
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ, ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਸਾਈਬਰ ਕ੍ਰਾਈਮ ਦੇ ਐਸਐਚਓ ਸਮੇਤ ਚਾਰ ਅਧਿਕਾਰੀਆਂ ਨੂੰ ਲੱਖਾਂ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹ ਚਾਰੇ ਨਾਬਾਲਗ ਵਿਰੁੱਧ ਸਾਈਬਰ ਅਪਰਾਧ ਤਹਿਤ ਕੇਸ ਦਰਜ ਕਰਨ ਦੀ ਧਮਕੀ ਦੇ ਰਹੇ ਸਨ। ਗ੍ਰਿਫ਼ਤਾਰ ਕੀਤੇ ਗਏ ਲੋਕਾਂ ਵਿੱਚ ਫਾਜ਼ਿਲਕਾ ਸਾਈਬਰ ਸੈੱਲ ਦਾ ਐਸਐਚਓ, ਇੱਕ ਰੀਡਰ ਅਤੇ ਦੋ ਹੋਰ ਸ਼ਾਮਲ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੇ 17 ਸਾਲਾ ਬੱਚੇ ਨੇ ਗਲਤੀ ਨਾਲ ਪੋਰਨ ਵੀਡੀਓ ‘ਤੇ ਕਲਿੱਕ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਸਾਈਬਰ ਸੈੱਲ ਦੇ ਐਸਐਚਓ ਅਤੇ ਹੋਰ ਕਰਮਚਾਰੀ ਬੱਚੇ ਤੋਂ ਸਾਈਬਰ ਅਪਰਾਧ ਤਹਿਤ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਲੱਖਾਂ ਰੁਪਏ ਦੀ ਮੰਗ ਕਰਨ ਲੱਗੇ। ਉਨ੍ਹਾਂ ਕਿਹਾ ਕਿ ਜਦੋਂ ਵਾਰ-ਵਾਰ ਸੰਪਰਕ ਕਰਨ ਦੇ ਬਾਵਜੂਦ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਆਪਣੀ ਮੰਗ ‘ਤੇ ਅੜੇ ਰਹੇ ਤਾਂ ਉਨ੍ਹਾਂ ਨੇ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੰਬਰ ‘ਤੇ ਸ਼ਿਕਾਇਤ ਦਰਜ ਕਰਵਾਈ। ਜਿਸ ‘ਤੇ ਵਿਜੀਲੈਂਸ ਬਿਊਰੋ ਨੇ ਸਾਈਬਰ ਸੈੱਲ ਫਾਜ਼ਿਲਕਾ ਦੇ ਐਸਐਚਓ ਅਤੇ ਉਸਦੇ ਸਾਥੀ ਕਰਮਚਾਰੀਆਂ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.