Breaking NewsD5 specialNewsPress ReleasePunjab

ਸ੍ਰੀ ਦਰਬਾਰ ਸਾਹਿਬ ਵਿਖੇ ਸੂਰਜੀ ਊਰਜਾ ਰਾਹੀਂ ਬਿਜਲੀ ਪੈਦਾ ਕਰਨ ਲਈ ਪਲਾਂਟ ਲਗਾਉਣ ਦੀ ਹੋਈ ਸ਼ੁਰੂਆਤ

ਸੋਲਰ ਪਲਾਂਟ ਲੱਗਣ ਨਾਲ ਬਿਜਲੀ ਖਰਚਿਆਂ ਵਿਚ ਆਵੇਗੀ ਵੱਡੀ ਕਮੀ-ਬੀਬੀ ਜਗੀਰ ਕੌਰ
ਅੰਮ੍ਰਿਤਸਰ:ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਬਿਜਲੀ ਸਪਲਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੋਲਰ ਪਲਾਂਟ ਲਗਾਉਣ ਦੀ ਅੱਜ ਸ਼ੁਰੂਆਤ ਅਰਦਾਸ ਉਪਰੰਤ ਕੀਤੀ ਗਈ। ਇਸ ਸੋਲਰ ਪਲਾਂਟ ਦੀ ਸੇਵਾ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਵੱਲੋਂ ਕਰਵਾਈ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਲਾਂਟ ਸਥਾਪਨਾ ਦੀ ਆਰੰਭਤਾ ਮੌਕੇ ਕਿਹਾ ਕਿ ਜਲਦ ਹੀ ਪਾਵਨ ਅਸਥਾਨ ਲਈ ਸੂਰਜੀ ਊਰਜਾ ਨਾਲ ਬਿਜਲੀ ਦੀ ਪੈਦਾਵਾਰ ਸ਼ੁਰੂ ਹੋ ਜਾਵੇਗੀ। ਇਸ ਨਾਲ ਜਿਥੇ ਕੁਦਰਤੀ ਸੋਮਿਆਂ ਦੀ ਵਰਤੋਂ ਦਾ ਸੁਨੇਹਾ ਸੰਗਤ ਵਿਚ ਜਾਵੇਗਾ, ਉਥੇ ਹੀ ਬਿਜਲੀ ਖਰਚਿਆਂ ਵਿਚ ਵੀ ਵੱਡੀ ਕਮੀ ਆਵੇਗੀ।
ਬੀਬੀ ਜਗੀਰ ਕੌਰ ਨੇ ਦੱਸਿਆ ਕਿ ਫਿਲਹਾਲ 700 ਕਿਲੋਵਾਟ ਦਾ ਪਲਾਂਟ ਲਗਾਇਆ ਜਾ ਰਿਹਾ ਹੈ, ਕਿਉਂਕਿ ਸਰਕਾਰ ਨੇ ਕਿਸੇ ਖੁੱਲੀ ਥਾਂ ਤੇ ਵੱਡਾ ਪਲਾਂਟ ਲਗਾਉਣ ਲਈ ਮਨਜ਼ੂਰੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸ੍ਰੀ ਅੰਮ੍ਰਿਤਸਰ ਨਜ਼ਦੀਕ ਗੁਰਦੁਆਰਾ ਸਤਲਾਣੀ ਸਾਹਿਬ ਵਿਖੇ ਸੋਲਰ ਪਲਾਂਟ ਲਗਾਉਣ ਲਈ ਪੰਜਾਬ ਸਰਕਾਰ ਪਾਸੋਂ ਪ੍ਰਵਾਨਗੀ ਮੰਗੀ ਸੀ। ਇਸ ਸਬੰਧ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਮੁਲਾਕਾਤ ਕੀਤੀ ਗਈ ਸੀ, ਪਰ ਅਜੇ ਤੱਕ ਮਨਜ਼ੂਰੀ ਨਹੀਂ ਮਿਲੀ। ਹੁਣ ਸ਼੍ਰੋਮਣੀ ਕਮੇਟੀ ਨੇ ਮਾਤਾ ਗੰਗਾ ਜੀ ਨਿਵਾਸ ਦੀ ਛੱਤ ’ਤੇ ਸੋਲਰ ਪਲਾਂਟ ਲਗਾਉਣ ਦੀ ਸ਼ੁਰੂਆਤ ਕੀਤੀ ਹੈ।
ਉਨ੍ਹਾਂ ਕਿਹਾ ਕਿ ਨੇੜ ਭਵਿੱਖ ਵਿਚ ਜਦੋਂ ਹੀ ਸਰਕਾਰ ਦੀ ਮਨਜ਼ੂਰੀ ਮਿਲ ਜਾਂਦੀ ਹੈ ਤਾਂ 2 ਮੈਗਾਵਾਟ ਦਾ ਹੋਰ ਸੋਲਰ ਪਲਾਂਟ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਵੱਧ ਸਮਰੱਥਾ ਵਾਲਾ ਸੋਲਰ ਪਲਾਂਟ ਸਥਾਪਤ ਕਰਨ ਦੀ ਪ੍ਰਵਾਨਗੀ ਮਿਲਦੀ ਹੈ, ਤਾਂ ਇਸ ਨਾਲ ਸ਼੍ਰੋਮਣੀ ਕਮੇਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਇਲਾਵਾ ਹੋਰਨਾਂ ਗੁਰ-ਅਸਥਾਨਾਂ ਲਈ ਵੀ ਇਸ ਦੀ ਵਰਤੋਂ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਲਦ ਹੀ ਪ੍ਰਵਾਨਗੀ ਦੇਣੀ ਚਾਹੀਦੀ ਹੈ। 
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਗੁਰਨਾਮ ਸਿੰਘ ਜੱਸਲ, ਅਕਾਲੀ ਆਗੂ ਸ. ਯੁਵਰਾਜ ਭੁਪਿੰਦਰ ਸਿੰਘ, ਯੂਨਾਈਟਡ ਸਿੱਖ ਮਿਸ਼ਨ ਦੇ ਚੇਅਰਮੈਨ ਸ. ਰਸ਼ਪਾਲ ਸਿੰਘ ਢੀਂਡਸਾ ਵੱਲੋਂ ਸ. ਬਲਦੇਵ ਸਿੰਘ, ਸ. ਜਰਨੈਲ ਸਿੰਘ ਕੰਗ, ਮਾਸਟਰ ਰਣਜੀਤ ਸਿੰਘ, ਪ੍ਰੋ. ਐਨ.ਪੀ. ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪਰਵਾਈਜ਼ਰ ਸ. ਮੇਜਰ ਸਿੰਘ ਆਦਿ ਹਾਜ਼ਰ ਸਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button