ਸ਼੍ਰੋਮਣੀ ਕਮੇਟੀ ਅਫ਼ਗਾਨਿਸਤਾਨ ਦੇ ਸਿੱਖਾਂ ਨੂੰ ਭਾਰਤ ਲਿਆਉਣ ਲਈ ਪੂਰਾ ਖ਼ਰਚਾ ਚੁੱਕੇਗੀ- ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਅਫ਼ਗਾਨਿਸਤਾਨ ਦੇ ਸਿੱਖਾਂ ਨੂੰ ਭਾਰਤ ਲਿਆਉਣ ਲਈ ਪੂਰਾ ਖ਼ਰਚਾ ਚੁੱਕੇਗੀ- ਭਾਈ ਲੌਂਗੋਵਾਲ
-ਗੁਰਦੁਆਰਾ ਕਲਗੀਧਰ ਨਿਵਾਸ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇੱਕਤਰਤਾ ’ਚ ਲਿਆ ਗਿਆ ਫੈਸਲਾ
-ਯੂ.ਏ.ਪੀ.ਏ. ਕਾਨੂੰਨ ਦੀ ਦੁਰਵਰਤੋਂ ਦਾ ਲਿਆ ਸਖ਼ਤ ਨੋਟਿਸ
-ਪ੍ਰਮੁੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਹੋਣਗੀਆਂ ਸੁਸ਼ੋਭਿਤ
ਚੰਡੀਗੜ੍ਹ, 6 ਅਗਸਤ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਫ਼ਗਾਨਿਸਤਾਨ ਦੇ ਸਿੱਖਾਂ ਲਈ ਇਕ ਵੱਡਾ ਫੈਸਲਾ ਕੀਤਾ ਹੈ। ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਚੰਡੀਗੜ੍ਹ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਪ੍ਰਵਾਨ ਕੀਤਾ ਗਿਆ ਕਿ ਅਫ਼ਗਾਨਿਸਤਾਨ ਰਹਿੰਦੇ ਸਿੱਖਾਂ ਨੂੰ ਭਾਰਤ ਲਿਆਉਣ ਲਈ ਸਾਰਾ ਖ਼ਰਚਾ ਸ਼੍ਰੋਮਣੀ ਕਮੇਟੀ ਕਰੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਅਫ਼ਗਾਨਿਸਤਾਨ ਵੱਸਦੇ ਸਿੱਖਾਂ ’ਤੇ ਲਗਾਤਾਰ ਹਮਲੇ ਹੋ ਰਹੇ ਹਨ, ਉਨ੍ਹਾਂ ਦਾ ਜੀਵਨ ਅਤੇ ਇੱਜ਼ਤ ਮਹਿਫੂਜ ਨਹੀਂ ਹੈ। ਇਸ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਅਫ਼ਗਾਨੀ ਸਿੱਖਾਂ ਨੂੰ ਭਾਰਤ ਵਸਾਉਣ ਲਈ ਮੱਦਦ ਕੀਤੀ ਜਾਵੇਗੀ। ਇਥੇ ਆਉਣ ਮਗਰੋਂ ਉਨ੍ਹਾਂ ਦੀਆਂ ਲੋੜਾਂ ਦੀ ਪੂਰਤੀ ਲਈ ਵੀ ਸਹਿਯੋਗ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਯੂ.ਏ.ਪੀ.ਏ. ਤਹਿਤ ਸਿੱਖ ਨੌਜੁਆਨਾਂ ਨੂੰ ਪੁਲਿਸ ਵੱਲੋਂ ਪ੍ਰੇਸ਼ਾਨ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਪਾਸੋਂ ਇਸ ਕਾਨੂੰਨ ਦੀ ਦੁਰਵਰਤੋਂ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਬੇਹੱਦ ਮੰਦਭਾਗੀ ਗੱਲ ਹੈ ਕਿ ਇਸ ਕਾਨੂੰਨ ਦੀ ਆੜ ਹੇਠ ਜਾਣਬੁਝ ਕੇ ਸਿੱਖ ਨੌਜੁਆਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਇਸ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ ਅਤੇ ਇਸ ਮਾਮਲੇ ਵਿਚ ਕਾਨੂੰਨੀ ਮੱਦਦ ਵੀ ਕਰੇਗੀ। ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਘਟਣ ਸਬੰਧੀ ਸੋਸ਼ਲ ਮੀਡੀਆ ’ਤੇ ਮਨਘੜਤ ਬਿਆਨਬਾਜ਼ੀ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਅੰਤਿ੍ਰੰਗ ਕਮੇਟੀ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਅਜਿਹੇ ਲੋਕਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਅੱਜ ਹੀ ਦੀਪ ਸਿੱਧੂ ਨਾਂ ਦੇ ਵਿਅਕਤੀ ਵੱਲੋਂ ਇਕ ਵੀਡਿਓ ਰਾਹੀਂ ਪਾਵਨ ਸਰੂਪ ਨਾਗਪੁਰ ਭੇਜਣ ਦਾ ਸ਼੍ਰੋਮਣੀ ਕਮੇਟੀ ’ਤੇ ਬੇ-ਬੁਨਿਆਦ ਇਲਜਾਮ ਲਗਾਇਆ ਗਿਆ ਹੈ। ਇਸ ਵਿਅਕਤੀ ਖਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਕਾਰਵਾਈ ਕਰੇਗੀ। ਉਨ੍ਹਾਂ ਆਖਿਆ ਕਿ ਪਾਵਨ ਸਰੂਪਾਂ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਿਚ ਜਾਂਚ ਜਾਰੀ ਹੈ ਅਤੇ ਜੋ ਵੀ ਰਿਪੋਰਟ ਆਵੇਗੀ, ਉਸ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਵਿਚ ਜਿਹੜਾ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੌਰਾਨ ਭਾਈ ਲੌਂਗੋਵਾਲ ਪਟਿਆਲਾ ਨੇੜਲੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚੋਂ ਛੋਟੇ ਅਕਾਰ ਦਾ ਪੁਰਾਤਨ ਸਰੂਪ ਚੋਰੀ ਹੋਣ ਦੇ ਮਾਮਲੇ ’ਤੇ ਪੰਜਾਬ ਸਰਕਾਰ ਨੂੰ ਤਿੱਖੇ ਨਿਸ਼ਾਨੇ ’ਤੇ ਲਿਆ। ਉਨ੍ਹਾਂ ਆਖਿਆ ਕਿ ਕਈ ਹਫ਼ਤੇ ਬੀਤਣ ਮਗਰੋਂ ਵੀ ਇਹ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਦੀ ਪਛਾਣ ਨਹੀਂ ਕੀਤੀ ਜਾ ਸਕੀ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਭਲਕੇ 7 ਅਗਸਤ ਤੋਂ ਲਗਾਏ ਜਾ ਰਹੇ ਧਰਨੇ ਦੀ ਉਹ 8 ਅਗਸਤ ਨੂੰ ਅਗਵਾਈ ਕਰਨਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਗੁਰੂ ਸਾਹਿਬਾਨ ਨੂੰ ਲਵ ਕੁਛ ਦੀ ਵੰਸ਼ ਵਿੱਚੋਂ ਕਹਿਣ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਵਗਾੜਨਾ ਸਾਬਕਾ ਜਥੇਦਾਰ ਨੂੰ ਸ਼ੋਭਾ ਨਹੀਂ ਦਿੰਦਾ।
ਉਨ੍ਹਾਂ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਸਿੱਖ ਪੰਥ ਦੀਆਂ ਪ੍ਰਮੁਖ ਸ਼ਖ਼ਸੀਅਤਾਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਦਲੀਪ ਸਿੰਘ ਮੱਲੂਨੰਗਲ, ਸ਼ਹੀਦ ਭਾਈ ਜੰਗ ਸਿੰਘ ਕਰਨਾਲ, ਸੰਤ ਕਰਤਾਰ ਸਿੰਘ ਬਰਿਆਰਾਂ ਵਾਲੇ, ਸੰਤ ਬਾਬਾ ਹਰਦਵ ਸਿੰਘ ਲੂਲੋਂ ਵਾਲੇ, ਸੰਤ ਹਾਕਮ ਸਿੰਘ ਵਸਾਊਕੋਟ ਅਤੇ ਸ. ਦਲੀਪ ਸਿੰਘ ਤਲਵੰਡੀ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ।
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਸ਼ੇਰ ਸਿੰਘ ਮੰਡਵਾਲਾ, ਸ. ਭੁਪਿੰਦਰ ਸਿੰਘ ਅਸੰਧ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਸੁਰਜੀਤ ਸਿੰਘ ਕੰਗ, ਬੀਬੀ ਕੁਲਦੀਪ ਕੌਰ ਟੌਹੜਾ, ਸ. ਜਸਮੇਰ ਸਿੰਘ ਲਾਛੜੂ, ਬੀਬੀ ਪਰਮਜੀਤ ਕੌਰ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਗੁਰਪਾਲ ਸਿੰਘ ਗੋਰਾ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਸੁਲੱਖਣ ਸਿੰਘ ਭੰਗਾਲੀ, ਸ. ਲਖਮੀਰ ਸਿੰਘ, ਸ. ਜਗੀਰ ਸਿੰਘ ਮੈਨੇਜਰ ਆਦਿ ਮੌਜੂਦ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.