ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਵਿਭਾਗ ‘ਚ ਕੰਮ ਕਰਦੇ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕੰਮ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਸਕੂਲ ਸਿੱਖਿਆ ਵਿਭਾਗ ਵੱਲੋਂ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਬਣਾਈ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਨੀਤੀ ਤਹਿਤ ਸਿੱਖਿਆ ਵਿਭਾਗ ਵਿੱਚ ਠੇਕੇ ਦੇ ਅਧਾਰ ‘ਤੇ ਕੰਮ ਕਰਦੇ ਦਫ਼ਤਰੀ ਕਰਮਚਾਰੀਆਂ ਅਤੇ ਕੱਚੇ ਅਧਿਆਪਕਾਂ ਨੂੰ ਪਾਲਿਸੀ ਅਨੁਸਾਰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੇ ਕੰਮ ‘ਚ ਤੇਜ਼ੀ ਲਿਆ ਕੇ ਸਾਰੀ ਪ੍ਰਕਿਰਿਆ ਜਲਦੀ ਮੁਕੰਮਲ ਕਰਨ ਦੇ ਹੁਕਮ ਦਿੱਤੇ ਗਏ ਹਨ।ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਵਾਸਤੇ ਵੈੱਲਫੇਅਰ ਪਾਲਿਸੀ ਮਿਤੀ 07-10-2022 ਨੂੰ ਜਾਰੀ ਕੀਤੀ ਸੀ। ਇਸ ਪਾਲਿਸੀ ਤਹਿਤ ਸਿੱਖਿਆ ਵਿਭਾਗ ਦੇ ਲਗਭਗ 13000 ਕਰਮਚਾਰੀਆਂ ਵੱਲੋਂ ਅਪਲਾਈ ਕੀਤਾ ਗਿਆ ਸੀ। ਇਸ ਸਬੰਧੀ ਵਿਭਾਗ ਵੱਲੋਂ ਵੈਰੀਫਿਕੇਸ਼ਨ ਦੀ ਪ੍ਰੀਕਿਰਿਆ ਆਰੰਭੀ ਗਈ ਸੀ, ਜੋ ਲਗਭਗ ਮੁਕੰਮਲ ਹੋ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਕੁਝ ਤਕਨੀਕੀ ਕਾਰਨਾਂ ਕਰਕੇ ਲਗਭਗ 700 ਕੱਚੇ ਅਧਿਆਪਕ ਅਪਲਾਈ ਕਰਨ ਤੋਂ ਵਾਂਝੇ ਰਹਿ ਗਏ ਸਨ, ਜਿਨ੍ਹਾਂ ਦਾ ਡਾਟਾ ਜ਼ਿਲ੍ਹਾ ਸਿੱਖਿਆ ਅਫਸਰਾਂ ਰਾਹੀਂ ਹੁਣ ਇਕੱਠਾ ਕਰ ਲਿਆ ਗਿਆ ਹੈ। ਇਨ੍ਹਾਂ ਕਰਮਚਾਰੀਆਂ ਨੂੰ ਵਿਭਾਗ ਵੱਲੋਂ ਰੈਗੂਲਰ ਕਰਨ ਦੀ ਪ੍ਰਕਿਰਿਆ ਆਖ਼ਰੀ ਪੜਾਅ ‘ਤੇ ਹੈ ਅਤੇ ਜਲਦ ਹੀ ਲੰਬੇ ਸਮੇਂ ਤੋਂ ਵਿਭਾਗ ਵਿੱਚ ਕੱਚੇ ਕਾਮਿਆਂ/ਅਧਿਆਪਕਾਂ ਵਜੋਂ ਕੰਮ ਕਰਦੇ ਇਹ ਕਰਮਚਾਰੀ ਵਿਭਾਗ ਦੇ ਰੈਗੂਲਰ ਮੁਲਾਜ਼ਮ ਅਖਵਾਉਣਗੇ। ਇਸ ਮੌਕੇ ਉਨ੍ਹਾਂ ਕਮੇਟੀ ਦੇ ਮੈਂਬਰਾਂ ਨੂੰ ਸਿੱਖਿਆ ਵਿਭਾਗ ਦੇ ਕੁਝ ਕੱਚੇ ਮੁਲਾਜ਼ਮਾਂ ਦਾ ਡਾਟਾ ਅਤੇ ਸਰਵਿਸ ਰਿਕਾਰਡ ਸਬੰਧੀ ਮਿਲ ਰਹੀਆਂ ਸ਼ਿਕਾਇਤਾਂ ਦਾ ਵੀ ਤੁਰੰਤ ਨਿਪਟਾਰਾ ਕਰਨ ਦੀ ਹਦਾਇਤ ਕੀਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.