EntertainmentTop News

ਰਾਜ ਕੁੰਦਰਾ ਦੀ ਮੂਵੀ ਨੂੰ ਅਕਾਲ ਤਖ਼ਤ ਤੋਂ ਮਨਜ਼ੂਰੀ ਨਹੀਂ, ਸਕੱਤਰੇਤ ਇੰਚਾਰਜ ਬੋਲੇ- ਦਾਅਵਾ ਬਿਲਕੁਲ ਗ਼ਲਤ

ਬਾਲੀਵੁੱਡ ਅਦਾਕਾਰ ਰਾਜ ਕੁੰਦਰਾ ਵੱਲੋਂ ਬਣਾਈ ਜਾ ਰਹੀ ਫ਼ਿਲਮ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਪੱਸ਼ਟ ਕੀਤਾ ਹੈ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਇਸ ਫ਼ਿਲਮ ਨੂੰ ਕੋਈ ਵੀ ਮਨਜ਼ੂਰੀ ਨਹੀਂ ਦਿੱਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੋਸ਼ਲ ਮੀਡੀਆ ‘ਤੇ ਕੀਤੇ ਜਾ ਰਹੇ ਅਜਿਹੇ ਸਾਰੇ ਦਾਅਵਿਆਂ ਨੂੰ ਪੂਰੀ ਤਰ੍ਹਾਂ ਗ਼ਲਤ ਅਤੇ ਗੁੰਮਰਾਹਕੁੰਨ ਕਰਾਰ ਦਿੱਤਾ ਗਿਆ ਹੈ।
ਰਾਜ ਕੁੰਦਰਾ ਨੇ ਆਪਣੀ ਫ਼ਿਲਮ ਦੀ ਪ੍ਰਮੋਸ਼ਨ ਦੌਰਾਨ ਜਥੇਦਾਰ ਸਾਹਿਬ ਨਾਲ ਹੋਈ ਮੁਲਾਕਾਤ ਦਾ ਹਵਾਲਾ ਦਿੱਤਾ ਸੀ। ਇਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਕੁਝ ਪੋਸਟਾਂ ਰਾਹੀਂ ਇਹ ਦਾਅਵਾ ਕੀਤਾ ਜਾ ਰਿਹਾ ਸੀ ਕਿ ਉਨ੍ਹਾਂ ਨੂੰ ਇਹ ਫ਼ਿਲਮ ਬਣਾਉਣ ਦੀ ਇਜਾਜ਼ਤ ਮਿਲ ਗਈ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਕੁੰਦਰਾ ਬੀਤੇ ਸਮੇਂ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਿਲਣ ਲਈ ਸਕੱਤਰੇਤ ਵਿਖੇ ਆਏ ਸਨ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਆਪਣੀ ਬਣਾਈ ਜਾ ਰਹੀ ਫ਼ਿਲਮ ਸਬੰਧੀ ਵਿਚਾਰ ਸਾਂਝੇ ਕੀਤੇ ਸਨ।
ਬਗੀਚਾ ਸਿੰਘ ਨੇ ਸਪੱਸ਼ਟ ਕੀਤਾ ਕਿ ਜਥੇਦਾਰ ਸਾਹਿਬ ਨੇ ਉਨ੍ਹਾਂ ਦੀ ਗੱਲ ਬੜੇ ਧਿਆਨ ਨਾਲ ਸੁਣੀ, ਪਰ ਫ਼ਿਲਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਕੋਈ ਮਨਜ਼ੂਰੀ ਨਹੀਂ ਦਿੱਤੀ। ਮੁਲਾਕਾਤ ਦੌਰਾਨ ਰਾਜ ਕੁੰਦਰਾ ਨੂੰ 28 ਦਸੰਬਰ 2025 ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਕੀਤੇ ਗਏ ਹੁਕਮ ਦੀ ਕਾਪੀ ਵੀ ਸੌਂਪੀ ਗਈ ਸੀ।
ਇਸ ਹੁਕਮ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਪੁਰਾਤਨ ਸਿੱਖ ਯੋਧਿਆਂ ਅਤੇ ਸ਼ਹੀਦਾਂ ਦੀ ਨਕਲ ਕਰਕੇ ਫ਼ਿਲਮਾਂ, ਐਨੀਮੇਸ਼ਨ ਜਾਂ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਵੀਡੀਓਜ਼ ਨਹੀਂ ਬਣਾਏ ਜਾ ਸਕਦੇ। ਸਿੱਖ ਇਤਿਹਾਸ ਦੇ ਵੱਖ-ਵੱਖ ਪਹਿਲੂਆਂ ਨੂੰ ਲੈ ਕੇ ਇਸ ਤਰ੍ਹਾਂ ਦੀਆਂ ਪੇਸ਼ਕਾਰੀਆਂ ‘ਤੇ ਪੂਰੀ ਤਰ੍ਹਾਂ ਪਾਬੰਦੀ ਹੈ।
ਹੁਕਮਨਾਮੇ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਮੌਜੂਦਾ ਤਕਨੀਕ ਦੇ ਦੌਰ ਵਿੱਚ ਸਿੱਖ ਪਛਾਣ, ਪਰੰਪਰਾਵਾਂ, ਸਿਧਾਂਤਾਂ ਅਤੇ ਦਰਸ਼ਨ ਨੂੰ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ਹਾਲਾਤਾਂ ਵਿੱਚ ਪੁਰਾਤਨ ਰਵਾਇਤਾਂ, ਸਾਖੀ ਪਰੰਪਰਾ ਅਤੇ ਗੁਰਦੁਆਰਾ ਸਾਹਿਬਾਨ ਤੇ ਸਿੱਖ ਸੰਸਥਾਵਾਂ ਰਾਹੀਂ ਧਾਰਮਿਕ ਪ੍ਰਚਾਰ ਨੂੰ ਕਾਇਮ ਰੱਖਣਾ ਬੇਹੱਦ ਜ਼ਰੂਰੀ ਹੈ।
ਸਕੱਤਰੇਤ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਰਾਜ ਕੁੰਦਰਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਧਰਮ ਪ੍ਰਚਾਰ ਕਮੇਟੀ ਦੇ ਫ਼ਿਲਮਾਂ ਸਬੰਧੀ ਪੁਰਾਣੇ ਮਤਿਆਂ ਅਤੇ ਫ਼ੈਸਲਿਆਂ ਦੀਆਂ ਕਾਪੀਆਂ ਵੀ ਦਿੱਤੀਆਂ ਗਈਆਂ ਸਨ, ਤਾਂ ਜੋ ਉਹ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਨੂੰ ਪੂਰੀ ਤਰ੍ਹਾਂ ਧਿਆਨ ਵਿੱਚ ਰੱਖਣ।
ਉਨ੍ਹਾਂ ਅੱਗੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਕੁਝ ਅਣਅਧਿਕਾਰਤ ਅਕਾਊਂਟਾਂ ਰਾਹੀਂ ਜਥੇਦਾਰ ਸਾਹਿਬ ਵੱਲੋਂ ਫ਼ਿਲਮ ਨੂੰ ਮਨਜ਼ੂਰੀ ਦਿੱਤੇ ਜਾਣ ਦੀ ਝੂਠੀ ਗੱਲ ਫੈਲਾਈ ਜਾ ਰਹੀ ਹੈ। ਅਜਿਹੀਆਂ ਪੋਸਟਾਂ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਗ਼ਲਤ ਹਨ। ਇਨ੍ਹਾਂ ਪੋਸਟਾਂ ਦੀ ਪਛਾਣ ਕਰਕੇ ਸਬੰਧਤ ਅਕਾਊਂਟਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button