
ਗੁਰਸਿਮਰਨ ਸਿੰਘ ਮੰਡ ਦੀ ਕੁੱਟਮਾਰ ਦੇ ਮਾਮਲੇ ਵਿੱਚ ਐਤਵਾਰ ਨੂੰ ਸਿੱਖ ਸੰਗਤ ਨੇ ਅੰਬਾਲਾ ਵਿੱਚ ਥਾਣੇ ਦਾ ਘਿਰਾਓ ਕੀਤਾ। ਅੰਬਾਲਾ ਦੇ ਪੰਜੋਖਰਾ ਸਾਹਿਬ ਗੁਰਦੁਆਰਾ ਸਾਹਿਬ ਵਿੱਚ ਬੀਤੇ ਦਿਨ ਵਾਪਰੀ ਘਟਨਾ ਤੋਂ ਬਾਅਦ ਪੁਲਿਸ ਨੇ ਗ੍ਰਿਫ਼ਤਾਰੀਆਂ ਸ਼ੁਰੂ ਕਰ ਦਿੱਤੀਆਂ ਸਨ, ਜਿਸ ਦਾ ਸਿੱਖ ਸੰਗਤ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਇਸ ਤੋਂ ਬਾਅਦ ਐਤਵਾਰ ਨੂੰ ਗੁਰਦੁਆਰਾ ਸਾਹਿਬ ਵਿੱਚ ਮੀਟਿੰਗ ਕਰਨ ਉਪਰੰਤ ਸਿੱਖ ਭਾਈਚਾਰੇ ਦੇ ਲੋਕ ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜੋਖਰਾ ਸਾਹਿਬ ਥਾਣੇ ਦੇ ਬਾਹਰ ਧਰਨੇ ’ਤੇ ਬੈਠ ਗਏ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜ੍ਹੂਨੀ ਅਤੇ ਸ਼ਹੀਦ ਭਗਤ ਸਿੰਘ ਕਿਸਾਨ ਯੂਨੀਅਨ ਨੇ ਵੀ ਸਿੱਖ ਜਥੇਬੰਦੀਆਂ ਨੂੰ ਸਮਰਥਨ ਦਿੱਤਾ।
ਪੁਲਿਸ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਕਿਸਾਨ ਆਗੂ ਗੁਰਨਾਮ ਸਿੰਘ ਚੜ੍ਹੂਨੀ, ਹਰਿਆਣਾ ਸਿੱਖ ਪ੍ਰਬੰਧਕ ਕਮੇਟੀ ਦੇ ਵਾਈਸ ਚੇਅਰਮੈਨ ਗੁਰਵੀਰ ਸਿੰਘ ਅਤੇ ਹੋਰ ਮੈਂਬਰ ਮੌਜੂਦ ਸਨ। ਵਾਈਸ ਚੇਅਰਮੈਨ ਗੁਰਵੀਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨਾਂ ਵਿੱਚ ਹੋਈ ਘਟਨਾ ਨੂੰ ਲੈ ਕੇ ਪੁਲਿਸ ਨੇ ਦੋ ਨੌਜਵਾਨਾਂ ਖ਼ਿਲਾਫ਼ ਧਾਰਾ 307 ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਹੈ।
ਪੁਲਿਸ ਨੂੰ ਨੌਜਵਾਨਾਂ ਦੀ ਰਿਹਾਈ ਲਈ ਡੇਢ ਘੰਟੇ ਦਾ ਸਮਾਂ ਦਿੱਤਾ ਗਿਆ ਹੈ। ਚੜ੍ਹੂਨੀ ਨੇ ਕਿਹਾ ਕਿ ਜੇਕਰ ਪੁਲਿਸ ਨੇ ਨੌਜਵਾਨਾਂ ਨੂੰ ਰਿਹਾਅ ਨਾ ਕੀਤਾ ਤਾਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ। ਇਸ ਤੋਂ ਬਾਅਦ ਕੀ ਕਰਨਾ ਹੈ, ਇਸ ਬਾਰੇ ਫੈਸਲਾ ਵੀ ਲਿਆ ਜਾਵੇਗਾ। ਕਿਸਾਨ ਆਗੂ ਗੁਰਨਾਮ ਸਿੰਘ ਚੜ੍ਹੂਨੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਨੌਜਵਾਨਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਵੱਡਾ ਅੰਦੋਲਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਇਸ ਮਾਮਲੇ ਨੂੰ ਹਲਕੇ ਵਿੱਚ ਨਾ ਲਵੇ।
ਗੁਰਨਾਮ ਸਿੰਘ ਚੜ੍ਹੂਨੀ ਨੇ ਕਿਹਾ ਕਿ ਗੁਰਸਿਮਰਨ ਮੰਡ ਦੀ ਸ਼ਿਕਾਇਤ ’ਤੇ ਅੰਬਾਲਾ ਪੁਲਿਸ ਨੇ ਸਿੱਖ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ, ਪਰ ਉਨ੍ਹਾਂ ਲੋਕਾਂ ਖ਼ਿਲਾਫ਼ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ ਜਿਨ੍ਹਾਂ ’ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕਰਨ ਦੇ ਆਰੋਪ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਾਡੇ ਘਰ ਵਿੱਚ ਆ ਕੇ ਸਾਡੇ ’ਤੇ ਹਮਲਾ ਕਰੇ ਤਾਂ ਅਸੀਂ ਕੀ ਕਰ ਸਕਦੇ ਹਾਂ?
ਕਾਨੂੰਨ ਮੁਤਾਬਕ ਘਰ ਵਿੱਚ ਆ ਕੇ ਹਮਲਾ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ ਹੋਣਾ ਚਾਹੀਦਾ ਹੈ, ਨਾ ਕਿ ਆਪਣੀ ਰੱਖਿਆ ਕਰਨ ਵਾਲੇ ਖ਼ਿਲਾਫ਼। ਚੜ੍ਹੂਨੀ ਨੇ ਆਰੋਪ ਲਗਾਇਆ ਕਿ ਮੰਡ ਭਾਜਪਾ ਅਤੇ ਆਰਐੱਸਐੱਸ ਨਾਲ ਜੁੜਿਆ ਹੋਇਆ ਹੈ, ਇਸ ਲਈ ਉਸ ਖ਼ਿਲਾਫ਼ ਮਾਮਲਾ ਦਰਜ ਨਹੀਂ ਕੀਤਾ ਜਾ ਰਿਹਾ।
ਚੜ੍ਹੂਨੀ ਨੇ ਕਿਹਾ ਕਿ ਜੇਕਰ ਕੋਈ ਸਾਡੇ ਗੁਰਦੁਆਰੇ ਵਿੱਚ ਆ ਕੇ ਬਦਮਾਸ਼ੀ ਕਰੇਗਾ ਤਾਂ ਕੀ ਅਸੀਂ ਉਸ ਨੂੰ ਮਠਿਆਈਆਂ ਵੰਡਾਂਗੇ? ਉਨ੍ਹਾਂ ਕਿਹਾ ਕਿ ਪੁਲਿਸ ਨੇ ਇੱਕ ਘੰਟੇ ਦਾ ਸਮਾਂ ਮੰਗਿਆ ਸੀ, ਪਰ ਉਨ੍ਹਾਂ ਵੱਲੋਂ ਡੇਢ ਘੰਟੇ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਅਤੇ ਪ੍ਰਸ਼ਾਸਨ ਇਸ ਮਾਮਲੇ ਨੂੰ ਇੱਥੇ ਹੀ ਖ਼ਤਮ ਕਰ ਦੇਣ ਤਾਂ ਠੀਕ ਹੈ, ਨਹੀਂ ਤਾਂ ਇਸ ਦੇ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਾਡੇ ਗੁਰਦੁਆਰੇ ਵਿੱਚ ਆ ਕੇ ਸਾਨੂੰ ਧਮਕਾਏਗਾ ਤਾਂ ਅਸੀਂ ਚੁੱਪ ਨਹੀਂ ਬੈਠਾਂਗੇ। ਚੜ੍ਹੂਨੀ ਨੇ ਕਿਹਾ ਕਿ ਜੇਕਰ ਉਹ ਦੁਬਾਰਾ ਗੁਰਦੁਆਰੇ ਆਇਆ ਤਾਂ ਉਸ ਨੂੰ ਦੁਬਾਰਾ ਕੁੱਟਿਆ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




