Press ReleasePunjabTop News

ਵਿਜੀਲੈਂਸ ਬਿਊਰੋ ਨੇ 2022 ‘ਚ ਰਿਸ਼ਵਤਖੋਰੀ ਦੇ 129 ਕੇਸਾਂ ‘ਚ 172 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਕੀਤਾ ਰਿਕਾਰਡ ਕਾਇਮ, 135 ਅਪਰਾਧਿਕ ਮਾਮਲਿਆਂ ‘ਚ 371 ਮੁਲਜ਼ਮਾਂ ਖਿਲਾਫ ਕੀਤੇ ਕੇਸ ਦਰਜ: ਵਰਿੰਦਰ ਕੁਮਾਰ

ਅਦਾਲਤਾਂ ਵੱਲੋਂ 20 ਕਰਮਚਾਰੀਆਂ ਤੇ 10 ਪ੍ਰਾਈਵੇਟ ਵਿਅਕਤੀਆਂ ਨੂੰ ਦੋਸ਼ੀ ਸਜਾਵਾਂ

30 ਪੁਲਿਸ ਮੁਲਾਜ਼ਮ ਤੇ 13 ਮਾਲ ਕਰਮਚਾਰੀ ਕੀਤੇ ਗ੍ਰਿਫਤਾਰ

ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਕੁੱਲ 3,72,175 ਸ਼ਿਕਾਇਤਾਂ ਮਿਲੀਆਂ

ਚੰਡੀਗੜ੍ਹ : ਸਮਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ 129 ਕੇਸਾਂ ਵਿੱਚ ਕੁੱਲ 172 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨਾਂ ਵਿੱਚ 83 ਮੁਲਜ਼ਮ 65 ਟਰੈਪ ਕੇਸਾਂ ਵਿੱਚ ਅਤੇ 64 ਆਨਲਾਈਨ ਸ਼ਿਕਾਇਤਾਂ ਦੇ ਅਧਾਰ ਤੇ ਕਾਬੂ ਕੀਤੇ 89 ਵਿਅਕਤੀ ਸ਼ਾਮਲ ਹਨ। ਬਿਊਰੋ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ, ਪਿਛਲੇ ਸਾਲ ਰਿਸ਼ਵਤਖੋਰੀ ਦੇ ਕੇਸ ਦਰਜ ਕਰਨ, ਭ੍ਰਿਸ਼ਟਾਚਾਰੀ ਵਿੱਚ ਸ਼ਾਮਲ ਮੁਲਜ਼ਮਾਂ ਦੀ ਗ੍ਰਿਫਤਾਰੀ, ਅਪਰਾਧਿਕ ਕੇਸ ਦਰਜ ਕਰਨ ਅਤੇ ਗ੍ਰਿਫਤਾਰੀਆਂ ਕਰਨ ਤੋਂ ਇਲਾਵਾ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਵਿਜੀਲੈਂਸ ਪੜਤਾਲਾਂ ਵਿੱਚ ਸ਼ਾਮਲ ਸ਼ੱਕੀ ਵਿਅਕਤੀਆਂ ਖਿਲਾਫ  ਪੜਤਾਲਾਂ ਦਰਜ ਕਰਨ ਵਿੱਚ ਵੀ ਰਿਕਾਰਡ ਸਥਾਪਿਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਵਿਜੀਲੈਂਸ ਬਿਓਰੋ ਨੇ ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਇਸ ਸਮਾਜਿਕ ਬੁਰਾਈ ਨੂੰ ਜੜੋਂ ਖਤਮ ਕਰਨ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਵਾਸਤੇ ਇੱਕ ਬਹੁਪੱਖੀ ਪਹੁੰਚ ਅਪਣਾਈ ਹੈ ਤਾਂ ਜੋ ਇੱਕ ਰੰਗਲੇ ਤੇ ਸੁਰੱਖਿਅਤ ਪੰਜਾਬ ਦੀ ਸਿਰਜਣਾ ਨੂੰ ਅੰਜਾਮ ਦੇਣ ਦੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਵਾਲੀ ਵਚਨਬੱਧਤਾ ਨੂੰ ਹੋਰ ਦ੍ਰਿੜਤਾ ਪ੍ਰਦਾਨ ਕੀਤੀ ਜਾ ਸਕੇ। ਉਨਾਂ ਦੱਸਿਆ ਕਿ ਪਿਛਲੇ ਸਾਲ ਦੌਰਾਨ ਹੋਰਨਾਂ ਵਿਭਾਗਾਂ ਤੋਂ ਇਲਾਵਾ 1 ਜਨਵਰੀ 2022 ਤੋਂ 31 ਦਸੰਬਰ 2022 ਤੱਕ ਪੰਜਾਬ ਪੁਲਿਸ ਦੇ 30 ਮੁਲਾਜ਼ਮ, ਮਾਲ ਵਿਭਾਗ ਦੇ 13, ਬਿਜਲੀ ਵਿਭਾਗ ਦੇ 5 ਅਤੇ ਸਥਾਨਕ ਸਰਕਾਰਾਂ ਵਿਭਾਗ ਦੇ 4 ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਉਨ੍ਹਾਂ ਦੁਹਰਾਇਆ ਕਿ ਭ੍ਰਿਸ਼ਟਾਚਾਰ ਨੂੰ ਹਰ ਰੂਪ ਵਿੱਚ ਖਤਮ ਕਰਨਾ ਅਤੇ ਸੂਬੇ ਦੀ ਸਾਸ਼ਨ ਪ੍ਰਣਾਲੀ ‘ਤੇ ਇਸ ਦੇ ਮਾੜੇ ਪ੍ਰਭਾਵ ਨੂੰ ਖਤਮ ਕਰਨਾ ਹੀ ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਲੋਕਾਂ ਨੂੰ ਅੱਗੇ ਆਉਣ ਅਤੇ ਰਾਜ ਦੇ ਜਨਤਕ ਦਫਤਰਾਂ ਵਿੱਚ ਭ੍ਰਿਸ਼ਟਾਚਾਰ ਦੀ ਸੂਚਨਾ ਦੇਣ ਨੂੰ ਉਤਸ਼ਾਹਿਤ ਕਰਨ ਲਈ ਇਸ ਨੂੰ ਲਾਗੂ ਕਰਨ ਖਾਤਰ, ਮੁੱਖ ਮੰਤਰੀ ਨੇ ਪਿਛਲੇ ਸਾਲ 23 ਮਾਰਚ ਨੂੰ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਸ਼ੁਰੂ ਕੀਤੀ ਸੀ, ਜਿਸ ਦੇ ਸਾਕਾਰਤਮਕ ਨਤੀਜੇ ਸਾਹਮਣੇ ਆਏ ਹਨ।

371 ਮੁਲਜਮਾਂ ਖਿਲਾਫ 135 ਅਪਰਾਧਿਕ ਮਾਮਲੇ ਦਰਜ

ਬਿਊਰੋ ਦੀ ਕਾਰਗੁਜਾਰੀ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਮੁੱਖ ਨਿਰਦੇਸ਼ਕ ਵਰਿੰਦਰ ਕੁਮਾਰ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ 371 ਮੁਲਜਮਾਂ ਵਿਰੁੱਧ 135 ਅਪਰਾਧਿਕ ਕੇਸ ਦਰਜ ਕੀਤੇ ਹਨ, ਜਿਨਾਂ ਵਿੱਚ 35 ਗਜਟਿਡ ਅਫਸਰ, 163 ਨਾਨ-ਗਜਟਿਡ ਅਫਸਰ ਅਤੇ 173 ਪ੍ਰਾਈਵੇਟ ਵਿਅਕਤੀ ਸ਼ਾਮਲ ਹਨ। ਇਸ ਤੋਂ ਇਲਾਵਾ ਪਿਛਲੇ ਸਾਲ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਦੀ ਜਾਂਚ ਲਈ 139 ਸ਼ੱਕੀ ਵਿਅਕਤੀਆਂ ਵਿਰੁੱਧ 103 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ, ਜਿੰਨਾਂ ਵਿੱਚ 35 ਗਜ਼ਟਿਡ ਅਫਸਰ, 58 ਨਾਨ-ਗਜਟਿਡ ਅਫਸਰ ਅਤੇ 46 ਪ੍ਰਾਈਵੇਟ ਵਿਅਕਤੀ ਸ਼ਾਮਲ ਹਨ। ਇਸ ਤੋਂ ਇਲਾਵਾ, ਇੱਕ ਗਜ਼ਟਿਡ ਅਫਸਰ ਅਤੇ ਨਾਨ-ਗਜਟਿਡ ਅਫਸਰ ਦੇ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ 2 ਕੇਸ ਵੀ ਦਰਜ ਕੀਤੇ ਗਏ।

2  ਨਾਨ-ਗਜਟਿਡ ਅਫਸਰਾਂ ਨੂੰ ਸੇਵਾਵਾਂ ਤੋਂ ਬਰਖਾਸਤ ਕੀਤਾ

ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਸਾਰੇ ਰੂਪਾਂ ਪ੍ਰਤੀ ਜੀਰੋ ਟਾਲਰੈਂਸ ਨੀਤੀ ਅਪਣਾਉਂਦੇ ਹੋਏ, ਵੱਖ-ਵੱਖ ਅਦਾਲਤਾਂ ਵਿੱਚ ਦੋਸ਼ੀ ਠਹਿਰਾਏ ਜਾਣ ਕਾਰਨ 2 ਨਾਨ-ਗਜਟਿਡ ਅਫਸਰਾਂ ਨੂੰ ਉਨਾਂ ਦੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਦੁਆਰਾ ਉਨਾਂ ਦੀਆਂ ਸੇਵਾਵਾਂ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਵਿਜੀਲੈਂਸ ਮੁਖੀ ਨੇ ਅੱਗੇ ਦੱਸਿਆ ਕਿ ਬਿਊਰੋ ਪਿਛਲੇ ਸਾਲ ਦੌਰਾਨ 39 ਵਿਜੀਲੈਂਸ ਪੜਤਾਲਾਂ ਨੂੰ ਅੰਜਾਮ ਦੇਣ ਵਿੱਚ ਸਫਲਤਾ ਹਾਸਲ ਕੀਤੀ। ਇਸ ਤੋਂ ਇਲਾਵਾ, ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਦੇ ਵੱਖ ਵੱਖ ਤਰੀਕਿਆਂ ਦੀ ਪਛਾਣ ਕਰਨ ਲਈ ਰਾਜ ਦੇ ਵੱਖ-ਵੱਖ ਵਿਭਾਗਾਂ ਨੂੰ ਨਿਰਦੇਸ਼/ਸੁਝਾਅ ਵੀ ਜਾਰੀ ਕੀਤੇ ਸਨ।

ਵਿਸ਼ੇਸ਼ ਅਦਾਲਤਾਂ ਨੇ 30 ਦੋਸ਼ੀਆਂ ਨੂੰ ਸਜਾ ਸੁਣਾਈ

ਸ੍ਰੀ ਵਰਿੰਦਰ ਕੁਮਾਰ ਨੇ ਹੋਰ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦਰਜ 19 ਵੱਖ-ਵੱਖ ਵਿਜੀਲੈਂਸ ਕੇਸਾਂ ਵਿੱਚ ਦੋਸ਼ੀ 2 ਗਜ਼ਟਿਡ ਅਫਸਰ, 18 ਨਾਨ-ਗਜਟਿਡ ਅਫਸਰਾਂ ਅਤੇ 10 ਪ੍ਰਾਈਵੇਟ ਵਿਅਕਤੀਆਂ ਨੂੰ ਪੰਜ ਸਾਲ ਤੱਕ ਦੀ ਸਜਾ ਸੁਣਾਈ ਹੈ। ਵਿਸ਼ੇਸ਼ ਅਦਾਲਤਾਂ ਨੇ 5,000 ਤੋਂ 33,00,000  ਰੁਪਏ ਦੇ ਵੱਖ-ਵੱਖ ਜੁਰਮਾਨੇ ਵੀ ਲਗਾਏ, ਜੋ ਕੁੱਲ ਰਕਮ 37,90,000, ਬਣਦੀ ਹੈ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੌਰਾਨ ਵਿਜੀਲੈਂਸ ਬਿਊਰੋ ਨੇ ਇੱਕ ਰਾਜ ਵਿਆਪੀ ਮੁਹਿੰਮ ਵੀ ਚਲਾਈ ਜਿਸ ਦੌਰਾਨ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜੋਂ ਖਤਮ ਕਰਨ ਲਈ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸੈਮੀਨਾਰ ਅਤੇ ਜਨਤਕ ਮੀਟਿੰਗਾਂ ਕੀਤੀਆਂ ਗਈਆਂ ਅਤੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ ਦੀ ਸਹੁੰ ਵੀ ਚੁਕਾਈ ਗਈ।

ਗ੍ਰਿਫਤਾਰ ਕੀਤੇ ਪ੍ਰਮੁੱਖ ਵਿਅਕਤੀਆਂ ਦੇ ਨਾਮ

ਪ੍ਰਮੁੱਖ ਮਾਮਲਿਆਂ ਦੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਮੁਖੀ ਨੇ ਦੱਸਿਆ ਕਿ ਚਾਰ ਸਾਬਕਾ ਮੰਤਰੀ, ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆਂ, ਭਾਰਤ ਭੂਸ਼ਣ ਆਸ਼ੂ ਅਤੇ ਸੁੰਦਰ ਸ਼ਾਮ ਅਰੋੜਾ, ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦਿਨੇਸ਼ ਬੱਸੀ, ਸੰਜੇ ਪੋਪਲੀ ਆਈ.ਏ.ਐਸ., ਮੁੱਖ ਵਣਪਾਲ ਪਰਵੀਨ ਕੁਮਾਰ, ਆਈ.ਐਫ.ਐਸ. ਵਣਪਾਲ ਵਿਸ਼ਾਲ ਚੌਹਾਨ, ਆਈ.ਐਫ.ਐਸ., ਅਤੇ ਅਮਿਤ ਚੌਹਾਨ, ਆਈ.ਐਫ.ਐਸ., ਡੀ.ਐਫ.ਓ. ਗੁਰਅਮਨਪ੍ਰੀਤ ਸਿੰਘ, ਠੇਕੇਦਾਰ ਹਰਮਿੰਦਰ ਸਿੰਘ ਹੰਮੀ, ਏ.ਆਈ.ਜੀ. ਅਸ਼ੀਸ਼ ਕਪੂਰ, ਪੀ.ਪੀ.ਐਸ., ਜਨਰਲ ਮੈਨੇਜਰ ਪਨਸਪ ਨਵੀਨ ਕੁਮਾਰ ਗਰਗ, ਜ਼ਿਲਾ ਕਮਾਂਡਰ ਪੰਜਾਬ ਹੋਮ ਗਾਰਡਜ ਸ੍ਰੀਮਤੀ ਨਿਰਮਲਾ ਅਤੇ ਪਲਟੂਨ ਕਮਾਂਡਰ ਅਨਮੋਲ ਮੋਤੀ, ਈਟੀਓ ਸੰਦੀਪ ਸਿੰਘ ਅਤੇ ਠੇਕੇਦਾਰ ਤੇਲੂ ਰਾਮ, ਯਸ਼ਪਾਲ ਅਤੇ ਅਜੈਪਾਲ ਵਿਰੁੱਧ ਸਾਲ ਦੌਰਾਨ ਵੱਖ-ਵੱਖ ਕੇਸ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ।

ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਿਲੀਆਂ 3,72,175 ਸ਼ਿਕਾਇਤਾਂ

ਆਮ ਲੋਕਾਂ ਲਈ ਮੁੱਖ ਮੰਤਰੀ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਲਾਈਨ ਸਹੂਲਤ ਦੀ ਸਫਲਤਾ ਬਾਰੇ ਹੋਰ ਵੇਰਵੇ ਸਾਂਝੇ ਕਰਦਿਆਂ ਉਨਾਂ ਦੱਸਿਆ ਕਿ ਪਿਛਲੇ ਸਾਲ ਕੁੱਲ 3,72,175 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨਾਂ ਵਿੱਚੋਂ 6,407 ਸ਼ਿਕਾਇਤਾਂ ਆਡੀਓ/ਵੀਡੀਓ ਰਿਕਾਰਡਿੰਗ ਸਮੇਤ 294 ਸ਼ਿਕਾਇਤਾਂ ਵਿਜੀਲੈਂਸ ਬਿਊਰੋ ਬਾਰੇ ਪ੍ਰਾਪਤ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਈਆਂ ਆਨਲਾਈਨ ਸ਼ਿਕਾਇਤਾਂ ਦੇ ਅਧਾਰ ‘ਤੇ 26 ਨਾਗਰਿਕਾਂ, 27 ਪੁਲਿਸ ਮੁਲਾਜ਼ਮਾਂ ਅਤੇ 29 ਸਿਵਲ ਵਿਭਾਗਾਂ ਦੇ ਕਰਮਚਾਰੀਆਂ ਵਿਰੁੱਧ 64 ਮੁਕੱਦਮੇ ਦਰਜ ਕੀਤੇ ਗਏ ਜਿਸ ਵਿੱਚ 89 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ 2,970 ਸ਼ਿਕਾਇਤਾਂ ਹੋਰ ਵਿਭਾਗਾਂ ਨਾਲ ਸਬੰਧਤ ਪਾਈਆਂ ਗਈਆਂ, ਜੋ ਸਬੰਧਤ ਵਿਭਾਗਾਂ ਨੂੰ ਭੇਜ ਦਿੱਤੀਆਂ ਗਈਆਂ ਹਨ। ਕੁੱਲ 3,143 ਸ਼ਿਕਾਇਤਾਂ ਅਪ੍ਰਸੰਗਿਕ, ਜੰਕ ਪੋਸਟਾਂ ਆਦਿ ਪਾਈਆਂ ਗਈਆਂ, ਜੋ ਕਿ ਆਮ ਸਨ।

Screenshot 2023 01 08 173422

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button