇਸ਼

ਕਿਸਾਨਾਂ ਨੂੰ ਮਿਲੇਗਾ 15 ਹਜ਼ਾਰ ਕਰੋੜ ਰੁਪਏ ਦਾ ਮੁਆਵਜ਼ਾ, ਸੂਬੇ ਵਿੱਚ 40 ਹਜ਼ਾਰ ਕਰੋੜ ਰੁਪਏ ਦੀਆਂ ਸੜਕਾਂ ਦੀ ਹੋਵੇਗੀ ਉਸਾਰੀ: ਜੰਜੂਆ

ਸਮੂਹ ਡੀਸੀਜ਼ ਨਾਲ ਕੌਮੀ ਹਾਈਵੇਜ਼ ਅਥਾਰਟੀ ਦੇ ਪ੍ਰਾਜੈਕਟਾਂ ਦੀ ਕੀਤੀ ਸਮੀਖਿਆ
ਚੰਡੀਗੜ੍ਹ: ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਸੂਬੇ ਵਿੱਚ ਕੌਮੀ ਹਾਈਵੇਜ਼ ਅਥਾਰਟੀ (ਐਨ.ਐਚ.ਏ.ਆਈ.) ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਜ਼ਮੀਨ ਐਕਵਾਇਰ ਦੀ ਪ੍ਰਕਿਰਿਆ ਤੁਰੰਤ ਮੁਕੰਮਲ ਕੀਤੀ ਜਾਵੇ ਤਾਂ ਜੋ ਤੈਅ ਸਮੇਂ ਅੰਦਰ ਐਕਸਪ੍ਰੈਸ ਵੇਅਜ਼ ਦੀ ਉਸਾਰੀ ਹੋ ਸਕੇ। ਅੱਜ ਇਥੇ ਐਨ.ਐਚ.ਏ.ਆਈ. ਦੇ ਚੇਅਰਮੈਨ ਦੇ ਨਾਲ ਉਚ ਅਧਿਕਾਰੀਆਂ ਅਤੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਸ੍ਰੀ ਜੰਜੂਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਕੌਮੀ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਵਚਨਬੱਧਤਾ ਤਹਿਤ ਜ਼ਿਲਾ ਪ੍ਰਸ਼ਾਸਨ ਇਸ ਨੂੰ ਪ੍ਰਮੁੱਖਤਾ ਦਿੰਦੇ ਹੋਏ ਲੋੜੀਂਦੀ ਕਾਰਵਾਈ ਤੁਰੰਤ ਪੂਰੀ ਕਰਨ ਅਤੇ ਇਸ ਮਾਮਲੇ ਵਿੱਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮੁੱਖ ਸਕੱਤਰ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਮੁਆਵਜ਼ੇ ਦੇ ਰੂਪ ਵਿੱਚ 15 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਮਿਲਣੀ ਹੈ ਅਤੇ 40 ਹਜ਼ਾਰ ਕਰੋੜ ਰੁਪਏ ਦੀ ਲਾਗਤ ਦੀਆਂ ਸੜਕਾਂ ਦੀ ਉਸਾਰੀ ਹੋਣੀ ਹੈ। ਇਹ ਨਵੇਂ ਐਕਸਪ੍ਰੈਸ ਵੇਅ ਬਣਨ ਨਾਲ ਸੂਬੇ ਵਿੱਚ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ ਅਤੇ ਨਿਵੇਸ਼ਕਾਂ ਨੂੰ ਵੱਡਾ ਹੁਲਾਰਾ ਮਿਲੇਗਾ। ਸੂਬੇ ਵਿੱਚ 15 ਗ੍ਰੀਨਫੀਲਡ ਐਕਸਪ੍ਰੈਸ ਵੇਅ ਬਣ ਰਹੇ ਹਨ ਜਿਨ੍ਹਾਂ ਦੀ ਲੰਬਾਈ 1173 ਕਿਲੋਮੀਟਰ ਹੈ ਅਤੇ 9 ਬਰਾਊਨਫੀਲਡ ਐਕਸਪ੍ਰੈਸ 436 ਕਿਲੋਮੀਟਰ ਦੀ ਲੰਬਾਈ ਦੇ ਬਣ ਰਹੇ ਹਨ। ਇਨ੍ਹਾਂ ਵਿੱਚ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਵੇਅ, ਅੰਮ੍ਰਿਤਸਰ-ਬਠਿੰਡਾ, ਲੁਧਿਆਣਾ-ਬਠਿੰਡਾ, ਮੁਹਾਲੀ-ਬਠਿੰਡਾ ਅਤੇ ਲੁਧਿਆਣਾ-ਰੋਪੜ, ਜਲੰਧਰ ਬਾਈਪਾਸ, ਅੰਮ੍ਰਿਤਸਰ ਬਾਈਪਾਸ, ਮੁਹਾਲੀ ਬਾਈਪਾਸ ਤੇ ਲੁਧਿਆਣਾ ਬਾਈਪਾਸ ਪ੍ਰਮੁੱਖ ਹਨ।
ਮੀਟਿੰਗ ਵਿੱਚ ਮੁੱਖ ਸਕੱਤਰ ਨੇ ਸਬੰਧਤ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਗੱਲ ਕਰਦਿਆਂ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਂਦਿਆ ਲੋੜੀਂਦਾ ਮੁਸ਼ਕਲਾਂ ਦੇ ਹੱਲ ਲਈ ਮੌਕੇ ਉਤੇ ਹੀ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਹਾਸਲ ਕਰਨ ਵਿੱਚ ਕੋਈ ਦਿੱਕਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਅਗਲੀ ਸਮੀਖਿਆ ਮੀਟਿੰਗ ਦੌਰਾਨ ਰਹਿੰਦੇ ਕੰਮ ਮੁਕੰਮਲ ਹੋ ਜਾਣੇ ਚਾਹੀਦੇ ਹਨ।
ਮੀਟਿੰਗ ਵਿੱਚ ਵੀਡਿਓ ਕਾਨਫਰੰਸਿਗ ਰਾਹੀਂ ਜੁੜੇ ਐਨ.ਐਚ.ਏ.ਆਈ. ਦੇ ਚੇਅਰਮੈਨ ਅਲਕਾ ਉਪਾਧਿਆਏ ਨੇ ਅਥਾਰਟੀ ਨਾਲ ਸਬੰਧਤ ਮਾਮਲੇ ਵਿਚਾਰੇ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਜੰਗਲਾਤ ਤੇ ਜੰਗਲੀ ਜੀਵ ਰਾਜੀ ਪੀ ਸ੍ਰੀਵਾਸਤਵਾ, ਪ੍ਰਮੁੱਖ ਸਕੱਤਰ ਗ੍ਰਹਿ ਤੇ ਲੋਕ ਨਿਰਮਾਣ ਵਿਭਾਗ ਅਨੁਰਾਗ ਵਰਮਾ, ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ, ਸਕੱਤਰ ਲੋਕ ਨਿਰਮਾਣ ਵਿਭਾਗ ਮਾਲਵਿੰਦਰ ਸਿੰਘ ਜੱਗੀ, ਡਿਵੀਜ਼ਨ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਵੀ ਹਾਜ਼ਰ ਸਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button