IndiaTop News

ਸ਼ੀ ਜਿਨਪਿੰਗ  ਆ ਸਕਦੇ ਨੇ ਭਾਰਤ, ਸਤੰਬਰ ‘ਚ ਬ੍ਰਿਕਸ ਸੰਮੇਲਨ

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਸਤੰਬਰ ਮਹੀਨੇ ਵਿੱਚ ਭਾਰਤ ਦੌਰੇ ਦੀਆਂ ਸੰਭਾਵਨਾਵਾਂ ਵਧ ਗਈਆਂ ਹਨ। ਭਾਰਤ ਵਿੱਚ 12 ਅਤੇ 13 ਸਤੰਬਰ ਨੂੰ 18ਵਾਂ ਬ੍ਰਿਕਸ ਸੰਮੇਲਨ ਹੋਣ ਜਾ ਰਿਹਾ ਹੈ। ਇਸ ਸੰਮੇਲਨ ਵਿੱਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਸ਼ਾਮਲ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਦੌਰੇ ਨੂੰ ਲੈ ਕੇ ਤਿਆਰੀਆਂ ਜਾਰੀ ਹਨ।
ਜੇਕਰ ਸ਼ੀ ਜਿਨਪਿੰਗ ਭਾਰਤ ਆਉਂਦੇ ਹਨ ਤਾਂ ਇਹ ਲਗਭਗ ਸੱਤ ਸਾਲਾਂ ਬਾਅਦ ਉਨ੍ਹਾਂ ਦੀ ਭਾਰਤ ਦੀ ਪਹਿਲੀ ਯਾਤਰਾ ਹੋਵੇਗੀ। ਉਹ ਆਖਰੀ ਵਾਰ ਅਕਤੂਬਰ 2019 ਵਿੱਚ ਭਾਰਤ ਆਏ ਸਨ। ਉਸ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼ੀ ਜਿਨਪਿੰਗ ਵਿਚਾਲੇ ਤਾਮਿਲਨਾਡੂ ਦੇ ਮਹਾਬਲੀਪੁਰਮ ਵਿੱਚ ਗੈਰ-ਰਸਮੀ ਮੁਲਾਕਾਤ ਹੋਈ ਸੀ। ਇਸ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਸਰਹੱਦੀ ਵਿਵਾਦਾਂ ਕਾਰਨ ਕਈ ਉਤਾਰ-ਚੜ੍ਹਾਅ ਆਏ ਹਨ।ਵਿਦੇਸ਼ ਮੰਤਰਾਲੇ ਨਾਲ ਜੁੜੇ ਸੂਤਰਾਂ ਅਨੁਸਾਰ ਚੀਨ ਵੱਲੋਂ ਸ਼ੀ ਜਿਨਪਿੰਗ ਦੇ ਭਾਰਤ ਦੌਰੇ ਦੀ ਅਜੇ ਤੱਕ ਰਸਮੀ ਪੁਸ਼ਟੀ ਨਹੀਂ ਕੀਤੀ ਗਈ। ਹਾਲਾਂਕਿ, ਦੋਵਾਂ ਦੇਸ਼ਾਂ ਦੀਆਂ ਐਡਵਾਂਸ ਟੀਮਾਂ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਅਤੇ ਦੌਰੇ ਸਬੰਧੀ ਹੋਰ ਗਤੀਵਿਧੀਆਂ ਨੇ ਇਸ ਸੰਭਾਵਨਾ ਨੂੰ ਮਜ਼ਬੂਤ ਕੀਤਾ ਹੈ।ਜੇਕਰ ਸ਼ੀ ਜਿਨਪਿੰਗ ਬ੍ਰਿਕਸ ਸੰਮੇਲਨ ਵਿੱਚ ਹਿੱਸਾ ਲੈਣ ਲਈ ਭਾਰਤ ਆਉਂਦੇ ਹਨ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਦੁਵੱਲੀ ਮੁਲਾਕਾਤ ਵੀ ਮਹੱਤਵਪੂਰਨ ਰਹੇਗੀ। ਇਸ ਮੁਲਾਕਾਤ ਦੌਰਾਨ ਭਾਰਤ-ਚੀਨ ਸਬੰਧਾਂ, ਸਰਹੱਦੀ ਵਿਵਾਦਾਂ ਅਤੇ ਦੋਵਾਂ ਦੇਸ਼ਾਂ ਵਿਚਾਲੇ ਸ਼ਾਂਤੀ ਅਤੇ ਸਥਿਰਤਾ ਨਾਲ ਜੁੜੇ ਮੁੱਦਿਆਂ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ।ਭਾਰਤ ਅਤੇ ਚੀਨ ਵਿਚਾਲੇ ਪੂਰਬੀ ਲੱਦਾਖ ਵਿੱਚ ਅਸਲ ਕੰਟਰੋਲ ਰੇਖਾ ਨਾਲ ਜੁੜੇ ਵਿਵਾਦ ਨੇ ਪਿਛਲੇ ਕਈ ਸਾਲਾਂ ਦੌਰਾਨ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਪ੍ਰਭਾਵਿਤ ਕੀਤਾ ਹੈ। ਦੋਵੇਂ ਪੱਖ ਸਰਹੱਦੀ ਖੇਤਰਾਂ ਵਿੱਚ ਤਣਾਅ ਘਟਾਉਣ ਅਤੇ ਗੱਲਬਾਤ ਰਾਹੀਂ ਮੁੱਦਿਆਂ ਦਾ ਹੱਲ ਲੱਭਣ ਲਈ ਕਈ ਦੌਰ ਦੀਆਂ ਬੈਠਕਾਂ ਕਰ ਚੁੱਕੇ ਹਨ।
ਬ੍ਰਿਕਸ ਸੰਮੇਲਨ ਦੌਰਾਨ ਸ਼ੀ ਜਿਨਪਿੰਗ ਅਤੇ ਮੋਦੀ ਦੀ ਸੰਭਾਵਿਤ ਮੁਲਾਕਾਤ ਨੂੰ ਇਸ ਲਈ ਵੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਇਸ ਨਾਲ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਵਿੱਚ ਅੱਗੇ ਵਧਣ ਦੀ ਦਿਸ਼ਾ ਤੈਅ ਹੋ ਸਕਦੀ ਹੈ। ਫਿਲਹਾਲ ਦੁਨੀਆ ਦੀਆਂ ਨਜ਼ਰਾਂ ਚੀਨ ਵੱਲੋਂ ਸ਼ੀ ਜਿਨਪਿੰਗ ਦੇ ਭਾਰਤ ਦੌਰੇ ਦੀ ਰਸਮੀ ਪੁਸ਼ਟੀ ’ਤੇ ਟਿਕੀਆਂ ਹੋਈਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button