
ਚੰਡੀਗੜ੍ਹ, 15 ਨਵੰਬਰ (ਬਿੰਦੂ ਸਿੰਘ)- ਪੰਜਾਬ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸਿਖਰਲੇ ਆਗੂਆਂ ਨੂੰ ਲੋਕਾਂ ਦੇ ਲਗਾਤਾਰ ਵਿਰੋਧ ਅਤੇ ਜਨਤਕ ਰੋਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜੋ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਭਗਵੰਤ ਮਾਨ ਸਰਕਾਰ ਦੀ ਵਿਦਾਈ ਤੈਅ ਹੈ ਅਤੇ ਸੂਬੇ ਦੇ ਲੋਕਾਂ ਨੇ ‘ਆਪ’ ਨੂੰ ਸੱਤਾ ਤੋਂ ਬਾਹਰ ਕਰਨ ਦਾ ਮਨ ਬਣਾ ਲਿਆ ਹੈ।
ਪੰਜਾਬ ਵਿੱਚ ਜ਼ਮੀਨੀ ਪੱਧਰ ’ਤੇ ਸਾਹਮਣੇ ਆ ਰਹੀਆਂ ਵੱਖ-ਵੱਖ ਘਟਨਾਵਾਂ ਦਾ ਜ਼ਿਕਰ ਕਰਦਿਆਂ ਖੰਨਾ ਨੇ ਕਿਹਾ ਕਿ ‘ਆਪ’ ਦੀ ਸਿਖਰਲੀ ਲੀਡਰਸ਼ਿਪ ਨੂੰ ਹੁਣ ਜਨਤਕ ਸਮਾਗਮਾਂ ਵਿੱਚ ਲੋਕਾਂ ਦੇ ਗੁੱਸੇ ਅਤੇ ਰੋਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕੋਟਕਪੂਰਾ ਵਿੱਚ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਘਿਰਾਓ:
ਕੋਟਕਪੂਰਾ (ਫ਼ਰੀਦਕੋਟ) ਵਿੱਚ ਅੱਜ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਿਰਾਓ ਅਤੇ ਉਨ੍ਹਾਂ ਵਿਰੁੱਧ ਨਾਅਰੇਬਾਜ਼ੀ ਦਾ ਜ਼ਿਕਰ ਕਰਦਿਆਂ ਖੰਨਾ ਨੇ ਕਿਹਾ ਕਿ ਉਨ੍ਹਾਂ ਦੇ ਆਪਣੇ ਵਿਧਾਨ ਸਭਾ ਹਲਕੇ ਦੇ ਵਸਨੀਕ ਅਤੇ ਵੱਖ-ਵੱਖ ਸਮੱਸਿਆਵਾਂ ਨਾਲ ਜੂਝ ਰਹੇ ਲੋਕ ਹੁਣ ਸਿੱਧੇ ਤੌਰ ’ਤੇ ਉਨ੍ਹਾਂ ਨੂੰ ਜਵਾਬਦੇਹ ਠਹਿਰਾ ਰਹੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕ ਲੰਮੇ ਸਮੇਂ ਤੋਂ ਨਾਗਰਿਕ ਸਹੂਲਤਾਂ ਦੀ ਬਦਤਰ ਹਾਲਤ, ਅਧੂਰੇ ਚੋਣ ਵਾਅਦਿਆਂ ਅਤੇ ਪੁਲਿਸ ਦੀ ਸਖ਼ਤ ਕਾਰਵਾਈ ਵਿਰੁੱਧ ਰੋਸ ਪ੍ਰਗਟ ਕਰਦੇ ਆ ਰਹੇ ਹਨ।
ਮੁੱਖ ਮੰਤਰੀ ਦੇ ਜੱਦੀ ਪਿੰਡ ਨੇੜੇ ਖੁੱਲ੍ਹੇਆਮ ‘ਚਿੱਟਾ’ ਵਿਕਣ ਦੇ ਮੁੱਦੇ ’ਤੇ ਅਮਨ ਅਰੋੜਾ ਨੂੰ ਲੋਕਾਂ ਨੇ ਘੇਰਿਆ:
ਟੋਲਾਵਾਲ ਪਿੰਡ ਵਿੱਚ ਵਾਇਰਲ ਹੋਈ ਉਸ ਘਟਨਾ ਦਾ ਹਵਾਲਾ ਦਿੰਦਿਆਂ ਖੰਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਤੋਂ ਮਹਿਜ਼ ਡੇਢ ਕਿਲੋਮੀਟਰ ਦੂਰ ਇੱਕ ਨਿਹੰਗ ਨੌਜਵਾਨ ਨੇ ਕੈਬਨਿਟ ਮੰਤਰੀ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੂੰ ਜਨਤਕ ਤੌਰ ’ਤੇ ਘੇਰ ਕੇ ਸਵਾਲ ਕੀਤੇ ਕਿ ਸਰਕਾਰ ਦੇ ਨਸ਼ਾ ਮੁਕਤ ਪੰਜਾਬ ਦੇ ਦਾਅਵਿਆਂ ਦੇ ਬਾਵਜੂਦ ਹੈਰੋਇਨ ਤੇ ਚਿੱਟਾ ਟੌਫ਼ੀਆਂ ਵਾਂਗ ਖੁੱਲ੍ਹੇਆਮ ਕਿਵੇਂ ਵਿਕ ਰਿਹਾ ਹੈ ? ਖੰਨਾ ਨੇ ਕਿਹਾ ਕਿ ਇਸ ਘਟਨਾ ਨੇ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ ਦੀ ਅਸਫ਼ਲਤਾ ਨੂੰ ਬੇਨਕਾਬ ਕਰ ਦਿੱਤਾ ਹੈ।
ਨਸ਼ਿਆਂ ਦੇ ਮੁੱਦੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿਖਾਏ ਗਏ ਕਾਲੇ ਝੰਡੇ:
ਖੰਨਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਤਕ ਸਮਾਗਮਾਂ ਦੌਰਾਨ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਵਿਰੁੱਧ ਪ੍ਰਦਰਸ਼ਨਕਾਰੀਆਂ ਅਤੇ ਆਮ ਨਾਗਰਿਕਾਂ ਵੱਲੋਂ ਕਾਲੇ ਝੰਡੇ ਦਿਖਾਉਣ ਅਤੇ ਨਾਅਰੇਬਾਜ਼ੀ ਕਰਨ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਦੇ ਜਵਾਬ ਵਿੱਚ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜ਼ ਨੂੰ ਦਬਾਉਣ ਨਾਲ ਜ਼ਮੀਨੀ ਹਕੀਕਤ ਨੂੰ ਲੁਕਾਇਆ ਨਹੀਂ ਜਾ ਸਕਦਾ।
ਖੰਨਾ ਨੇ ਕਿਹਾ, “ਜਦੋਂ ਕੋਟਕਪੂਰਾ ਵਿੱਚ ਲੋਕ ਵਿਧਾਨ ਸਭਾ ਦੇ ਸਪੀਕਰ ਦਾ ਘਿਰਾਓ ਕਰਦੇ ਹਨ, ਜਦੋਂ ਨੌਜਵਾਨ ਮੁੱਖ ਮੰਤਰੀ ਦੇ ਆਪਣੇ ਪਿੰਡ ਦੇ ਬਿਲਕੁਲ ਨੇੜੇ ਖੁੱਲ੍ਹੇਆਮ ਨਸ਼ਾ ਵਿਕਣ ਦੇ ਮੁੱਦੇ ’ਤੇ ‘ਆਪ’ ਦੇ ਸੂਬਾ ਪ੍ਰਧਾਨ ਨੂੰ ਸਵਾਲਾਂ ਦੇ ਘੇਰੇ ਵਿੱਚ ਲਿਆਉਂਦੇ ਹਨ ਅਤੇ ਜਦੋਂ ਨਾਗਰਿਕ ਖੁਦ ਮੁੱਖ ਮੰਤਰੀ ਦਾ ਸਵਾਗਤ ਕਾਲੇ ਝੰਡਿਆਂ ਨਾਲ ਕਰਦੇ ਹਨ, ਤਾਂ ਪੰਜਾਬ ਦੀਆਂ ਸੜਕਾਂ ਤੋਂ ਉੱਠ ਰਹੀ ਆਵਾਜ਼ ਬਿਲਕੁਲ ਸਪੱਸ਼ਟ ਹੈ। ‘ਆਪ’ ਆਗੂਆਂ ਨੂੰ ਕਰੋੜਾਂ ਰੁਪਏ ਦੇ ਪ੍ਰਚਾਰ ਪਿੱਛੇ ਲੁਕਣ ਦੀ ਬਜਾਏ ਲੋਕਾਂ ਦੇ ਇਸ ਸੰਦੇਸ਼ ਨੂੰ ਸਮਝਣਾ ਚਾਹੀਦਾ ਹੈ।”
ਖੰਨਾ ਨੇ ਕਿਹਾ ਕਿ ‘ਆਪ’ ਸਰਕਾਰ ਦੇ ਲਗਭਗ ਪੰਜ ਸਾਲਾਂ ਦੇ ਸ਼ਾਸਨ ਦੌਰਾਨ ਪੰਜਾਬ ਸਿਰ ਕਰਜ਼ੇ ਦਾ ਬੋਝ ਲਗਾਤਾਰ ਵਧਿਆ ਹੈ, ਨਸ਼ਿਆਂ ਦਾ ਕਾਰੋਬਾਰ ਵਧਿਆ ਹੈ, ਕਾਨੂੰਨ-ਵਿਵਸਥਾ ਦੀ ਸਥਿਤੀ ਵਿਗੜੀ ਹੈ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਹੋਏ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਪਹਿਲਾਂ ਹੀ ਨਕਾਰ ਚੁੱਕੇ ਪੰਜਾਬ ਦੇ ਲੋਕ ਹੁਣ ਭਾਜਪਾ ਦੀ ਡਬਲ ਇੰਜਣ ਸਰਕਾਰ ਨੂੰ ਇੱਕੋ-ਇੱਕ ਭਰੋਸੇਯੋਗ ਬਦਲ ਵਜੋਂ ਦੇਖ ਰਹੇ ਹਨ, ਜੋ ਸੂਬੇ ਵਿੱਚ ਅਮਨ-ਸ਼ਾਂਤੀ ਬਹਾਲ ਕਰਨ, ਨਸ਼ਾ ਮਾਫ਼ੀਆ ਦਾ ਖ਼ਾਤਮਾ ਕਰਨ ਅਤੇ ਪੰਜਾਬ ਨੂੰ ਮੁੜ ਤੇਜ਼ੀ ਨਾਲ ਵਿਕਾਸ ਦੇ ਰਾਹ ’ਤੇ ਲਿਜਾਣ ਦੇ ਸਮਰੱਥ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.



