PunjabTop News

ਸਫ਼ਾਈ ਕਰਮਚਾਰੀਆਂ ਦੀ ਹੜਤਾਲ: ਪ੍ਰਦਰਸ਼ਨਕਾਰੀ ਦੀ ਸਿਹਤ ਵਿਗੜਨ ਤੋਂ ਬਾਅਦ ਵੱਡਾ ਐਕਸ਼ਨ, 7 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਭੰਡਾਰੀ ਪੁਲ ਵਿਖੇ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਧਰਨੇ ਅਤੇ ਭੁੱਖ ਹੜਤਾਲ ਨੇ ਹੁਣ ਗੰਭੀਰ ਰੂਪ ਧਾਰ ਲਿਆ ਹੈ। ਭੁੱਖ ਹੜਤਾਲ ‘ਤੇ ਬੈਠੇ ਕਰਮਚਾਰੀਆਂ ਦੀ ਸਿਹਤ ਲਗਾਤਾਰ ਵਿਗੜਨ ਕਾਰਨ ਮਾਹੌਲ ਤਣਾਅਪੂਰਨ ਬਣ ਗਿਆ ਹੈ। ਇਸ ਦੌਰਾਨ ਧੂਣਾ ਸਾਹਿਬ ਟਰੱਸਟ, ਪ੍ਰਸ਼ਾਸਨ ਅਤੇ ਵਾਲਮੀਕੀ ਜਥੇਬੰਦੀਆਂ ਦੇ ਆਗੂਆਂ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਆਪਣੇ-ਆਪਣੇ ਪੱਖ ਰੱਖੇ। ਇਸ ਮੌਕੇ ਵਾਲਮੀਕੀ ਭਾਈਚਾਰੇ ਵੱਲੋਂ ਭੰਡਾਰੀ ਪੁਲ ਦੇ ਕੂੜੇ ਦੇ ਢੇਰ ਲਗਾਏ ਗਏ। ਵਾਲਮੀਕੀ ਸਮਾਜ ਅਤੇ ਵੱਖ-ਵੱਖ ਸਮਾਜਿਕ ਜਥੇਬੰਦੀਆਂ ਨੇ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਧਰਨੇ ਦੌਰਾਨ ਸੰਤ ਮਲਕੀਤ ਨਾਥ ਨੇ ਐਲਾਨ ਕੀਤਾ ਕਿ ਜੇਕਰ ਪੰਜਾਬ ਸਰਕਾਰ ਨੇ 7 ਅਗਸਤ ਤੱਕ ਸਫਾਈ ਕਰਮਚਾਰੀਆਂ ਅਤੇ ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ ਨਹੀਂ ਮੰਨੀਆਂ ਤਾਂ ਪੂਰੇ ਪੰਜਾਬ ਵਿੱਚ ਮੁਕੰਮਲ ਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਬੰਦ ਦੌਰਾਨ ਹਾਈਵੇ, ਰੇਲ ਆਵਾਜਾਈ, ਬੱਸ ਸੇਵਾ ਅਤੇ ਹੋਰ ਜਨਤਕ ਗਤੀਵਿਧੀਆਂ ਪ੍ਰਭਾਵਿਤ ਰਹਿਣਗੀਆਂ
ਮਲਕੀਤ ਨਾਥ ਨੇ ਕਿਹਾ ਕਿ “ਜਥੇਬੰਦੀ ਦੇ ਨੁਮਾਇੰਦਿਆਂ ਵੱਲੋਂ ਆਪਣਾ ਮੰਗ ਪੱਤਰ ਸਰਕਾਰ ਤੱਕ ਪਹੁੰਚਾ ਦਿੱਤਾ ਗਿਆ ਹੈ ਅਤੇ ਇਸ ਵੇਲੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਇਸ ਮਾਮਲੇ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਸਰਕਾਰ ਕੋਲ ਅਜੇ ਵੀ ਮੌਕਾ ਹੈ ਕਿ ਉਹ ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਮੰਨ ਕੇ ਮਸਲੇ ਦਾ ਸ਼ਾਂਤੀਪੂਰਨ ਹੱਲ ਕੱਢੇ। ਜੇਕਰ ਅਜਿਹਾ ਨਹੀਂ ਹੁੰਦਾ ਤਾਂ 7 ਅਗਸਤ ਨੂੰ ਪੂਰੇ ਪੰਜਾਬ ਵਿੱਚ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਭੁੱਖ ਹੜਤਾਲ ‘ਤੇ ਬੈਠੇ ਕਈ ਨੌਜਵਾਨਾਂ ਦੀ ਸਿਹਤ ਬਹੁਤ ਖਰਾਬ ਹੋ ਚੁੱਕੀ ਹੈ। ਜੇਕਰ ਕਿਸੇ ਵੀ ਪ੍ਰਦਰਸ਼ਨਕਾਰੀ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਦੀ ਸਿਹਤ ਅਤੇ ਜਾਨ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।”
ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ 7 ਅਗਸਤ ਦੇ ਬੰਦ ਵਿੱਚ ਵੱਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਲੜਾਈ ਕਿਸੇ ਇੱਕ ਵਰਗ ਦੀ ਨਹੀਂ, ਸਗੋਂ ਇਨਸਾਫ਼ ਅਤੇ ਹੱਕਾਂ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਮੇਂ ਸਿਰ ਮੰਗਾਂ ਨਾ ਮੰਨੀਆਂ ਤਾਂ ਪੂਰੇ ਪੰਜਾਬ ਵਿੱਚ ਹਾਈਵੇ, ਰੇਲ, ਬੱਸਾਂ, ਬਾਜ਼ਾਰ ਅਤੇ ਹੋਰ ਜਨਤਕ ਗਤੀਵਿਧੀਆਂ ਬੰਦ ਰੱਖੀਆਂ ਜਾਣਗੀਆਂ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਸੰਤ ਮਲਕੀਤ ਨਾਥ ਨੇ ਕਿਹਾ ਕਿ ਪ੍ਰਦਰਸ਼ਨ ਦੌਰਾਨ ਕੂੜੇ ਦੇ ਢੇਰ ਲਗਾਉਣ ਦਾ ਫ਼ੈਸਲਾ ਵੀ ਭੁੱਖ ਹੜਤਾਲ ‘ਤੇ ਬੈਠੇ ਨੌਜਵਾਨਾਂ ਦੀ ਵਿਗੜਦੀ ਸਿਹਤ ਅਤੇ ਲੋਕਾਂ ਵਿੱਚ ਵੱਧ ਰਹੇ ਰੋਸ ਕਾਰਨ ਲਿਆ ਗਿਆ ਸੀ। ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਧਰਨੇ ਵਾਲੀ ਥਾਂ ‘ਤੇ ਪਹੁੰਚੇ ਸਨ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਸੀ ਕਿ ਸਰਕਾਰ ਨਾਲ ਸਿੱਧੀ ਗੱਲਬਾਤ ਕਰਕੇ ਮੰਗਾਂ ਦਾ ਹੱਲ ਕੱਢਿਆ ਜਾਵੇਗਾ। ਇਸ ਵੇਲੇ ਸਰਕਾਰ ਨਾਲ ਗੱਲਬਾਤ ਜਾਰੀ ਹੈ ਅਤੇ ਇੱਕ-ਦੋ ਦਿਨਾਂ ਵਿੱਚ ਸਥਿਤੀ ਸਪੱਸ਼ਟ ਹੋ ਜਾਵੇਗੀ।
ਇਸ ਮੌਕੇ ਏਡੀਸੀ (ਅਰਬਨ) ਰੁਪਿੰਦਰ ਪਾਲ ਸਿੰਘ ਨੇ ਦੱਸਿਆ ਕਿ “ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ ਸਰਕਾਰ ਤੱਕ ਪਹੁੰਚਾ ਦਿੱਤੀਆਂ ਗਈਆਂ ਹਨ ਅਤੇ ਸਰਕਾਰ ਉਨ੍ਹਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ। ਸਫਾਈ ਕਰਮਚਾਰੀਆਂ ਦੀ ਤਨਖ਼ਾਹ ਵਧਾ ਕੇ 20,500 ਰੁਪਏ ਕਰਨ ਦੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ ਇਸ ਸਬੰਧੀ ਪੱਤਰ ਵੀ ਪ੍ਰਾਪਤ ਹੋ ਗਿਆ ਹੈ। ਇਸ ਤੋਂ ਇਲਾਵਾ ਹੋਰ ਮੰਗਾਂ ਸਬੰਧੀ ਨੋਟੀਫਿਕੇਸ਼ਨ ਰਾਜਪਾਲ ਦੇ ਦਸਤਖ਼ਤ ਲਈ ਭੇਜਿਆ ਗਿਆ ਹੈ, ਜੋ ਜਲਦ ਜਾਰੀ ਹੋਣ ਦੀ ਉਮੀਦ ਹੈ। ਪ੍ਰਸ਼ਾਸਨ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਮਸਲੇ ਦਾ ਸ਼ਾਂਤੀਪੂਰਨ ਹੱਲ ਨਿਕਲ ਸਕੇ।”
ਵਾਲਮੀਕੀ ਜਥੇਬੰਦੀ ਦੇ ਆਗੂ ਅਮਨ ਮੂਲ ਨਿਵਾਸੀ ਨੇ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਬਰਨਾਲਾ ਵਿੱਚ ਸਫਾਈ ਕਰਮਚਾਰੀਆਂ, ਖ਼ਾਸ ਕਰਕੇ ਮਹਿਲਾਵਾਂ ਨਾਲ ਜੋ ਵਿਵਹਾਰ ਹੋਇਆ, ਉਹ ਬਹੁਤ ਨਿੰਦਣਯੋਗ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭੁੱਖ ਹੜਤਾਲ ‘ਤੇ ਬੈਠੇ ਸਾਥੀਆਂ ਦੀ ਸਿਹਤ ਖ਼ਰਾਬ ਹੋਣ ਦੇ ਬਾਵਜੂਦ ਪ੍ਰਸ਼ਾਸਨ ਨੇ ਸਮੇਂ ਸਿਰ ਢੁੱਕਵੇਂ ਇਲਾਜ ਦਾ ਪ੍ਰਬੰਧ ਨਹੀਂ ਕੀਤਾ। ਡਾਕਟਰੀ ਟੀਮਾਂ ਸਿਰਫ਼ ਰਸਮੀ ਕਾਰਵਾਈ ਕਰਕੇ ਵਾਪਸ ਚਲੀਆਂ ਜਾਂਦੀਆਂ ਰਹੀਆਂ, ਜਿਸ ਕਾਰਨ ਪ੍ਰਦਰਸ਼ਨਕਾਰੀਆਂ ਵਿੱਚ ਗੁੱਸਾ ਹੋਰ ਵਧ ਗਿਆ ਹੈ।
ਧੂਣਾ ਸਾਹਿਬ ਟਰੱਸਟ ਦੇ ਚੇਅਰਮੈਨ ਓਮ ਪ੍ਰਕਾਸ਼ ਗੱਬਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ “ਭੁੱਖ ਹੜਤਾਲ ‘ਤੇ ਬੈਠੇ ਨੌਜਵਾਨਾਂ ਦੀ ਸਿਹਤ ਕਾਫ਼ੀ ਖ਼ਰਾਬ ਹੋ ਚੁੱਕੀ ਹੈ, ਜਿਸ ਕਾਰਨ ਸਮਾਜ ਵਿੱਚ ਰੋਸ ਵਧ ਰਿਹਾ ਹੈ। ਸਰਕਾਰ ਨੂੰ ਇਸ ਮਾਮਲੇ ਨੂੰ ਹੋਰ ਲੰਮਾ ਨਹੀਂ ਖਿੱਚਣਾ ਚਾਹੀਦਾ, ਕਿਉਂਕਿ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਕੋਈ ਵੱਡੀਆਂ ਨਹੀਂ ਹਨ। ਪ੍ਰਦਰਸ਼ਨਕਾਰੀਆਂ ‘ਤੇ ਦਰਜ ਕੀਤੀਆਂ ਐਫਆਈਆਰਾਂ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਕਰਮਚਾਰੀਆਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾਣ। ਸਰਕਾਰ ਨੂੰ ਟਕਰਾਅ ਦੀ ਥਾਂ ਗੱਲਬਾਤ ਰਾਹੀਂ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਬਰਨਾਲਾ ਲਾਠੀਚਾਰਜ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਹੀਂ ਹੁੰਦੀ, ਠੇਕਾ ਪ੍ਰਥਾ ਖ਼ਤਮ ਨਹੀਂ ਕੀਤੀ ਜਾਂਦੀ ਅਤੇ ਸਫਾਈ ਕਰਮਚਾਰੀਆਂ ਨੂੰ ਪੱਕਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਧਰਨਾ ਜਾਰੀ ਰਹੇਗਾ। ਜਥੇਬੰਦੀਆਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਜਲਦ ਫ਼ੈਸਲਾ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵਿਆਪਕ ਕੀਤਾ ਜਾਵੇਗਾ।
ਸੰਗਰੂਰ ਨਗਰ ਕੌਂਸਲ ਦੀ ਬਿਲਡਿੰਗ ਦੇ ਅੰਦਰ ਈਓ ਦੇ ਦਫਤਰ ਬਾਹਰ ਸਫਾਈ ਕਰਮਚਾਰੀਆਂ ਨੇ ਕੂੜਾ ਕੇ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਸਫਾਈ ਕਰਮਚਾਰੀਆਂ ਨੇ ਕਿਹਾ ਡੀਸੀ ਸਾਹਿਬ ਨਾਲ ਮੀਟਿੰਗ ਦੇ ਵਿੱਚ ਸਮਝੌਤਾ ਹੋਇਆ ਸੀ ਕਿ ਸੰਗਰੂਰ ਦੇ ਵਿੱਚੋਂ ਸਿਰਫ 2-3 ਜਗਾਵਾਂ ਜਿਵੇਂ ਸਰਕਾਰੀ ਹਸਪਤਾਲ ਅਤੇ ਬੱਚਿਆਂ ਦੇ ਸਕੂਲ ਅੱਗੋਂ ਕੂੜੇ ਦੇ ਢੇਰ ਚੁੱਕਣੇ ਹਨ, ਜਿਨਾਂ ਤੇ ਅਸੀਂ ਸਹਿਮਤੀ ਜਤਾਈ ਸੀ। ਪਰ ਸੰਗਰੂਰ ਨਗਰ ਕੌਂਸਲ ਦੇ ਈਓ ਨੇ ਆਪਣੀ ਝੂਠੀ ਵਾਹ-ਵਾਹ ਖੱਟਣ ਦੇ ਲਈ ਸਾਡੇ ਸਮਝੌਤੇ ਤੋਂ ਬਾਹਰ ਹੋ ਕੇ ਹੋਰ ਕਈ ਜਗਾਵਾਂ ਤੋਂ ਵੀ ਸਫਾਈ ਕਰ ਦਿੱਤੀ। ਜਿਸ ਤੋਂ ਨਾਰਾਜ਼ ਹੋ ਕੇ ਸਫਾਈ ਕਰਮਚਾਰੀਆਂ ਨੇ ਈਓ ਨਗਰ ਕੌਂਸਲ ਦੇ ਦਫਤਰ ਅੱਗੇ ਕੂੜਾ ਸੁੱਟਿਆ ਅਤੇ ਰੋਸ ਪ੍ਰਦਰਸ਼ਨ ਕੀਤਾ ਕਿਉਂਕਿ ਉਹਨਾਂ ਨੇ ਡੀਸੀ ਮੈਡਮ ਦੇ ਨਾਲ ਹੋਏ ਸਮਝੌਤੇ ਤੋਂ ਬਾਹਰ ਹੋ ਕੇ ਕਾਰਵਾਈ ਕੀਤੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button