Press ReleasePunjabTop News

ਯਾਦਗਾਰੀ ਹੋ ਨਿਬੜਿਆ ਪੰਜਾਬ ਸਰਕਾਰ ਵੱਲੋਂ ‘ਧੀਆਂ ਦੀ ਲੋਹੜੀ’ ਨੂੰ ਸਮਰਪਿਤ ਕੀਤਾ ਹਫ਼ਤਾ

ਰਾਜ ਪੱਧਰੀ ਸਮਾਪਤੀ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਡਾ. ਗੁਰਪ੍ਰੀਤ ਕੌਰ, ਵਿਧਾਇਕ ਨਰਿੰਦਰ ਕੌਰ ਭਰਾਜ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੇ ਧੀਆਂ ਦੇ ਮਾਪਿਆਂ ਨਾਲ ਮਨਾਈ ਲੋਹੜੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਔਰਤਾਂ ਦੇ ਹੱਕਾਂ ਦੀ ਰਾਖੀ ਲਈ ਡੱਟ ਕੇ ਖੜ੍ਹੀ ਹੈ: ਡਾ. ਬਲਜੀਤ ਕੌਰ

ਭਲਵਾਨ/ਸੰਗਰੂਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਸੰਗਰੂਰ ਜ਼ਿਲੇ ਦੇ ਪਿੰਡ ਭਲਵਾਨ ਵਿਖੇ ‘ਧੀਆਂ ਦੀ ਲੋਹੜੀ’ ਨੂੰ ਸਮਰਪਿਤ ਹਫ਼ਤੇ ਦੇ ਸਮਾਪਤੀ ਸਮਾਰੋਹ ਨੂੰ ਮੁੱਖ ਰੱਖਦਿਆਂ ਰਾਜ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ’ਚ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ, ਮੁੱਖ ਮੰਤਰੀ ਭਗਵੰਤ ਮਾਨ ਦੇ ਧਰਮਪਤਨੀ ਡਾ. ਗੁਰਪ੍ਰੀਤ ਕੌਰ ਅਤੇ ਵਿਧਾਇਕ ਸੰਗਰੂਰ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਨਵਜੰਮੀਆਂ ਧੀਆਂ ਅਤੇ ਸਿੱਖਿਆ ਤੇ ਖੇਡਾਂ ਦੇ ਖੇਤਰ ’ਚ ਮੱਲਾਂ ਮਾਰਨ ਵਾਲੀਆਂ ਲੜਕੀਆਂ ਨੂੰ ਸਨਮਾਨਤ ਕੀਤਾ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਹਰ ਖੇਤਰ ’ਚ ਮੋਹਰੀ ਬਣ ਕੇ ਉੱਭਰ ਰਹੀਆਂ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਔਰਤਾਂ ਦੇ ਹੱਕਾਂ ਦੀ ਰਾਖੀ ਲਈ ਡੱਟ ਕੇ ਖੜੀ ਹੈ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਾਂਹਵਧੂ ਸੋਚ ਅਨੁਸਾਰ ਪੰਜਾਬ ਦੀਆਂ ਧੀਆਂ ਨੂੰ ਹਰ ਖੇਤਰ ਵਿੱਚ ਅੱਗੇ ਲੈ ਕੇ ਆਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਦੀ ਸ਼ਾਨਦਾਰ ਸ਼ੁਰੂਆਤ ‘ਧੀਆਂ ਦੀ ਲੋਹੜੀ’ ਮਨਾ ਕੇ ਕੀਤੀ ਗਈ ਹੈ। ਉਨਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਰਕਾਰਾਂ ਦੀ ਅਣਗਹਿਲੀ ਕਾਰਨ ਰਾਜ ਵਿੱਚ ਲਿੰਗ ਅਨੁਪਾਤ ਦਰ ਬਹੁਤ ਹੇਠਾਂ ਸੀ ਜਿਸਨੂੰ ਉੱਚਾ ਚੁੱਕਣ ਲਈ ਕੋਸ਼ਿਸ਼ਾਂ ਗੰਭੀਰਤਾ ਨਾਲ ਕੀਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਆਮ ਤੌਰ ’ਤੇ ਧੀਆਂ ਦੇ ਜਨਮ ’ਤੇ ਸਮਾਜ ਵੱਲੋਂ ਖ਼ੁਸ਼ੀ ਨਹੀਂ ਮਨਾਈ ਜਾਂਦੀ ਜਿਸ ਮਾੜੀ ਪ੍ਰਥਾ ਨੂੰ ਬਦਲਣ ਲਈ ਹੀ ਪੰਜਾਬ ਸਰਕਾਰ ਵੱਲੋਂ ‘ਧੀਆਂ ਦੀ ਲੋਹੜੀ’ ਮਨਾਉਣ ਦੀ ਪਿਰਤ ਪਾਈ ਜਾ ਰਹੀ ਹੈ। ਉਨਾਂ ਕਿਹਾ ਕਿ ਸਦੀਆਂ ਤੋਂ ਲੈ ਕੇ ਹੁਣ ਤੱਕ ਔਰਤਾਂ ਨੇ ਸਮਾਜ ਦੀ ਤਰੱਕੀ ’ਚ ਆਪਣਾ ਵਿਲੱਖਣ ਯੋਗਦਾਨ ਪਾਇਆ ਹੈ ਅਤੇ ਹਰ ਖੇਤਰ ਵਿੱਚ ਨਾਮ ਰੌਸ਼ਨ ਕੀਤਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸ਼ਾਨਾ ਮੱਤੇ ਇਤਿਹਾਸ ਵਾਲੇ ਸੂਬੇ ਲਈ ਇਹ ਬੜੇ ਚਿੰਤਨ ਦੀ ਗੱਲ ਹੈ ਕਿ ਇੱਥੇ ਭਰੂਣ ਹੱਤਿਆ ਵਰਗੀਆਂ ਦੁਖਾਂਤਕ ਘਟਨਾਵਾਂ ਹੋਈਆਂ ਤੇ ਇਸ ਮਾੜੀ ਸੋਚ ਨੂੰ ਮੁਕੰਮਲ ਤੌਰ ’ਤੇ ਖਤਮ ਕਰਨ ਲਈ ਹੀ ਪੰਜਾਬ ਸਰਕਾਰ ਵੱਲੋਂ ਧੀਆਂ ਦੀ ਲੋਹੜੀ ਹਫ਼ਤੇ ਮਨਾਉਣ ਦਾ ਇਹ ਉਪਰਾਲਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਭਰੂਣ ਹੱਤਿਆ ਦੇ ਨਾਂ ’ਤੇ ਜੋ ਧੱਬਾ ਪੰਜਾਬ ਦੇ ਮੱਥੇ ਲੱਗਿਆ ਹੈ ਉਸਨੂੰ ਧੋਣ ਲਈ ਸੂਬਾ ਸਰਕਾਰ ਵੱਲੋਂ ਧੀਆਂ ਦੀ ਆਮਦ ਹੀ ਨਹੀਂ ਸਗੋਂ ਜੀਵਨ ਦੇ ਹਰ ਪੜਾਅ ਨੂੰ ਖੁਸ਼ਹਾਲ ਤਰੀਕੇ ਨਾਲ ਮਨਾਇਆ ਜਾਵੇਗਾ। ਇਸ ਮੌਕੇ ਸੰਗਰੂਰ ਤੋਂ ਵਿਧਾਇਕ  ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਧਾਈ ਦੇ ਪਾਤਰ ਹਨ ਜਿਨਾਂ ਵੱਲੋਂ ਧੀਆਂ ਦੀ ਅਹਿਮੀਅਤ ਨੂੰ ਸਮਾਜ ਦੇ ਅੱਗੇ ਰੱਖਣ ਲਈ ਅਜਿਹਾ ਵੱਡਾ ਉਪਰਾਲਾ ਕੀਤਾ ਗਿਆ। ਉਨਾਂ ਕਿਹਾ ਕਿ ਇਸੇ ਤਰਾਂ ਜੇਕਰ ਧੀਆਂ ਨੂੰ ਘਰਾਂ ’ਚ ਖੁੱਲਾ ਤੇ ਉਸਾਰੂ ਮਾਹੌਲ ਮਿਲੇ ਤਾਂ ਉਹ ਹਰ ਖੇਤਰ ’ਚ ਆਪਣੇ ਹੁਨਰ ਦਾ ਲੋਹਾ ਮਨਵਾ ਸਕਦੀਆਂ ਹਨ।

ਸਮਾਗਮ ਦੌਰਾਨ ਲੋਕ ਕਲਾ ਮੰਚ ਜ਼ੀਰਾ ਦੀ ਟੀਮ ਵੱਲੋਂ ਮਾਦਾ ਭਰੂਣ ਹੱਤਿਆ ਨੂੰ ਰੋਕਣ ਲਈ ’ ਮੈਨੂੰ ਕੁੱਖ ਵਿੱਚ ਨਾ ਮਾਰੋ ’ ਨਾਂ ਹੇਠ ਨਾਟਕ ਦਾ ਮੰਚਨ ਕੀਤਾ ਗਿਆ। ਇਸ ਤੋਂ ਇਲਾਵਾ ਆਦਰਸ਼ ਸਕੂਲ ਦੀਆਂ ਵਿਦਿਆਰਥਣਾਂ ਨੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਮੁੱਖ ਸਖਸ਼ੀਅਤਾਂ ਵੱਲੋ ਇਸ ਮੌਕੇ 51 ਨਵ ਜੰਮੀਆਂ ਧੀਆਂ ਦੇ ਮਾਪਿਆਂ ਨੂੰ ਸਨਮਾਨ ਪੱਤਰ ਅਤੇ ਵਿਸ਼ੇਸ਼ ਕਿੱਟਾਂ ਨਾਲ ਸਨਮਾਨਿਤ ਕੀਤਾ ਗਿਆ ਅਤੇ 11 ਸਵੈ ਸਹਾਇਤਾ ਸਮੂਹਾਂ ਦੀਆਂ ਔਰਤਾਂ ਅਤੇ 20 ਮੈਰੀਟੋਰੀਅਸ ਵਿਦਿਆਰਥਣਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਐਸ.ਐਸ.ਪੀ. ਸੁਰੇਂਦਰ ਲਾਂਬਾ, ਮੁੱਖ ਮੰਤਰੀ ਦੇ ਓ.ਐਸ.ਡੀ. ਉਂਕਾਰ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਗਊ ਸੇਵਾ ਕਮਿਸ਼ਨ ਅਸ਼ੋਕ ਕੁਮਾਰ ਸਿੰਗਲਾ, ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ (ਯੂ.ਟੀ) ਨਿਤੇਸ਼ ਜੈਨ, ਐਸ.ਡੀ.ਐਮ. ਧੂਰੀ ਅਮਿਤ ਗੁਪਤਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਵਨੀਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ ਅਤੇ ਵੱਡੀ ਗਿਣਤੀ ‘ਚ ਹੋਰ ਪਤਵੰਤੇ ਤੇ ਇਲਾਕਾ ਨਿਵਾਸੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button