
ਦਿੱਲੀ-NCR ਵਿੱਚ ਲਗਾਤਾਰ ਵੱਧ ਰਹੇ ਹਵਾ ਪ੍ਰਦੂਸ਼ਣ ਦੇ ਮਾਮਲੇ ‘ਤੇ ਸੁਪਰੀਮ ਕੋਰਟ ਨੇ ਅੱਜ ਸੂਓ ਮੋਟੋ ਮਾਮਲੇ ਦੀ ਸੁਣਵਾਈ ਕੀਤੀ। ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੌਏਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਤਿੰਨ ਮੈਂਬਰੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ। ਸੁਣਵਾਈ ਦੌਰਾਨ ਚੀਫ਼ ਜਸਟਿਸ ਨੇ ਟਿੱਪਣੀ ਕਰਦਿਆਂ ਕਿਹਾ ਕਿ “ਉਮੀਦ ਹੈ ਕਿ ਤੁਸੀਂ ਸਾਰੇ ਦਿੱਲੀ ਦੇ ਮੌਸਮ ਦਾ ਆਨੰਦ ਮਾਣ ਰਹੇ ਹੋਵੋਗੇ।”
ਅਦਾਲਤ ਦੀ ਮਦਦ ਕਰ ਰਹੀ ਸੀਨੀਅਰ ਵਕੀਲ ਅਪਰਾਜਿਤਾ ਸਿੰਘ ਨੇ ਕਿਹਾ ਕਿ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਗੰਭੀਰ ਸ਼੍ਰੇਣੀ ਦੇ ਆਸ-ਪਾਸ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਹਵਾ ਪ੍ਰਦੂਸ਼ਣ ਕਾਰਨ ਉਨ੍ਹਾਂ ਦੀ ਆਵਾਜ਼ ਵੀ ਪ੍ਰਭਾਵਿਤ ਹੋ ਰਹੀ ਹੈ ਅਤੇ ਇੱਥੇ ਸਾਹ ਲੈਣਾ ਰੋਜ਼ਾਨਾ 30 ਸਿਗਰਟਾਂ ਪੀਣ ਦੇ ਬਰਾਬਰ ਹੈ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ 5 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਵਿੱਚ ਪਰਾਲੀ ਸਾੜਨ ਦਾ ਯੋਗਦਾਨ 14 ਫ਼ੀਸਦੀ ਰਿਹਾ। ਹਾਲਾਂਕਿ, ਉਨ੍ਹਾਂ ਕਿਹਾ ਕਿ ਵਾਹਨਾਂ ਤੋਂ ਨਿਕਲਣ ਵਾਲਾ ਧੂੰਆਂ ਪ੍ਰਦੂਸ਼ਣ ਦਾ ਸਭ ਤੋਂ ਵੱਡਾ ਕਾਰਨ ਹੈ।ਉਨ੍ਹਾਂ ਨੇ ਦਲੀਲ ਦਿੱਤੀ ਕਿ ਦਿੱਲੀ-NCR ਵਿੱਚ ਸਥਾਨਕ ਪ੍ਰਦੂਸ਼ਣ ਦੇ ਸਰੋਤਾਂ, ਵਾਹਨਾਂ, ਊਰਜਾ ਉਤਪਾਦਨ ਅਤੇ ਕੂੜਾ ਸਾੜਨ ਵਰਗੇ ਮੁੱਦਿਆਂ ‘ਤੇ ਵੀ ਧਿਆਨ ਦੇਣ ਦੀ ਲੋੜ ਹੈ। ਚੀਫ਼ ਜਸਟਿਸ ਨੇ ਪਰਾਲੀ ਸਾੜਨ ਦੇ ਮੁੱਦੇ ‘ਤੇ ਕਿਹਾ ਕਿ ਇਹ ਉਹ ਸਮਾਂ ਹੈ ਜਦੋਂ ਕਿਸਾਨ ਅਗਲੀ ਫ਼ਸਲ ਦੀ ਬਿਜਾਈ ਕਰਦੇ ਹਨ ਅਤੇ ਪਰਾਲੀ ਸਾੜਨ ਦੀ ਸਮੱਸਿਆ ਹੁਣ ਤੱਕ ਰੁਕ ਜਾਣੀ ਚਾਹੀਦੀ ਸੀ।
ਸੁਪਰੀਮ ਕੋਰਟ ਨੇ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ (ਪਰਾਲੀ) ਦੀ ਖਰੀਦ ਕੀਮਤ ਪਹਿਲਾਂ ਹੀ ਐਲਾਨੀ ਜਾਣੀ ਚਾਹੀਦੀ ਹੈ ਅਤੇ ਇਸ ਦੇ ਪ੍ਰਬੰਧਨ ਲਈ ਗ੍ਰਾਮ ਪੰਚਾਇਤਾਂ ਨੂੰ ਢੁੱਕਵੀਂ ਪ੍ਰਣਾਲੀ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ।ਸੁਣਵਾਈ ਦੇ ਅੰਤ ‘ਤੇ ਸੀਜੇਆਈ ਸੂਰਿਆ ਕਾਂਤ ਨੇ ਪ੍ਰਦੂਸ਼ਣ ਲਈ ਸਿਰਫ਼ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣ ਦੀ ਬਜਾਏ ਸਮਾਜ ਦੇ ਹੋਰ ਵਰਗਾਂ ਦੀ ਭੂਮਿਕਾ ਵੱਲ ਵੀ ਧਿਆਨ ਦੇਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਸਵਾਲ ਕੀਤਾ ਕਿ ਕੁਲੀਨ ਅਤੇ ਅਮੀਰ ਵਰਗ ਦੇ ਵਾਹਨਾਂ ਕਾਰਨ ਹੋਣ ਵਾਲੇ ਪ੍ਰਦੂਸ਼ਣ ਨੂੰ ਹੱਲ ਕਰਨ ਲਈ ਕੀ ਕਦਮ ਚੁੱਕੇ ਜਾ ਰਹੇ ਹਨ। ਇਸ ਟਿੱਪਣੀ ਰਾਹੀਂ ਅਦਾਲਤ ਨੇ ਸਪੱਸ਼ਟ ਤੌਰ ‘ਤੇ ਸੰਕੇਤ ਦਿੱਤਾ ਕਿ ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਪਰਾਲੀ ਸਾੜਨ ਤੋਂ ਇਲਾਵਾ ਆਵਾਜਾਈ ਅਤੇ ਪ੍ਰਦੂਸ਼ਣ ਦੇ ਸਥਾਨਕ ਸਰੋਤਾਂ ਵੱਲ ਧਿਆਨ ਦੇਣਾ ਜ਼ਰੂਰੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




