Breaking NewsD5 specialNewsPress ReleasePunjab

ਸ਼੍ਰੋਮਣੀ ਕਮੇਟੀ ਸਥਾਪਿਤ ਕਰੇਗੀ ਸਿੱਖ ਆਰਕਾਈਵਜ਼ ਪ੍ਰਾਜੈਕਟ- ਬੀਬੀ ਜਗੀਰ ਕੌਰ

ਓਲੰਪਿਕ ਖੇਡਾਂ ’ਚ ਮੱਲਾਂ ਮਾਰਨ ਵਾਲੇ ਸਿੱਖ ਖਿਡਾਰੀਆਂ ਦਾ ਸਨਮਾਨ ਕਰੇਗੀ ਸ਼੍ਰੋਮਣੀ ਕਮੇਟੀ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ ਸਬ-ਕਮੇਟੀਆਂ ਗਠਤ
ਧਰਮ ਪ੍ਰਚਾਰ ਕਮੇਟੀ ਅਤੇ ਐਜੂਕੇਸ਼ਨ ਕਮੇਟੀ ਦੀ ਮੀਟਿੰਗ ’ਚ ਲਏ ਗਏ ਅਹਿਮ ਫੈਸਲੇ
ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਓਲੰਪਿਕ ਵਿਚ ਡਿਸਕਸ ਥਰੋ ਲਈ ਫਾਈਨਲ ਵਿਚ ਪ੍ਰਵੇਸ਼ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਕਮਲਪ੍ਰੀਤ ਕੌਰ ਨੂੰ ਵਧਾਈ ਦਿੰਦਿਆਂ ਐਲਾਨ ਕੀਤਾ ਕਿ ਜਿਹੜੇ ਵੀ ਸਿੱਖ ਖਿਡਾਰੀ ਓਲੰਪਿਕ ਖੇਡਾਂ ਵਿੱਚੋਂ ਕੋਈ ਵੀ ਮੈਡਲ ਪ੍ਰਾਪਤ ਕਰਕੇ ਆਉਣਗੇ, ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕਰਕੇ ਹੌਸਲਾ ਅਫਜਾਈ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਧਰਮ ਪ੍ਰਚਾਰ ਕਮੇਟੀ ਅਤੇ ਐਜੂਕੇਸ਼ਨ ਕਮੇਟੀ ਦੀਆਂ ਇਕੱਤਰਤਾਵਾਂ ਕਰਨ ਮਗਰੋਂ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਆਖਿਆ ਕਿ ਖੁਸ਼ੀ ਦੀ ਗੱਲ ਹੈ ਕਿ ਕਮਲਪ੍ਰੀਤ ਕੌਰ ਨੇ ਫਾਈਨਲ ਵਿਚ ਪੁੱਜ ਕੇ ਸਿੱਖਾਂ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਕਮਲਪ੍ਰੀਤ ਕੌਰ ਦੇ ਓਲੰਪਿਕ ਲਈ ਚੁਣੇ ਜਾਣ ’ਤੇ ਪਹਿਲਾਂ ਵੀ 2 ਲੱਖ ਰੁਪਏ ਦਾ ਸਨਮਾਨ ਦਿੱਤਾ ਸੀ ਅਤੇ ਉਸ ਦੀ ਵਾਪਸੀ ’ਤੇ ਉਸ ਨੂੰ ਫਿਰ ਸਨਮਾਨਿਤ ਕੀਤਾ ਜਾਵੇਗਾ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਧਰਮ ਪ੍ਰਚਾਰ ਕਮੇਟੀ ਅਤੇ ਐਜੂਕੇਸ਼ਨ ਕਮੇਟੀ ਦੀਆਂ ਮੀਟਿੰਗਾਂ ਵਿਚ ਲਏ ਗਏ ਫੈਸਲਿਆਂ ਬਾਰੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਮੇਤ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਸਮਾਗਮ ਅਤੇ ਸੈਮੀਨਾਰ ਕਰਵਾਉਣ ਲਈ ਸਬ-ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ, ਜੋ ਪ੍ਰੋਗਰਾਮਾਂ ਦੀ ਰੂਪ-ਰੇਖਾ ਤਿਆਰ ਕਰਨਗੀਆਂ।
ਉਨ੍ਹਾਂ ਕਿਹਾ ਕਿ ਜਲਦ ਹੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਲਹਿਰ ਨੂੰ ਭਾਰਤ ਵਿਚ ਵਿਧੀਵਤ ਢੰਗ ਨਾਲ ਚਲਾਉਣ ਲਈ ਸਿੱਖ ਮਿਸ਼ਨਾਂ ਦੀ ਇਲਾਕਾ ਵੰਡ ਮੁੜ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਜਿਨ੍ਹਾਂ ਸੂਬਿਆਂ ਵਿਚ ਸਿੱਖ ਮਿਸ਼ਨ ਨਹੀਂ ਹਨ, ਉਨ੍ਹਾਂ ਦਾ ਇਲਾਕਾ ਪਹਿਲਾਂ ਚੱਲਦੇ ਸਿੱਖ ਮਿਸ਼ਨਾਂ ਨਾਲ ਜੋੜਿਆ ਜਾਵੇਗਾ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਆਰਕਾਈਵਜ਼ ਪ੍ਰਾਜੈਕਟ ਜਥੇਦਾਰ ਗੁਰਚਰਨ ਸਿੰਘ ਟੌਹੜਾ ਗੁਰਮਤਿ ਇੰਸਟੀਚਿਊਟ ਬਹਾਦਰਗੜ੍ਹ ਪਟਿਆਲਾ ਵਿਖੇ ਸਥਾਪਿਤ ਕੀਤਾ ਜਾਵੇਗਾ, ਇਸ ਸਬੰਧ ਵਿਚ ਸਬ-ਕਮੇਟੀ ਵੱਲੋਂ ਵਿਸਥਾਰਤ ਰਿਪੋਰਟ ਤਿਆਰ ਕੀਤੀ ਗਈ ਹੈ, ਜਿਸ ਨੂੰ ਲਾਗੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਗਲੋਬਲ ਪੱਧਰ ’ਤੇ ਸਿੱਖ ਭਾਈਚਾਰੇ ਦੇ ਬਹੁਮੁੱਲੇ ਇਤਿਹਾਸਕ ਦਸਤਾਵੇਜ਼ਾਂ ਨੂੰ ਇਸ ਪ੍ਰਾਜੈਕਟ ਦਾ ਹਿੱਸਾ ਬਣਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਸਿੱਖ ਵਿਰਾਸਤ ਦੀ ਸਾਂਭ-ਸੰਭਾਲ ਅਤੇ ਵਿਸ਼ਵ ਸਿੱਖ ਭਾਈਚਾਰੇ ਨੂੰ ਜੋੜਨ ਲਈ ਵਚਨਬੱਧ ਹੈ ਅਤੇ ਇਸ ਦੇ ਮੱਦੇਨਜ਼ਰ ਸਿੱਖ ਆਰਕਾਈਵਜ਼ ਪ੍ਰਾਜੈਕਟ ਦੀ ਰੂਪ-ਰੇਖਾ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਵਿਚ ਇੰਗਲੈਂਡ ਨਿਵਾਸੀ ਸਵਰਗੀ ਸਿੱਖ ਵਿਦਵਾਨ ਡਾ. ਦਰਸ਼ਨ ਸਿੰਘ ਤਾਤਲਾ ਦਾ ਵੀ ਅਹਿਮ ਯੋਗਦਾਨ ਰਿਹਾ ਹੈ।
ਭਾਵੇਂ ਉਹ ਹੁਣ ਇਸ ਦੁਨੀਆਂ ਵਿਚ ਨਹੀਂ ਹਨ, ਪਰੰਤੂ ਉਨ੍ਹਾਂ ਦੇ ਵਡਮੁੱਲੇ ਵਿਚਾਰਾਂ ਨੂੰ ਇਸ ਪ੍ਰਾਜੈਕਟ ਦੀ ਸਥਾਪਨਾ ਲਈ ਖਾਸ ਅਹਿਮੀਅਤ ਦਿੱਤੀ ਜਾਵੇਗੀ। ਡਾ. ਤਾਤਲਾ ਪਾਸ ਜਿਹੜੇ ਵੀ ਸਿੱਖ ਦਸਤਾਵੇਜ਼ ਮੌਜੂਦ ਸਨ, ਉਨ੍ਹਾਂ ਲਈ ਉਨ੍ਹਾਂ ਦੇ ਪਰਿਵਾਰ ਤੱਕ ਸੰਪਰਕ ਕਰਾਂਗੇ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਐਜੂਕੇਸ਼ਨ ਕਮੇਟੀ ਦੀ ਇਕੱਤਰਤਾ ਵਿਚ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਵਿਦਿਅਕ ਅਦਾਰਿਆਂ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਲਈ ਫੈਸਲੇ ਕੀਤੇ ਗਏ ਹਨ। ਵਿਦਿਅਕ ਅਦਾਰਿਆਂ ਦੇ ਜਿਹੜੇ ਮੁਲਾਜ਼ਮ ਸ਼ਰਤਾਂ ਪੂਰੀਆਂ ਕਰਦੇ ਹਨ, ਉਨ੍ਹਾਂ ਨੂੰ ਰੈਗੂਲਰ ਕੀਤਾ ਜਾਵੇਗਾ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਵਿਦਿਅਕ ਅਦਾਰਿਆਂ ਦੀਆਂ ਸਥਾਨਕ ਕਮੇਟੀਆਂ ਨਾਲ ਤਾਲ-ਮੇਲ ਕਰਨ ਲਈ ਸਬ-ਕਮੇਟੀਆਂ ਵੀ ਬਣਾਈਆਂ ਜਾਣਗੀਆਂ, ਤਾਂ ਜੋ ਸਥਾਨਕ ਹਾਲਾਤਾਂ ਅਨੁਸਾਰ ਵਿਦਿਅਕ ਨੀਤੀ ਨੂੰ ਲਾਗੂ ਕੀਤਾ ਜਾ ਸਕੇ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਅਜਮੇਰ ਸਿੰਘ ਖੇੜਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਤੇਜਿੰਦਰਪਾਲ ਸਿੰਘ ਲਾਡਵਾ, ਭਾਈ ਪ੍ਰਿਤਪਾਲ ਸਿੰਘ ਲੁਧਿਆਣਾ, ਸ. ਮਨਜੀਤ ਸਿੰਘ ਬੱਪੀਆਣਾ, ਸ. ਰਾਮਪਾਲ ਸਿੰਘ ਬਹਿਣੀਵਾਲ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਸਿਮਰਜੀਤ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button