ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ ਸਿੱਖ ਮਸਲਿਆਂ ਸਬੰਧੀ ਲਏ ਕਈ ਅਹਿਮ ਫੈਸਲੇ
ਅੰਮ੍ਰਿਤਸਰ, 20 ਮਈ 2023 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ‘ਚ ਜੰਤਰ ਮੰਤਰ ਵਿਖੇ ਧਰਨੇ ‘ਤੇ ਬੈਠੀਆਂ ਓਲੰਪੀਅਨ ਭਲਵਾਨਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੱਕ ਪਾਸੇ ਸਰਕਾਰਾਂ ਬੱਚੀਆਂ ਨੂੰ ਉੱਚਾ ਚੁੱਕਣ ਦੀ ਗੱਲ ਕਰਦੀਆਂ ਹਨ, ਜਦਕਿ ਦੂਜੇ ਪਾਸੇ ਦੇਸ਼ ਦਾ ਨਾਂ ਰੋਸ਼ਨ ਕਰਨ ਵਾਲੀਆਂ ਓਲੰਪੀਅਨ ਭਲਵਾਨ ਲੜਕੀਆਂ ਕੇਂਦਰ ਸਰਕਾਰ ਦੇ ਬਰੂਹਾਂ ‘ਤੇ ਬੈਠ ਕੇ ਇਨਸਾਫ਼ ਲਈ ਲੜ ਰਹੀਆਂ ਹਨ। ਉਨ੍ਹਾਂ ਕਿਹਾ ਇਹ ਮਾਮਲਾ ਲੜਕੀਆਂ ਦੀ ਇੱਜਤ ਅਤੇ ਸਨਮਾਨ ਨਾਲ ਜੁੜਿਆ ਹੋਇਆ ਹੈ ਜਿਸ ਪ੍ਰਤੀ ਸਰਕਾਰ ਸੰਜੀਦਗੀ ਦਿਖਾ ਕਿ ਦੋਸ਼ੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਨੂੰ ਅਮਲ ਵਿੱਚ ਲਿਆਵੇ। ਐਡਵੋਕੇਟ ਧਾਮੀ ਨੇ ਆਖਿਆ ਕਿ ਸਿੱਖ ਕੌਮ ਆਪਣੇ ਇਤਿਹਾਸ, ਰਵਾਇਤਾਂ ਅਤੇ ਪਰੰਪਰਾਵਾਂ ਦੀ ਤਰਜਮਾਨੀ ਕਰਦਿਆਂ ਇਨ੍ਹਾਂ ਸੰਘਰਸ਼ੀ ਖਿਡਾਰਣਾਂ ਦਾ ਸਮਰਥਨ ਕਰਦੀ ਹੈ। ਜਲਦ ਹੀ ਇਨ੍ਹਾਂ ਖਿਡਾਰਣਾਂ ਨੂੰ ਮਿਲਣ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਵਫ਼ਦ ਦਿੱਲੀ ਭੇਜਿਆ ਜਾਵੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਕੱਤਰਤਾ ਦੇ ਹੋਰ ਫੈਸਲਿਆਂ ਬਾਰੇ ਦੱਸਿਆ ਕਿ ਸੋਸ਼ਲ ਮੀਡੀਆ ‘ਤੇ ਸਿੱਖ ਵਿਰੋਧੀ ਬਿਰਤਾਂਤ ਸਿਰਜਣ ਵਾਲਿਆਂ ਨੂੰ ਹੁਣ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਲਿਆ ਹੈ। ਐਡਵੋਕੇਟ ਧਾਮੀ ਨੇ ਕਿ ਸਿੱਖਾਂ ਖਿਲਾਫ ਕਈ ਸੋਸ਼ਲ ਮੀਡੀਆ ਮੰਚ ਅਤੇ ਖਾਤੇ ਲਗਾਤਾਰ ਝੂਠਾ ਤੇ ਨਫ਼ਰਤੀ ਪ੍ਰਚਾਰ ਕਰ ਰਹੇ ਹਨ, ਜਿਨ੍ਹਾਂ ‘ਤੇ ਸਰਕਾਰਾਂ ਸ਼ਿਕੰਜਾ ਨਹੀਂ ਕੱਸ ਰਹੀਆਂ। ਅਜਿਹੇ ਕਈ ਖਾਤਿਆਂ ਦੀ ਪਛਾਣ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਪੁਲਿਸ ਪ੍ਰਸ਼ਾਸਨ ਪਾਸ ਸ਼ਿਕਾਇਤਾਂ ਵੀ ਭੇਜੀਆਂ ਜਾ ਚੁੱਕੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹੁਣ ਇਸ ਮਾਮਲੇ ਨੂੰ ਸਬੂਤਾਂ ਸਮੇਤ ਭਾਰਤ ਸਰਕਾਰ ਪਾਸ ਪੇਸ਼ ਕੀਤਾ ਜਾਵੇਗਾ ਅਤੇ ਜੇਕਰ ਫਿਰ ਵੀ ਕਾਰਵਾਈ ਨਾ ਹੋਈ ਤਾਂ ਮਾਮਲਾ ਅਦਾਲਤ ਵਿੱਚ ਲੈ ਕੇ ਜਾਵਾਂਗੇ।
ਐਡਵੋਕੇਟ ਧਾਮੀ ਪੰਜਾਬ ਅੰਦਰ ਲਗਾਤਾਰ ਵਾਪਰ ਰਹੀਆਂ ਬੇਅਦਬੀ ਅਤੇ ਗੁਰਦੁਆਰਾ ਸਾਹਿਬਾਨ ਦੀ ਮਰਯਾਦਾ ਭੰਗ ਕਰਨ ਵਾਲੀਆਂ ਘਟਨਾਵਾਂ ‘ਤੇ ਸਰਕਾਰ ਦੇ ਅਵੇਸਲੇਪਣ ਦੀ ਵੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਫਿਕਰਮੰਦੀ ਦੀ ਗੱਲ ਹੈ ਕਿ ਪੰਜਾਬ ਅੰਦਰ ਧਾਰਮਿਕ ਜਜ਼ਬਾਤਾਂ ਨਾਲ ਖੇਡਣ ਵਾਲਿਆਂ ਦੇ ਹੌਸਲੇ ਲਗਾਤਾਰ ਵਧ ਰਹੇ ਹਨ। ਪੰਜਾਬ ਦੀ ਸਰਕਾਰ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਇਸ ‘ਤੇ ਗਹਿਰੀ ਚਿੰਤਾ ਪ੍ਰਗਟਾਈ ਅਤੇ ਇਸ ਮਾਮਲੇ ਨੂੰ ਕੇਂਦਰ ਦੇ ਗ੍ਰਹਿ ਮੰਤਰਾਲੇ ਪਾਸ ਰੱਖਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲਿਆਂ ਖਿਲਾਫ ਸਖ਼ਤ ਕਾਨੂੰਨ ਬਣਨੇ ਚਾਹੀਦੇ ਹਨ ਅਤੇ ਸਮੇਂ ਸਿਰ ਮਿਸਾਲੀ ਸਜ਼ਾਵਾਂ ਦੇਣੀਆਂ ਚਾਹੀਦੀਆਂ ਹਨ।
ਉਨ੍ਹਾਂ ਗੁਰਦੁਆਰਾ ਕਮੇਟੀਆਂ ਅਤੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਹਰ ਸਮੇਂ ਗੁਰੂ ਘਰ ਅੰਦਰ ਪਹਿਰੇਦਾਰੀ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਐਡਵੇਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਡਾਂਗਮਾਰ ਸਿੱਕਮ ਅਤੇ ਗੁਰਦੁਆਰਾ ਤਪੋਅਸਥਾਨ ਗੁਰੂ ਨਾਨਕ ਦੇਵ ਜੀ ਮੇਚੁਕਾ ਅਰੁਣਾਚਲ ਪ੍ਰਦੇਸ਼ ਦੇ ਮਾਮਲਿਆਂ ਸਬੰਧੀ ਕਮੇਟੀਆਂ ਗਠਤ ਕੀਤੀਆਂ ਜਾ ਚੁੱਕੀਆਂ ਹਨ, ਜੋ ਜਲਦ ਹੀ ਸਬੰਧਤ ਸਰਕਾਰਾਂ ਨਾਲ ਗੱਲਬਾਤ ਲਈ ਜਾਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਦੋਵੇਂ ਮਾਮਲੇ ਬੋਧੀਆਂ ਨਾਲ ਸਬੰਧਤ ਹਨ, ਇਸ ਲਈ ਵਫ਼ਦ ਵੱਲੋਂ ਦਲਾਈਲਾਮਾ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ। ਬੰਦੀ ਸਿੰਘਾਂ ਦੀ ਰਿਹਾਈ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ 26 ਲੱਖ ਦੇ ਕਰੀਬ ਪ੍ਰੋਫਾਰਮੇ ਭਰੇ ਹਨ ਜੋ ਜਲਦ ਰਾਜਪਾਲ ਪੰਜਾਬ ਰਾਹੀਂ ਦੇਸ਼ ਦੇ ਰਾਸ਼ਟਰਪਤੀ ਨੂੰ ਭੇਜੇ ਜਾਣਗੇ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਸਿੱਖ ਮਸਲਿਆਂ ਨੂੰ ਲੈ ਕੇ ਭਾਰਤ ਦੇ ਰਾਸ਼ਟਰਪਤੀ ਪਾਸੋਂ ਵੀ ਮਿਲਣ ਵਾਸਤੇ ਸਮਾਂ ਮੰਗਿਆ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੀਤੇ ਸਮੇਂ ਸ੍ਰੀ ਦਰਬਾਰ ਸਾਹਿਬ ਨੇੜੇ ਹੋਏ ਧਮਾਕਿਆਂ ਦੇ ਮੱਦੇਨਜ਼ਰ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਗਏ ਹਨ ਅਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਬਾਰੇ ਵੀ ਕਾਰਵਾਈ ਜਾਰੀ ਹੈ।
ਐਡਵੋਕੇਟ ਧਾਮੀ ਅਨੁਸਾਰ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਸ. ਪਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਸ਼ੋਕ ਮਤਾ ਪਾਸ ਕਰਕੇ ਸ਼ਰਧਾਂਜਲੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸ. ਬਾਦਲ ਦੀਆਂ ਪੰਜਾਬ ਅਤੇ ਪੰਥ ਪ੍ਰਤੀ ਵੱਡੀਆਂ ਸੇਵਾਵਾਂ ਹਨ ਜਿਨ੍ਹਾਂ ਨੂੰ ਭੁਲਾਇਆ ਨਹੀਂ ਜਾ ਸਕਦਾ।
ਇਕੱਤਰਤਾ ‘ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਸ. ਮੋਹਨ ਸਿੰਘ ਬੰਗੀ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ. ਗੁਰਨਾਮ ਸਿੰਘ ਜੱਸਲ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਸ. ਭੁਪਿੰਦਰ ਸਿੰਘ ਅਸੰਧ ਤੇ ਸ. ਮਲਕੀਤ ਸਿੰਘ ਚੰਗਾਲ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸਿਮਰਜੀਤ ਸਿੰਘ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸੁਪਰਡੰਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਤਰਸੇਮ ਸਿੰਘ ਗਿੱਲ, ਸ. ਗੁਰਪ੍ਰਤਾਪ ਸਿੰਘ ਮਸਾਣੀਆਂ, ਐਕਸੀਅਨ ਸ. ਜਤਿੰਦਰਪਾਲ ਸਿੰਘ, ਸ. ਸੁਖਜਿੰਦਰ ਸਿੰਘ ਆਦਿ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.