
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਸੀਨੀਅਰ ਮੈਂਬਰਾਂ ’ਤੇ ਕਾਰਵਾਈ ਕੀਤੀ ਗਈ ਹੈ। ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਨੇ ਸਖ਼ਤ ਰੁਖ ਅਪਣਾਉਂਦੇ ਹੋਏ ਸ਼੍ਰੋਮਣੀ ਕਮੇਟੀ ਦੇ ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਸ. ਜਸਵੰਤ ਸਿੰਘ ਪੁੜੈਣ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਸਪਸ਼ਟੀਕਰਨ ਮੰਗਿਆ ਹੈ। ਦੋਵਾਂ ਮੈਂਬਰਾਂ ’ਤੇ ਦੋਸ਼ ਹੈ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਹਿਲਾਂ ਹੀ ‘ਗੁਰੂ ਦੋਖੀ’ ਐਲਾਨਿਆ ਜਾ ਚੁੱਕਾ ਹੈ। ਇਸ ਨੂੰ ਪੰਥਕ ਮਰਿਆਦਾ ਦੀ ਸਿੱਧੀ ਉਲੰਘਣਾ ਦੱਸਿਆ ਗਿਆ ਹੈ।
ਸਕੱਤਰੇਤ ਵੱਲੋਂ ਜਾਰੀ ਅਧਿਕਾਰਤ ਪੱਤਰ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਦੇ ਹੁਕਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ “ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ” ਐਲਾਨਿਆ ਜਾ ਚੁੱਕਾ ਹੈ। ਨਿਯਮਾਂ ਤਹਿਤ ਕਿਸੇ ਵੀ ਸਿੱਖ ਸੰਸਥਾ ਦੇ ਚੁਣੇ ਹੋਏ ਨੁਮਾਇੰਦੇ ਜਾਂ ਜ਼ਿੰਮੇਵਾਰ ਮੈਂਬਰ ਦਾ ਉਨ੍ਹਾਂ ਨਾਲ ਮੇਲ-ਜੋਲ ਰੱਖਣਾ ਪੂਰੀ ਤਰ੍ਹਾਂ ਮਨਾਹੀ ਹੈ। ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹੁਕਮ ’ਤੇ ਜਾਰੀ ਇਸ ਨੋਟਿਸ ’ਚ ਦੋਵਾਂ ਮੈਂਬਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ 10 ਦਿਨਾਂ ਦੇ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ’ਚ ਨਿੱਜੀ ਤੌਰ ’ਤੇ ਪੇਸ਼ ਹੋਣ। ਉਨ੍ਹਾਂ ਨੂੰ ਇਸ ਅਨੁਸ਼ਾਸਨਹੀਣਤਾ ਸਬੰਧੀ ਆਪਣਾ ਲਿਖਤੀ ਸਪਸ਼ਟੀਕਰਨ ਪੇਸ਼ ਕਰਨ ਲਈ ਕਿਹਾ ਗਿਆ ਹੈ।
ਅਕਾਲ ਤਖ਼ਤ ਸਾਹਿਬ ਨੇ ਦੋਵਾਂ ਮੈਂਬਰਾਂ ਖ਼ਿਲਾਫ਼ ਅਨੁਸ਼ਾਸਨਾਤਮਕ ਕਾਰਵਾਈ ਵੀ ਕੀਤੀ ਹੈ। ਜਦੋਂ ਤੱਕ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਨਹੀਂ ਸੌਂਪਦੇ ਤੇ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਮਾਮਲੇ ’ਤੇ ਅੰਤਿਮ ਫ਼ੈਸਲਾ ਨਹੀਂ ਲਿਆ ਜਾਂਦਾ, ਉਦੋਂ ਤੱਕ ਦੋਵਾਂ ਮੈਂਬਰਾਂ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਿਸੇ ਵੀ ਤਰ੍ਹਾਂ ਦੀ ਮੀਟਿੰਗ ਜਾਂ ਇਕੱਤਰਤਾ ’ਚ ਸ਼ਾਮਲ ਹੋਣ ’ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




