ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੁੰਦੜ ਦੇ ਗੁਰਦੁਆਰਾ ਸਾਹਿਬ ਵਿਖੇ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਖੂਨੀ ਟਕਰਾਅ ਹੋ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਮੁਤਾਬਕ ਗੁਰੂ ਘਰ ਦੀ ਸੇਵਾ-ਸੰਭਾਲ ਨੂੰ ਲੈ ਕੇ ਇਹ ਵਿਵਾਦ ਕਾਫੀ ਸਮੇਂ ਤੋਂ ਚੱਲ ਰਿਹਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੀ ਕਮੇਟੀ ਪਹਿਲਾਂ ਮਹਿੰਦਰ ਸਿੰਘ ਦੀ ਅਗਵਾਈ ਹੇਠ ਕੰਮ ਕਰ ਰਹੀ ਸੀ। ਇਸ ਦੌਰਾਨ ਪਿੰਡ ਦੇ ਕੁਝ ਹੋਰ ਵਿਅਕਤੀ ਗੁਰੂ ਘਰ ਦੀ ਸੇਵਾ-ਸੰਭਾਲ ਆਪਣੇ ਹੱਥਾਂ ਵਿੱਚ ਲੈਣਾ ਚਾਹੁੰਦੇ ਸਨ। ਦੱਸਿਆ ਜਾਂਦਾ ਹੈ ਕਿ ਅੱਜ ਇਹ ਧਿਰ ਸਰਪੰਚ ਅਮਨਦੀਪ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਗਈ। ਮੌਕੇ ‘ਤੇ ਪਹੁੰਚਣ ਤੋਂ ਬਾਅਦ ਗੁਰਦੁਆਰਾ ਸਾਹਿਬ ਵਿੱਚ ਲੱਗੇ ਕੈਮਰੇ ਉਤਾਰ ਦਿੱਤੇ ਗਏ, ਜਿਸ ਤੋਂ ਬਾਅਦ ਦੋਨਾਂ ਧਿਰਾਂ ਵਿਚਕਾਰ ਤਣਾਅ ਵਧ ਗਿਆ।
ਦੋਨਾਂ ਧਿਰਾਂ ਵਿਚਕਾਰ ਬਹਿਸ ਬਾਅਦ ਮਾਮਲਾ ਹੱਥਾਪਾਈ ਅਤੇ ਫਿਰ ਫਾਇਰਿੰਗ ਤੱਕ ਪਹੁੰਚ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਸਾਬਕਾ ਸਰਪੰਚ ਸੁਖਦੇਵ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ‘ਤੇ ਗੋਲੀਆਂ ਚਲਾਈਆਂ ਗਈਆਂ। ਟਕਰਾਅ ਦੌਰਾਨ ਤਿੰਨ ਗੱਡੀਆਂ ਦੀ ਵੀ ਭੰਨਤੋੜ ਹੋਣ ਦੀ ਜਾਣਕਾਰੀ ਮਿਲੀ ਹੈ।
ਉੱਧਰ ਮੌਕੇ ‘ਤੇ ਪਹੁੰਚੇ ਥਾਣਾ ਕੋਟਭਾਈ ਦੇ ਐੱਸ.ਐੱਚ.ਓ. ਦੀਪਕ ਕੰਬੋਜ ਨੇ ਹਾਲਾਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਗੋਲਕ ਖੋਲ੍ਹਣ ਨੂੰ ਲੈ ਕੇ ਦੋਨਾਂ ਧਿਰਾਂ ਵਿਚਕਾਰ ਵਿਵਾਦ ਹੋ ਗਿਆ ਸੀ। ਇਕ ਧਿਰ ਦੀ ਅਗਵਾਈ ਮਹਿੰਦਰ ਸਿੰਘ ਕਰ ਰਹੇ ਸਨ ਜਦਕਿ ਦੂਜੀ ਧਿਰ ਦੀ ਅਗਵਾਈ ਸਰਪੰਚ ਅਮਨਦੀਪ ਸਿੰਘ ਕਰ ਰਹੇ ਸਨ।
ਐੱਸ.ਐੱਚ.ਓ. ਨੇ ਦੱਸਿਆ ਕਿ ਫਾਇਰਿੰਗ ਦੌਰਾਨ ਸੁਖਦੇਵ ਸਿੰਘ ਪੁੱਤਰ ਬੋਹੜ ,ਬਲਵਿੰਦਰ ਸਿੰਘ ਪੁੱਤਰ ਸਲਵਿੰਦਰ ਸਿੰਘ,ਮਹਿੰਦਰ ਸਿੰਘ ਪੁੱਤਰ ਅੰਗਰੇਜ ਸਿੰਘ ਦੇ ਗੋਲੀ ਦੇ ਛਰਲੇ ਲੱਗੇ ਜਦਕਿ ਦੂਜੇ ਵਿਅਕਤੀ ਦੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ ਹਨ ।ਜਿਨ੍ਹਾਂ ਦਾ ਇਲਾਜ ਹਸਪਤਾਲ ਵਿੱਚ ਚੱਲ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਲਾਤਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




