PunjabTop News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਐਡਮਿੰਟਨ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿੰਦਾ

ਕੈਨੇਡਾ ਦੇ ਅਲਬਰਟਾ ਪ੍ਰੋਵਿੰਸ ਦੇ ਐਡਮਿੰਟਨ ਵਿਖੇ ਸਥਿਤ ਨਾਨਕਸਰ ਗੁਰਦੁਆਰਾ ਸਾਹਿਬ ਵਿਚ ਇਕ ਵਿਅਕਤੀ ਵਲੋਂ ਦਾਖ਼ਲ ਹੋ ਕੇ ਸੇਵਾਦਾਰ ਸਿੱਖਾਂ ਨੂੰ ਜਖ਼ਮੀ ਕਰਨ ਦੀ ਘਟਨਾ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਚਿੰਤਾ ਪ੍ਰਗਟ ਕਰਦਿਆਂ ਇਸਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧਕਾਂ ਰਾਹੀਂ ਪ੍ਰਾਪਤ ਜਾਣਕਾਰੀ ਅਨੁਸਾਰ ਦੋਸ਼ੀ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵੱਲ ਵੀ ਵਧਿਆ ਸੀ ਪਰੰਤੂ ਮੌਕੇ ਉੱਤੇ ਮੌਜੂਦ ਸੰਗਤ ਤੇ ਸੇਵਾਦਾਰਾਂ ਨੇ ਉਸ ਨੂੰ ਰੋਕ ਲਿਆ, ਜਿਸ ਕਰਕੇ ਕੋਈ ਨੁਕਸਾਨ ਨਹੀਂ ਹੋਇਆ ਜੋ ਕਿ ਰਾਹਤ ਦੀ ਗੱਲ ਹੈ। ਉਨ੍ਹਾਂ ਇਸ ਘਟਨਾ ਵਿਚ ਫੱਟੜ ਹੋਏ ਦੋ ਸੇਵਾਦਾਰ ਸਿੱਖਾਂ ਦੀ ਸਿਹਤਯਾਬੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਉਨ੍ਹਾਂ ਕਿਹਾ ਕਿ ਭਾਵੇਂ ਕਿ ਦੋਸ਼ੀ ਵਿਅਕਤੀ ਨੂੰ ਐਡਮਿੰਟਨ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਪਰੰਤੂ ਕੈਨੇਡਾ ਦੀਆਂ ਸਿੱਖ ਸੰਸਥਾਵਾਂ ਇਸ ਮਾਮਲੇ ਵਿਚ ਡੂੰਘਾਈ ਤੱਕ ਜਾਂਚ ਯਕੀਨੀ ਬਣਾਉਣ ਕਿ ਕਿਸੇ ਸਿੱਖ-ਵਿਰੋਧੀ ਸਮੂਹ ਜਾਂ ਸੰਸਥਾ ਨੇ ਇਸ ਨੂੰ ਵਰਗਲਾ ਕੇ ਗੁਰੂ ਘਰ ਨੂੰ ਨਿਸ਼ਾਨਾ ਬਣਾਉਣ ਲਈ ਪ੍ਰੇਰਿਤ ਤਾਂ ਨਹੀਂ ਕੀਤਾ ਸੀ।
ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਵੀ ਕੈਲਗਰੀ ਦੇ ਗੁਰਦੁਆਰਾ ਸਾਹਿਬਾਨ ਨੂੰ ਕੁਝ ਧਮਕੀਆਂ ਮਿਲੀਆਂ ਸਨ, ਜੋ ਕਿ ਨਿੰਦਣਯੋਗ ਕਾਰਵਾਈ ਹੈ। ਉਨ੍ਹਾਂ ਕੈਲਗਰੀ ਪੁਲਿਸ ਨੂੰ ਇਸ ਦੀ ਗੰਭੀਰਤਾ ਨਾਲ ਜਾਂਚ ਕਰਕੇ ਸੱਚ ਸਾਹਮਣੇ ਲਿਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਭਾਵੇਂ ਕਿ ਗੁਰਮਤਿ ਸਿਧਾਂਤ ਅਨੁਸਾਰ ਗੁਰਦੁਆਰਾ ਸਾਹਿਬਾਨ ਦੇ ਦਰਵਾਜ਼ੇ ਹਰ ਮਨੁੱਖ ਲਈ ਖੁੱਲ੍ਹੇ ਹਨ, ਜਿੱਥੋਂ ਰੋਜ਼ਾਨਾ ਸਰਬੱਤ ਦੇ ਭਲੇ ਲਈ ਅਰਦਾਸਾਂ ਹੁੰਦੀਆਂ ਹਨ, ਪਰੰਤੂ ਸੁਰੱਖਿਆ ਅਤੇ ਪਹਿਰੇਦਾਰੀ ਦੇ ਪੁਖਤਾ ਪ੍ਰਬੰਧਕ ਰੱਖਣੇ ਗੁਰਦੁਆਰਾ ਪ੍ਰਬੰਧਕਾਂ ਦੀ ਮੁੱਢਲੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਕੈਨੇਡਾ ਦੇ ਸਮੂਹ ਗੁਰਦੁਆਰਾ ਪ੍ਰਬੰਧਕਾਂ ਨੂੰ ਤਾਕੀਦ ਕੀਤੀ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਉਹ ਆਪੋ-ਆਪਣੇ ਗੁਰੂ ਘਰਾਂ ਦੇ ਸੁਰੱਖਿਆ ਪ੍ਰਬੰਧਾਂ ਨੂੰ ਪੁਖਤਾ ਕਰਨ ਹਿੱਤ ਮੁੜ ਸਮੀਖਿਆ ਕਰਨ ਅਤੇ 24 ਘੰਟੇ ਪਹਿਰੇਦਾਰੀ ਯਕੀਨੀ ਬਣਾਉਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button