PunjabTop News

ਸੂਬੇ ਦੇ 15584 ਸਰਕਾਰੀ ਸਕੂਲਾਂ ‘ਚ ਲੱਗਣਗੇ ਸੀਸੀਟੀਵੀ

ਪੰਜਾਬ ਸਰਕਾਰ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਕਈ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਤੋਂ ਬਾਅਦ ਹੁਣ ਸੁਰੱਖਿਆ ਦੇ ਮੱਦੇਨਜ਼ਰ ਇਨ੍ਹਾਂ ਨੂੰ ਹਾਈਟੈੱਕ ਬਣਾਇਆ ਜਾਵੇਗਾ। ਮਾਨਯੋਗ ਪੰਜਾਬ ਸਰਕਾਰ ਨੇ ਸੂਬੇ ਦੇ 15584 ਸਰਕਾਰੀ ਸਕੂਲਾਂ ਨੂੰ ਸੀ.ਸੀ.ਟੀ.ਵੀ ਕੈਮਰਿਆਂ ਨਾਲ ਲੈਸ ਕਰਨ ਦਾ ਫੈਸਲਾ ਕੀਤਾ ਹੈ। ਇਸ ਲਈ 26 ਕਰੋੜ 40 ਲੱਖ ਰੁਪਏ ਵੀ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਨੇ 21 ਜਨਵਰੀ 2023 ਨੂੰ ਪੰਜਾਬ ਵਿੱਚ ਸਕੂਲ ਆਫ਼ ਐਮੀਨੈਂਸ ਦੀ ਸੁਰੂਆਤ ਕੀਤੀ ਸੀ। ਇਸ ਸਕੀਮ ਤਹਿਤ ਸਾਰੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਤਕਨੀਕ ਨਾਲ ਅਪਗ੍ਰੇਡ ਕਰਨ ਦੀ ਗੱਲ ਕਹੀ ਗਈ।

ਇਹ ਕੈਮਰੇ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਸਮੇਤ ਸਿੱਖਿਆ ਪ੍ਰਣਾਲੀ ਦੀ ਨਿਗਰਾਨੀ ਲਈ ਲਾਏ ਜਾਣਗੇ। ਹਾਲਾਂਕਿ ਰਾਜ ਸਰਕਾਰ ਵੱਲੋਂ ਕੈਮਰੇ ਲਾਉਣ ਦੀ ਤੈਅ ਸਮਾਂ ਸੀਮਾ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਸਰਕਾਰ ਦੇ ਦਾਅਵੇ ਅਨੁਸਾਰ ਕੈਮਰੇ ਲਾਉਣ ਦਾ ਕੰਮ ਅਜੇ ਸ਼ੁਰੂ ਹੋਣਾ ਬਾਕੀ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ 80 ਫੀਸਦੀ ਸਕੂਲਾਂ ਵਿੱਚ ਕੈਮਰੇ ਲਾਏ ਗਏ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਿਛਲੇ ਦਿਨੀਂ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਦੀ ਆਵਾਜਾਈ ਲਈ ਬੱਸਾਂ ਚਲਾਉਣ ਦਾ ਐਲਾਨ ਕਰ ਚੁੱਕੇ ਹਨ। ਪਰ ਇਹ ਸਕੀਮ ਕਦੋਂ ਮੁਕੰਮਲ ਹੋਵੇਗੀ ਇਸ ਬਾਰੇ ਪੰਜਾਬ ਸਰਕਾਰ ਵੱਲੋਂ ਫਿਲਹਾਲ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਮੁੱਖ ਮੰਤਰੀ ਪੰਜਾਬ ਨੇ ਇਹ ਐਲਾਨ ਪਟਿਆਲਾ ਦੇ ਆਪਣੇ ਸਕੂਲ ਦੌਰੇ ਦੌਰਾਨ ਕੀਤਾ। ਬੱਚਿਆਂ ਦੀ ਸੁਰੱਖਿਆ ਅਤੇ ਆਵਾਜਾਈ ਦੀ ਸਹੂਲਤ ਲਈ ਪ੍ਰਾਈਵੇਟ ਸਕੂਲਾਂ ਦੀ ਤਰਜ ‘ਤੇ ਮੁੱਖ ਮੰਤਰੀ ਮਾਨ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਬੱਸਾਂ ਚਲਾਉਣ ਲਈ ਕਿਹਾ ਹੈ।ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜਬੂਤ ਕਰਨ ਲਈ ਇਨ੍ਹੀਂ ਦਿਨੀਂ ਪੰਜਾਬ ਸਰਕਾਰ ਵੱਲੋਂ ਸਕੂਲ ਦੇ ਪ੍ਰਿੰਸੀਪਲ ਨੂੰ ਸਿੰਗਾਪੁਰ ਨੈਸਨਲ ਅਕੈਡਮੀ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਸਾਰੇ ਪ੍ਰਿੰਸੀਪਲਾਂ ਨੂੰ ਵੱਖ-ਵੱਖ ਬੈਚਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਪਹਿਲੇ ਬੈਚ ਵਿੱਚ 36 ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿਖਲਾਈ ਦਿੱਤੀ ਗਈ। ਉਨ੍ਹਾਂ ਦੀ ਵਾਪਸੀ ‘ਤੇ 3 ਮਾਰਚ ਨੂੰ ਦੂਜੇ ਬੈਚ ਵਿਚ 30 ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿਖਲਾਈ ‘ਤੇ ਭੇਜਿਆ ਗਿਆ ਹੈ। ਸਿਖਲਾਈ ਤੋਂ ਵਾਪਸ ਪਰਤੇ ਸਕੂਲ ਦੇ ਪਿ੍ਰੰਸੀਪਲਾਂ ਨੂੰ ਲੋੜ ਅਨੁਸਾਰ ਜ਼ਿਲ੍ਹੇ ਦੇ ਕਿਸੇ ਵੀ ਸਕੂਲ ਵਿੱਚ ਨਿਯੁਕਤ ਕੀਤਾ ਜਾ ਸਕਦਾ ਹੈ, ਤਾਂ ਜੋ ਬੱਚਿਆਂ ਦੇ ਸਿੱਖਿਆ ਪੱਧਰ ਨੂੰ ਉੱਚਾ ਚੁੱਕ ਕੇ ਵਧੀਆ ਨਤੀਜੇ ਲਿਆਂਦੇ ਜਾ ਸਕਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button