Press ReleasePunjabTop News

ਸਾਲ 2023-24 ਦਾ ਬਜਟ ‘ਆਮ ਲੋਕਾਂ ਦਾ ਬਜਟ’-ਮੁੱਖ ਮੰਤਰੀ ਵੱਲੋਂ ਭਰਵੀਂ ਸ਼ਲਾਘਾ

ਬਜਟ ਨੂੰ ਨਵੇਂ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਦੀ ਬੁਨਿਆਦ ਦੱਸਿਆ

ਸਾਡੀ ਸਰਕਾਰ ਦੇ ਪਲੇਠੇ ਸੰਪੂਰਨ ਬਜਟ ਵਿਚ ਸਿਹਤ, ਸਿੱਖਿਆ, ਖੇਤੀਬਾੜੀ, ਰੋਜ਼ਗਾਰ ਵਰਗੇ ਪ੍ਰਮੁੱਖ ਖੇਤਰਾਂ ਲਈ ਫੰਡਾਂ ਵਿਚ ਇਜ਼ਾਫਾ  

ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਨੂੰ ਹੁਲਾਰਾ ਦੇਣ ਲਈ ਲੋਕਾਂ ਉਤੇ ਕੋਈ ਟੈਕਸ ਨਾ ਲਾਇਆ

ਸੂਬੇ ਵਿਚ ਆਸ ਦੀ ਨਵੀਂ ਕਿਰਨ ਜਗਾਏਗਾ ਬਜਟ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਸਾਲ 2023-24 ਦੇ ਬਜਟ ਨੂੰ ‘ਆਮ ਲੋਕਾਂ ਦਾ ਬਜਟ’ ਦੱਸਦਿਆਂ ਇਸ ਦਾ ਸ਼ਲਾਘਾ ਕਰਦੇ ਹੋਏ ਇਸ ਬਜਟ ਨੂੰ ਨਵੇਂ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਦੀ ਰੂਪ-ਰੇਖਾ ਕਰਾਰ ਦਿੱਤਾ ਹੈ। ਇਕ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਠੀਕ ਇਕ ਸਾਲ ਬਾਅਦ ਇਹ ਟੈਕਸ ਮੁਕਤ ਬਜਟ ਪੇਸ਼ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਪਲੇਠੇ ਸੰਪੂਰਨ ਬਜਟ ਦਾ ਮਨੋਰਥ ਸੂਬੇ ਦੇ ਵਿਕਾਸ ਨੂੰ ਵੱਡੀ ਪੱਧਰ ਉਤੇ ਹੁਲਾਰਾ ਦੇਣਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਬਜਟ ਸੂਬੇ ਵਿਚ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਨੂੰ ਯਕੀਨੀ ਬਣਾ ਕੇ ਆਮ ਲੋਕਾਂ ਦੀ ਤਕਦੀਰ ਬਦਲ ਦੇਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਵਚਨਬੱਧਤਾ ਦੇ ਮੁਤਾਬਕ ਬਜਟ ਵਿਚ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦਾ ਖਾਕਾ ਪੇਸ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਬਜਟ ਹਰੇਕ ਖੇਤਰ ਵਿਚ ਵਿਕਾਸ ਨੂੰ ਹੁਲਾਰਾ ਦੇਵੇਗਾ ਅਤੇ ਸੂਬੇ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਏਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਹ ਬਜਟ ਸੂਬਾ ਸਰਕਾਰ ਦੀਆਂ ਅਗਾਂਹਵਧੂ ਨੀਤੀਆਂ ਦੇ ਸੁਮੇਲ ਨਾਲ ਸੂਬੇ ਦੀ ਤਰੱਕੀ ਲਈ ਮਦਦਗਾਰ ਸਾਬਤ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਨੌਜਵਾਨਾਂ ਨੂੰ 26797 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਬਜਟ ਵਿਚ ਰੈਗੂਲਰ ਭਰਤੀ ਅਤੇ ਪੰਜਾਬੀਆਂ ਲਈ ਪ੍ਰਾਈਵੇਟ ਖੇਤਰ ਵਿਚ ਨੌਕਰੀਆਂ ਲਈ ਮਾਹੌਲ ਸਿਰਜਣ ਦੀ ਵਿਵਸਥਾ ਕੀਤੀ ਗਈ ਹੈ ਤਾਂ ਕਿ ਵਿਦੇਸ਼ ਜਾਣ ਦੇ ਰੁਝਾਨ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2023-24 ਲਈ 1,96,462 ਕਰੋੜ ਰੁਪਏ ਦਾ ਕੁੱਲ ਬਜਟ ਖਰਚਾ ਰੱਖਿਆ ਗਿਆ ਹੈ ਜਿਸ ਵਿਚ ਬੀਤੇ ਵਿੱਤੀ ਵਰ੍ਹੇ 2022-23 ਦੇ ਮੁਕਾਬਲੇ 26 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਖੇਤੀਬਾੜੀ ਤੇ ਸਹਾਇਕ ਕਿੱਤਿਆਂ ਲਈ ਬਜਟ ਵਿਚ 20 ਫੀਸਦੀ ਦਾ ਇਜ਼ਾਫਾ ਕੀਤਾ ਗਿਆ ਤਾਂ ਕਿ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਖੇਤੀਬਾੜੀ ਨੀਤੀ ਲਿਆਉਣ ਦੀ ਵਿਵਸਥਾ ਬਹੁਮੁੱਲੇ ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਕਿਸਾਨਾਂ ਦੀ ਆਮਦਨ ਵਧਾ ਕੇ ਉਨ੍ਹਾਂ ਨੂੰ ਮੌਜੂਦਾ ਖੇਤੀ ਸੰਕਟ ਵਿੱਚੋਂ ਕੱਢਣ ਦੇ ਉਦੇਸ਼ ਦੀ ਪੂਰਤੀ ਹੋਵੇਗੀ। ਉਨ੍ਹਾਂ ਦੱਸਿਆ ਕਿ ਆਉਂਦੇ ਵਿੱਤੀ ਸਾਲ ਦੌਰਾਨ ਖੇਤੀ ਵੰਨ-ਸੁਵੰਨਤਾ ਲਈ ਵਿਸ਼ੇਸ਼ ਸਕੀਮ ਵਾਸਤੇ 1000 ਕਰੋੜ ਰੁਪਏ ਰੱਖੇ ਗਏ ਹਨ ਜੋ ਕਿਸਾਨਾਂ ਦੀ ਭਲਾਈ ਲਈ ਬਹੁਤ ਸਹਾਈ ਸਿੱਧ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਮੌਸਮ ਦੇ ਕਹਿਰ ਅਤੇ ਹੋਰ ਆਫ਼ਤਾਂ ਤੋਂ ਬਚਾਉਣ ਲਈ ਫਸਲੀ ਬੀਮਾ ਮੁਹੱਈਆ ਕਰਵਾਉਣ ਦਾ ਪ੍ਰਸਤਾਵ ਵੀ ਇਤਿਹਾਸਕ ਫੈਸਲਾ ਹੈ ਜੋ ਕਿਸਾਨਾਂ ਦੇ ਹਿੱਤ ਮਹਿਫੂਜ਼ ਰੱਖੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ, ਗੁਰਦਾਸਪੁਰ, ਪਟਿਆਲਾ, ਬਠਿੰਡਾ ਅਤੇ ਫਰੀਦਕੋਟ ਵਿਚ ਪੰਜ ਨਵੇਂ ਹੌਰਟੀਕਲਚਰ ਅਸਟੇਟ ਸਥਾਪਤ ਕਰਨ ਅਤੇ ਮਿਲਕਫੈੱਡ ਦੀ ਕਾਇਆਕਲਪ ਕਰਨ ਲਈ ਅਗਲੇ ਵਿੱਤੀ ਸਾਲ ਲਈ 100 ਕਰੋੜ ਰੁਪਏ ਰੱਖੇ ਗਏ ਹਨ ਜਿਸ ਨਾਲ ਕਿਸਾਨਾਂ ਦੀ ਭਲਾਈ ਲਈ ਭਵਿੱਖ ਵਿਚ ਨਵੀਆਂ ਬੁਲੰਦੀਆਂ ਛੂਹਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸਕੂਲ ਤੇ ਉਚੇਰੀ ਸਿੱਖਿਆ ਲਈ 17072 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ ਜੋ ਬੀਤੇ ਸਾਲ ਨਾਲੋਂ 12 ਫੀਸਦੀ ਵੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਕੂਲ ਆਫ ਐਮੀਨੈਂਸ ਵਿਚ ਤਬਦੀਲ ਕਰਨ ਲਈ 200 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਹੋਰ ਪੱਛੜੀਆਂ ਸ਼੍ਰੇਣੀਆਂ ਲਈ 18 ਕਰੋੜ ਰੁਪਏ ਅਤੇ ਐਸ.ਸੀ. ਵਿਦਿਆਰਥੀਆਂ ਲਈ 60 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 14,500 ਤੋਂ ਵੱਧ ਯੂਥ ਕਲੱਬਾਂ ਨੂੰ ਮੁੜ-ਸਰਗਰਮ ਕਰਨ ਦੀ ਤਜਵੀਜ਼ ਨਾਲ ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਦਿਸ਼ਾ ਵੱਲ ਲਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਇਹ ਵੀ ਆਖਿਆ ਕਿ ਮੈਡੀਕਲ ਸਿੱਖਿਆ ਤੇ ਖੋਜ ਲਈ 1,015 ਕਰੋੜ ਰੁਪਏ ਰੱਖਣ ਨਾਲ ਸੂਬੇ ਨੂੰ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਵਿਕਸਤ ਕਰਨ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ, ਪੀ.ਏ.ਯੂ., ਗਡਵਾਸੂ, ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਰਗੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਇਨ੍ਹਾਂ ਨਾਲ ਜੁੜੇ ਕਾਲਜਾਂ ਲਈ 990 ਕਰੋੜ ਰੁਪਏ ਦੀ ਮਾਲੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਸੂਬੇ ਵਿੱਚ ਸਮੁੱਚੇ ਸਿੱਖਿਆ ਢਾਂਚੇ ਦਾ ਕਾਇਆ-ਕਲਪ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਲਈ 4781 ਕਰੋੜ ਰੁਪਏ ਰੱਖੇ ਗਏ ਹਨ, ਜੋ ਪਿਛਲੇ ਸਾਲ ਨਾਲੋਂ 11 ਫੀਸਦੀ ਵੱਧ ਹਨ। ਇਸੇ ਤਰ੍ਹਾਂ ਰੋਜ਼ਗਾਰ ਪੈਦਾ ਕਰਨ ਤੇ ਸਕਿੱਲ ਡਿਵੈਲਪਮੈਂਟ ਲਈ 231 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜੋ ਪਿਛਲੇ ਸਾਲ ਨਾਲੋਂ 36 ਫੀਸਦੀ ਜ਼ਿਆਦਾ ਹੈ, ਜਿਸ ਨਾਲ ਨੌਜਵਾਨਾਂ ਨੂੰ ਮਿਆਰੀ ਹੁਨਰ ਸਿਖਲਾਈ ਦੇਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਹੁਨਰਮੰਦ ਨੌਜਵਾਨਾਂ ਦਾ ਇਕ ਵੱਖਰਾ ਪੂਲ ਬਣਾਉਣ ਵਿੱਚ ਮਦਦ ਮਿਲੇਗੀ, ਜਿਸ ਨਾਲ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਲਈ ਵੱਡੀ ਗਿਣਤੀ ਵਿੱਚ ਰਿਆਇਤਾਂ ਦੇ ਕੇ ਸਨਅਤੀ ਇਕਾਈਆਂ ਦੀ ਸਹਾਇਤਾ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ‘ਪੰਜਾਬ ਸਿੱਖਿਆ-ਤੇ-ਸਿਹਤ ਫੰਡ’ ਪਰਵਾਸੀ ਭਾਰਤੀਆਂ ਦੀ ਸਰਗਰਮ ਭਾਈਵਾਲੀ ਨਾਲ ਸਿੱਖਿਆ ਤੇ ਸਿਹਤ ਖੇਤਰਾਂ ਦੀ ਤਬਦੀਲੀ ਲਈ ਪ੍ਰੇਰਕ ਵਜੋਂ ਕੰਮ ਕਰੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪੁਲਿਸ ਬਲ ਦੇ ਆਧੁਨਿਕੀਕਰਨ ਨਾਲ ਕਾਨੂੰਨ-ਵਿਵਸਥਾ ਅਤੇ ਅਪਰਾਧ ਨਾਲ ਨਜਿੱਠਣ ਵਿੱਚ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਸਾਈਬਰ ਅਪਰਾਧ ਨਾਲ ਸਿੱਝਣ ਲਈ ਵਿਸ਼ੇਸ਼ ਫੰਡ ਰੱਖਿਆ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਬਜਟ ਵਿੱਚ ਵੱਖ-ਵੱਖ ਭਲਾਈ ਸਕੀਮਾਂ, ਐਸ.ਸੀ., ਬੀ.ਸੀ., ਘੱਟ ਗਿਣਤੀਆਂ ਤੇ ਸਮਾਜ ਦੇ ਸਾਰੇ ਦਬੇ-ਕੁਚਲੇ ਵਰਗਾਂ ਦੇ ਸਮੁੱਚੇ ਵਿਕਾਸ ਤੇ ਸੁਰੱਖਿਆ ਅਤੇ ਇਨ੍ਹਾਂ ਵਰਗਾਂ ਨੂੰ ਵੱਧ ਅਖ਼ਤਿਆਰ ਦੇਣ ਉਤੇ ਧਿਆਨ ਕੇਂਦਰਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 26,295 ਕਰੋੜ ਰੁਪਏ ਦੇ ਕੁੱਲ ਬਜਟ ਨਾਲ ਸੂਬੇ ਦੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਤੇ ਮੁਰੰਮਤ ਉਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਇਸ ਵਾਰ ਇਸ ਖ਼ੇਤਰ ਲਈ ਪਿਛਲੇ ਵਿੱਤੀ ਵਰ੍ਹੇ ਨਾਲੋਂ 13 ਫੀਸਦੀ ਵੱਧ ਬਜਟ ਰੱਖਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਬਜਟ ਵਿੱਚ ਸੜਕਾਂ ਦੇ ਨਿਰਮਾਣ ਤੇ ਮੁਰੰਮਤ, ਪੇਂਡੂ ਇਲਾਕਿਆਂ ਦੇ ਵਿਆਪਕ ਵਿਕਾਸ, ਨਹਿਰਾਂ ਦੀ ਸਫ਼ਾਈ ਤੇ ਮਜ਼ਬੂਤੀ, ਸਰਕਾਰੀ ਟਰਾਂਸਪੋਰਟ ਖ਼ੇਤਰ ਦੇ ਨਵੀਨੀਕਰਨ, ਬਿਜਲੀ ਸਬਸਿਡੀ ਅਤੇ ਹੋਰ ਖ਼ੇਤਰਾਂ ਲਈ ਕਾਫ਼ੀ ਬਜਟ ਮੁਹੱਈਆ ਕੀਤਾ ਗਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਨਾਲ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣ ਕੇ ਉੱਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਬਜਟ ਸੂਬੇ ਵਿੱਚ ਨਵੇਂ ਦੌਰ ਦੀ ਸ਼ੁਰੂਆਤ ਦਾ ਮੁੱਢ ਬੰਨ੍ਹੇਗਾ, ਜਿਹੜਾ ਹਰੇਕ ਪੰਜਾਬੀ ਲਈ ਲਾਹੇਵੰਦ ਸਾਬਤ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button