
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੁਧਿਆਣਾ ਜ਼ਿਲ੍ਹੇ ‘ਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਦੇ ਲੰਗਰ ਹਾਲ ਵਿਖੇ ਕੁਝ ਸ਼ਰਾਰਤੀ ਬਿਰਤੀ ਵਾਲੇ ਲੋਕਾਂ ਵੱਲੋਂ ਇੱਟਾਂ-ਰੋੜਿਆਂ ਨਾਲ ਕੀਤੇ ਗਏ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ, ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਗੱਲ ਆਖੀ ਹੈ। ਨਕਸ਼ੇਖਰੀਦੋ
ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਦੇ ਪ੍ਰਬੰਧਕਾਂ, ਸਥਾਨਕ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਸਿੱਖ ਆਗੂਆਂ ਨੇ ਭਾਵੇਂਕਿ ਇਸ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਵਾਉਂਦਿਆਂ ਉਨ੍ਹਾਂ ਨੂੰ ਜੇਲ੍ਹ ਭਿਜਵਾ ਦਿੱਤਾ ਹੈ ਅਤੇ ਕਬਜ਼ੇ ਖਾਲੀ ਕਰਵਾ ਦਿੱਤੇ ਹਨ, ਪਰੰਤੂ ਇਸ ਘਟਨਾ ਪਿੱਛੇ ਕੰਮ ਕਰਦੀ ਮਾਨਸਿਕਤਾ ਪੰਜਾਬ ਦੀ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਇਸ ਮਸਲੇ ਤੋਂ ਤੁਰੰਤ ਹੀ ਸੇਧ ਲੈਂਦਿਆਂ ਪੰਜਾਬ ਅੰਦਰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਗੁਰੂਆਂ ਦੀ ਇਸ ਪਾਵਨ ਧਰਤੀ ਉੱਤੇ ਕੋਈ ਵੀ ਬਾਹਰੀ ਵਿਅਕਤੀ ਗ਼ੈਰ-ਕਾਨੂੰਨ ਕਬਜ਼ੇ ਨਾ ਕਰੇ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਅਣਗਹਿਲੀ ਹੈ ਜੋ ਬਾਹਰੋਂ ਆਏ ਲੋਕ ਬਿਨਾਂ ਕਾਨੂੰਨ ਦੇ ਡਰ ਭੈਅ ਤੋਂ ਕੀਮਤੀ ਥਾਵਾਂ ਉੱਤੇ ਕਬਜ਼ਾ ਕਰ ਰਹੇ ਹਨ, ਜਦਕਿ ਪ੍ਰਸ਼ਾਸਨ ਦੀ ਇਹ ਪਹਿਲੀ ਜ਼ਿੰਮੇਵਾਰੀ ਹੈ ਕਿ ਅਜਿਹਾ ਨਾ ਹੋਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ ਇਸ ਮਾਮਲੇ ਦੀ ਸਮੁੱਚੀ ਰਿਪੋਰਟ ਮੰਗੀ ਗਈ ਹੈ ਅਤੇ ਆਦੇਸ਼ ਕੀਤੇ ਗਏ ਹਨ ਕਿ ਲੁਧਿਆਣਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਇਹ ਆਦੇਸ਼ ਵੀ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨਾਲ ਲਿਖਾਪੜ੍ਹੀ ਕਰਕੇ ਇਹ ਯਕੀਨੀ ਬਣਾਇਆ ਜਾਵੇ ਕਿ ਪੰਜਾਬ ਅੰਦਰ ਕਿਸੇ ਵੀ ਗੁਰਦੁਆਰਾ ਸਾਹਿਬ ਖਾਸਕਰ ਇਤਿਹਾਸਕ ਗੁਰੂ ਘਰਾਂ ਦੇ ਨੇੜੇ ਕੋਈ ਵੀ ਗ਼ੈਰ-ਕਾਨੂੰਨੀ ਢੰਗ ਨਾਲ ਸਾਡੀਆਂ ਬੇਸ਼ਕੀਮਤੀ ਜ਼ਮੀਨਾਂ ਉੱਤੇ ਕਬਜ਼ੇ ਕਰਕੇ ਆਪਣੇ ਟਿਕਾਣੇ ਨਾ ਬਣਾਉਣ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਸਰਬੱਤ ਦੇ ਭਲੇ ਦੇ ਸਿਧਾਂਤ ਤਹਿਤ ਹਰ ਇੱਕ ਮਨੁੱਖ, ਲੋੜਵੰਦ ਤੇ ਗ਼ਰੀਬ ਨੂੰ ਗੁਰੂ ਕੇ ਲੰਗਰਾਂ ਵਿੱਚੋਂ ਪ੍ਰਸ਼ਾਦਾ ਛਕਾਉਂਦੇ ਹਨ ਜੋ ਰਹਿੰਦੀ ਦੁਨੀਆ ਤੱਕ ਐਵੇਂ ਹੀ ਜਾਰੀ ਰਹੇਗਾ, ਲੇਕਿਨ ਉਸੇ ਥਾਂ ਉੱਤੇ ਜੇਕਰ ਕੋਈ ਧਾੜਵੀ ਬਣ ਕੇ ਹਮਲਾ ਕਰੇ ਤਾਂ ਸਿੱਖ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਇਸ ਘਟਨਾ ਨਾਲ ਜੋੜਦਿਆਂ ਏ-ਆਈ ਨਾਲ ਤਸਵੀਰਾਂ ਬਣਾ ਕੇ ਸੋਸ਼ਲ ਮੀਡੀਆ ਉੱਤੇ ਵਾਇਰਲ ਕੀਤੀਆਂ ਜਾ ਰਹੀਆਂ ਹਨ ਜੋ ਕਿ ਠੀਕ ਵਰਤਾਰਾ ਨਹੀਂ। ਉਨ੍ਹਾਂ ਕਿਹਾ ਇਹ ਸੰਜੀਦਾ ਮਾਮਲਾ ਹੈ ਜਿਸ ਨਾਲ ਕਿਸੇ ਤਰ੍ਹਾਂ ਦੀ ਗਲਤ ਜਾਣਕਾਰੀ ਪੰਜਾਬ ਅੰਦਰ ਮਾਹੌਲ ਨੂੰ ਖਰਾਬ ਕਰ ਸਕਦੀ ਹੈ ਇਸ ਲਈ ਸਮੂਹ ਸਿੱਖ ਇਹ ਯਕੀਨੀ ਬਣਾਉਣ ਕਿ ਤਕਨਾਲੋਜੀ ਦੀ ਵਰਤੋਂ ਸਕਾਰਾਤਮਕ ਕਾਰਜਾਂ ਲਈ ਹੋਵੇ। ਉਨ੍ਹਾਂ ਕਿਹਾ ਕਿ ਏ-ਆਈ ਨਾਲ ਮਨਘੜ੍ਹਤ ਤਸਵੀਰਾਂ ਬਣਾ ਕੇ ਵਾਇਰਲ ਕਰਨੀਆਂ ਬਿਲਕੁਲ ਵੀ ਵਾਜਬ ਨਹੀਂ ਇਸ ਲਈ ਇਸ ਵਰਤਾਰੇ ਤੋਂ ਗੁਰੇਜ਼ ਕੀਤੀ ਜਾਵੇ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




