Press ReleasePunjabTop News
ਰਮਨ ਬਹਿਲ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ‘ਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਨਵੀਂ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ: ਰਮਨ ਬਹਿਲ

ਚੰਡੀਗੜ੍ਹ: ਸ੍ਰੀ ਰਮਨ ਬਹਿਲ ਨੇ ਮੰਗਲਵਾਰ ਨੂੰ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ, ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾ ਮਾਜਰਾ, ਸਥਾਨਕ ਸਰਕਾਰਾਂ ਮੰਤਰੀ ਸ. ਇੰਦਰਬੀਰ ਸਿੰਘ ਨਿੱਜਰ ਅਤੇ ਖੁਰਾਕ ਤੇ ਸਪਲਾਈ ਅਤੇ ਜੰਗਲਾਤ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਹਾਜ਼ਰੀ ‘ਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ਼ ਲਿਆ।
ਸ੍ਰੀ ਬਹਿਲ ਨੇ ਅੱਜ ਆਪਣਾ ਅਹੁਦਾ ਸੰਭਾਲ਼ਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਸਮੇਤ ਆਮ ਆਦਮੀ ਪਾਰਟੀ ਦੀ ਸਮੁੱਚੀ ਕੇਂਦਰੀ ਅਤੇ ਪੰਜਾਬ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜਿਸ ਭਰੋਸੇ ਨਾਲ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਸ੍ਰੀ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਦੀ ਦਿਸ਼ਾ ‘ਚ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ 100 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਸੂਬੇ ਦੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਕੰਮ ਕਰਨਗੇ।
ਵਰਣਨਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਬੀਤੇ ਬੁੱਧਵਾਰ ਨੂੰ 14 ਆਗੂਆਂ ਨੂੰ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਲਈ ਚੇਅਰਮੈਨ ਨਿਯੁਕਤ ਕਰਨ ਸੰਬੰਧੀ ਸੂਚੀ ਜਾਰੀ ਕੀਤੀ ਗਈ ਸੀ। ਇਸ ਸੂਚੀ ਅਨੁਸਾਰ ਸ੍ਰੀ ਰਮਨ ਬਹਿਲ ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਸ੍ਰੀ ਰਮਨ ਬਹਿਲ ਅਤੇ ਉਨ੍ਹਾਂ ਦਾ ਪਰਿਵਾਰ ਕਈ ਦਹਾਕਿਆਂ ਤੋਂ ਪੰਜਾਬ ਦੀ ਰਾਜਨੀਤੀ ‘ਚ ਸਰਗਰਮ ਹੈ। ਉਨ੍ਹਾਂ ਦੇ ਪਿਤਾ ਸ੍ਰੀ ਖੁਸ਼ਹਾਲ ਬਹਿਲ ਪੰਜਾਬ ਦੇ ਸਿੱਖਿਆ ਮੰਤਰੀ ਰਹਿ ਚੁੱਕੇ ਹਨ। ਸ੍ਰੀ ਰਮਨ ਬਹਿਲ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਵਰਣਨਯੋਗ ਹੈ ਕਿ ਸ੍ਰੀ ਬਹਿਲ ਜ਼ਿਲ੍ਹਾ ਗੁਰਦਾਸਪੁਰ ਹਲਕਾ ਇੰਚਾਰਜ ਵਜੋਂ ਸੇਵਾ ਨਿਭਾ ਰਹੇ ਹਨ। ਉਨ੍ਹਾਂ ਨੂੰ ‘ਆਪ’ ਵੱਲੋਂ ਗੁਰਦਾਸਪੁਰ ਹਲਕੇ ਤੋਂ ਐਮ.ਐਮ.ਏ. ਦੀ ਚੋਣ ਲਈ ਟਿਕਟ ਵੀ ਦਿੱਤੀ ਗਈ ਸੀ।
ਇਸ ਮੌਕੇ ਵਿਧਾਇਕ ਧਰਮਕੋਟ ਸ੍ਰੀ ਦਵਿੰਦਰਜੀਤ ਸਿੰਘ ਲਾਡੀ ਢੋਸ, ਐਮ.ਡੀ. ਪੀ.ਐਚ.ਐਸ.ਸੀ ਸ੍ਰੀਮਤੀ ਨੀਲਿਮਾ, ਚੇਅਰਮੈਨ ਪਨਸਪ ਸ੍ਰੀ ਬਲਬੀਰ ਸਿੰਘ ਪੰਨੂ, ਚੇਅਰਮੈਨ ਪੀ.ਐਸ.ਈ.ਬੀ ਡਾ: ਯੋਗਰਾਜ, ਚੇਅਰਮੈਨ ਪੰਜਾਬ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਸ੍ਰੀਮਤੀ ਵਿਭੂਤੀ ਸ਼ਰਮਾ, ਹਲਕਾ ਇੰਚਾਰਜ ਦੀਨਾਨਗਰ ਸ. ਸ਼ਮਸ਼ੇਰ ਸਿੰਘ, ਸ੍ਰੀ ਅਮਿਤ ਮੰਟੋ ਸੁਜਾਨਪੁਰ; ਸ. ਗੁਰਦੀਪ ਸਿੰਘ ਰੰਧਾਵਾ, ਲੋਕ ਸਭਾ ਇੰਚਾਰਜ `ਆਪ` ਸ਼ੀ. ਰਾਜੀਵ ਸ਼ਰਮਾ, ਜ਼ਿਲ੍ਹਾ ਆਪ ਇੰਚਾਰਜ ਸ. ਜਗਰੂਪ ਸਿੰਘ ਸ਼ੇਖਵਾਂ, ਕਰਮਚਾਰੀ ਭਲਾਈ ਐਸੋਸੀਏਸ਼ਨਸ਼ ਦੇ ਪ੍ਰਧਾਨ ਸ. ਮਨਜੋਤ ਸਿੰਘ ਅਤੇ ਵੱਡੀ ਗਿਣਤੀ ‘ਚ ਉਨ੍ਹਾਂ ਦੇ ਸਮਰਥਕ, ਰਿਸ਼ਤੇਦਾਰ, ਪਰਿਵਾਰਕ ਮੈਂਬਰ ਅਤੇ ਪਤਵੰਤੇ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.