NewsPress ReleasePunjabTop News

ਸਥਾਨਕ ਸਰਕਾਰ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਲਹਿਰਾਇਆ ਤਿਰੰਗਾ  

ਕਮਜ਼ੋਰ ਵਰਗਾਂ ਲਈ ਬਣਨਗੇ 25000 ਘਰ, ਸੂਬੇ ’ਚ 19 ਨਵੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ ਸਥਾਪਤ ਕੀਤੀਆਂ ਜਾਣਗੀਆਂ, 26,000 ਅਸਾਮੀਆਂ ਲਈ ਭਰਤੀ ਦੀ ਪ੍ਰਕਿਰਿਆ ਸ਼ੁਰੂ

ਕਿਹਾ ਪੰਜ ਮਹੀਨਿਆਂ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲਏ ਇਤਿਹਾਸਕ ਫੈਸਲੇ 
ਮੰਤਰੀ ਵੱਲੋਂ ਮੰਗਲਵਾਰ ਨੂੰ ਵਿੱਦਿਅਕ ਅਦਾਰਿਆਂ ’ਚ ਛੁੱਟੀ ਦਾ ਐਲਾਨ 
ਚੰਡੀਗੜ੍ਹ/ਜਲੰਧਰ: ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸੋਮਵਾਰ ਨੂੰ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਮਿੱਥੇ ਸਮੇਂ ‘ਤੇ ਪੂਰੇ ਕੀਤੇ ਜਾਣਗੇ ਕਿਉਂਜੋ ਇਸ ਸਰਕਾਰ ਨੇ ਆਪਣੇ ਪੰਜ ਮਹੀਨਿਆਂ ਦੇ ਕਾਰਜਕਾਲ ਵਿੱਚ ਪਹਿਲਾਂ ਹੀ ਕਈ ਇਤਿਹਾਸਕ ਫੈਸਲੇ ਲਏ ਹਨ।
ਸਥਾਨਕ ਸਰਕਾਰ ਮੰਤਰੀ, ਜਿਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਤੇ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਵੀ ਮੌਜੂਦ ਸਨ, ਨੇ ਤਿਰੰਗਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਅਤੇ ਸਲਾਮੀ ਲਈ। ਡਾ. ਨਿੱਝਰ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ ਸਮੇਤ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੇ ਆਜ਼ਾਦੀ ਖਾਤਰ ਲਾਸਾਨੀ ਕੁਰਬਾਨੀਆਂ ਦਿੱਤੀਆਂ।
ਇਹ ਵੀ ਬੜੇ ਮਾਣ ਵਾਲੀ ਗੱਲ ਹੈ ਕਿ ਆਜ਼ਾਦੀ ਦੇ ਸੰਗਰਾਮ ਦੌਰਾਨ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ, ਜੋ ਦੇਸ਼ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਮੋਹਰੀ ਰਹੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਸਰਕਾਰ ਦੀਆਂ ਵੱਡੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜ ਮਹੀਨਿਆਂ ਦੇ ਥੋੜ੍ਹੇ ਸਮੇਂ ਵਿੱਚ ਸੂਬਾ ਸਰਕਾਰ ਨੇ ‘ਇਕ ਵਿਧਾਇਕ, ਇੱਕ ਪੈਨਸ਼ਨ’ ਸਮੇਤ ਕਈ ਇਤਿਹਾਸਕ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ‘ਆਪ’ ਸਰਕਾਰ ਵੱਲੋਂ ਸ਼ੁਰੂ ਕੀਤੀ ‘ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ’ ਇੱਕ ਇਤਿਹਾਸਕ ਫੈਸਲਾ ਹੈ। ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ ਐਮੀਨੈਂਸ’ ਵਿੱਚ ਤਬਦੀਲ ਕਰਨ ਦੇ ਫੈਸਲੇ ਨਾਲ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹੋਰ ਬਿਹਤਰ ਹੋਵੇਗੀ ।
ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰ ਸਿਖਲਾਈ ਦੇ ਕੇ ਆਪਣੇ ਖੁਦ ਦੇ ਉੱਦਮ ਸ਼ੁਰੂ ਕਰਕੇ ਸਵੈ-ਰੋਜ਼ਗਾਰ ਦੇ ਯੋਗ ਬਣਾਉਣ ਲਈ 19 ਉਦਯੋਗਿਕ ਸਿਖਲਾਈ ਸੰਸਥਾਵਾਂ ਦੀ ਸਥਾਪਨਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਹਰਿਆਵਲ ਮੁਹਿੰਮ ਨੂੰ ਵੀ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ, ਜਿਸ ਤਹਿਤ ਸੂਬੇ ਭਰ ਵਿੱਚ ਹਰੇਕ ਹਲਕੇ ਵਿੱਚ 50,000 ਬੂਟੇ ਲਗਾਏ ਜਾਣਗੇ। ਕਮਜ਼ੋਰ ਵਰਗਾਂ ਲਈ 25,000 ਘਰਾਂ ਦੇ ਨਿਰਮਾਣ ਦਾ ਐਲਾਨ ਕਰਦਿਆਂ ਡਾ. ਨਿੱਝਰ ਨੇ ਕਿਹਾ ਕਿ ਇਹ ਘਰ ਗਰੀਬ ਪਰਿਵਾਰਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਕਰਨਗੇ। ਉਨ੍ਹਾਂ ਕਿਹਾ ਕਿ 26,000 ਖਾਲੀ ਅਸਾਮੀਆਂ ਨੂੰ ਭਰਨ ਲਈ ਭਰਤੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ।
ਡਾ. ਨਿੱਝਰ ਨੇ ਪਾਣੀ ਦੇ ਹੇਠਾਂ ਜਾ ਰਹੇ ਪੱਧਰ ਨੂੰ ਰੋਕਣ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਹੁਲਾਰਾ ਦਿੰਦਿਆਂ ਕੁਦਰਤੀ ਸਰੋਤਾਂ ਖਾਸ ਕਰਕੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਲੋਕਾਂ ਤੋਂ ਸੁਹਿਰਦ ਸਹਿਯੋਗ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੂੰਗੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਤੋਂ ਇਲਾਵਾ ਸਿੱਧੀ ਬਿਜਾਈ ‘ਤੇ 1500 ਰੁਪਏ ਪ੍ਰਤੀ ਏਕੜ ਸਬਸਿਡੀ ਵੀ ਦਿੱਤੀ ਜਾ ਰਹੀ ਹੈ। ਕਣਕ ਦੇ ਆਟੇ ਦੀ ਹੋਮ ਡਲਿਵਰੀ ਵੀ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਨਾਲ 1.58 ਕਰੋੜ ਲਾਭਪਾਤਰੀਆਂ ਨੂੰ ਸਕੀਮ ਦਾ ਲਾਭ ਮਿਲੇਗਾ। ਮੰਤਰੀ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਖੇਡ ਗਤੀਵਿਧੀਆਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਵੱਲੋਂ 29 ਅਗਸਤ ਤੋਂ ‘ਪੇਂਡੂ ਖੇਡ ਮੇਲਿਆਂ’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ।
ਡਾ. ਨਿੱਜਰ ਨੇ ਕਿਹਾ ਕਿ 1 ਜੁਲਾਈ,2022 ਤੋਂ ਘਰੇਲੂ ਬਿਜਲੀ ਖਪਤਕਾਰਾਂ ਨੂੰ ਪ੍ਰਤੀ ਬਿਲਿੰਗ ਸਾਈਕਲ 600 ਯੂਨਿਟ ਬਿਜਲੀ ਮੁਫ਼ਤ ਦੇਣੀ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਨਾਲ ਸੂਬੇ ਦੇ ਲੱਖਾਂ ਲੋਕਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਭਰ ਤੋਂ ਦਿੱਲੀ ਹਵਾਈ ਅੱਡੇ ਤੱਕ ਬੱਸਾਂ ਦਾ ਚੱਲਣਾ ਵੀ ਭਗਵੰਤ ਮਾਨ ਸਰਕਾਰ ਦੀ ਇੱਕ ਮਹੱਤਵਪੂਰਨ ਪ੍ਰਾਪਤੀ ਹੈ ਕਿਉਂਜੋ ਇਹ ਸੇਵਾ ਪੰਜਾਬੀਆਂ ਅਤੇ ਪ੍ਰਵਾਸੀ ਪੰਜਾਬੀਆਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗੀ। ਮੰਤਰੀ ਨੇ ਕਿਹਾ ਕਿ ਪੰਚਾਇਤੀ ਜ਼ਮੀਨਾਂ ਦੇ ਨਾਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ ਦਾ ਲੋਕਾਂ ਵੱਲੋਂ ਵੀ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਬਿਹਤਰ ਸਹੂਲਤਾਂ ਨੂੰ ਯਕੀਨੀ ਬਣਾਇਆ ਜਾ ਸਕੇ।
ਸਥਾਨਕ ਸਰਕਾਰ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਰੋਜ਼ਗਾਰ ਦੇ ਵਧੇਰੇ ਮੌਕੇ ਸੁਰੱਖਿਅਤ ਕਰਨ ਲਈ ਲਾਲੜੂ ਵਿਖੇ 20 ਏਕੜ ਵਿੱਚ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ ਟਰੇਨਿੰਗ ਸਥਾਪਤ ਕੀਤੀ ਜਾਵੇਗੀ।
ਡਾ. ਨਿੱਝਰ ਨੇ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਅਤੇ ਆਉਣ ਵਾਲੇ ਸਮੇਂ ਵਿੱਚ ਸੂਬੇ ਦੀ ਹੋਰ ਤਰੱਕੀ ਦੀ ਕਾਮਨਾ ਕਰਦਿਆਂ 76ਵੇਂ ਆਜ਼ਾਦੀ ਦਿਹਾੜੇ ਮੌਕੇ ਲੋਕਾਂ ਨੂੰ ਮੁਬਾਰਕਬਾਦ ਦਿੱਤੀ।
ਸਮਾਗਮ ਉਪਰੰਤ ਸਥਾਨਕ ਸਰਕਾਰ ਮੰਤਰੀ ਰਾਜਨ ਕਲੋਨੀ ਵਿੱਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕਰਵਾਉਣ ਲਈ ਵੀ ਗਏ। ਇਸ ਮੌਕੇ ਵਿਧਾਇਕ ਬਲਕਾਰ ਸਿੰਘ, ਸ਼ੀਤਲ ਅੰਗੂਰਾਲ ਅਤੇ ਰਮਨ ਅਰੋੜਾ, ਡਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਸਪਰਾ, ਏ.ਡੀ.ਜੀ.ਪੀ. ਅਰਪਿਤ ਸ਼ੁਕਲਾ, ਐਸ.ਐਸ.ਪੀ. (ਦਿਹਾਤੀ) ਸਵਰਨਦੀਪ ਸਿੰਘ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button