
ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਹਰਿਆਣਾ ਦੇ ਹਾਂਸੀ-ਹਿਸਾਰ ਖੇਤਰ ਵਿੱਚ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ‘ਤੇ 15 ਅਗਸਤ ਵਾਲੇ ਦਿਨ ਪੁਲਿਸ ਦੁਆਰਾ ਕੀਤੇ ਗਏ ਬਰਬਰ ਲਾਠੀਚਾਰਜ ਅਤੇ ਕਿਸਾਨ ਨੇਤਾਵਾਂ ਨੂੰ ਗੰਭੀਰ ਅਪਰਾਧਿਕ ਧਾਰਾਵਾਂ ਵਿੱਚ ਫਸਾ ਕੇ ਗ੍ਰਿਫ਼ਤਾਰ ਕੀਤੇ ਜਾਣ ਦੀ ਕਾਰਵਾਈ ਦੀ ਕਰੜੀ ਨਿਖੇਧੀ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਕਿਸਾਨ ਜੀਵਨ ਕੁੰਡੂ ਹੱਤਿਆਕਾਂਡ ਦੇ ਮੁੱਖ ਦੋਸ਼ੀ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਸਨ। ਕਿਸਾਨਾਂ ਅਤੇ ਖਾਪ ਨੁਮਾਇੰਦਿਆਂ ਨੇ ਇਸ ਮੰਗ ਨੂੰ ਲੈ ਕੇ ਸੱਤ ਟੋਲ ਪਲਾਜ਼ਿਆਂ ‘ਤੇ ਵਿਰੋਧ ਦਰਜ ਕਰਵਾਇਆ ਸੀ। 15 ਅਗਸਤ ਨੂੰ ਹਾਂਸੀ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਟਕਰਾਅ ਹੋਇਆ ਅਤੇ ਪੁਲਿਸ ਦੁਆਰਾ ਲਾਠੀਚਾਰਜ ਕੀਤੇ ਜਾਣ ਨਾਲ ਕਈ ਪ੍ਰਦਰਸ਼ਨਕਾਰੀਆਂ ਦੇ ਜ਼ਖ਼ਮੀ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।
ਪੁਲਿਸ ਨੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਸੁਰੇਸ਼ ਕੋਥ ਅਤੇ ਸੁਮਿਤ ਕੁਮਾਰ ਸਮੇਤ ਕਈ ਮੁੱਖ ਕਿਸਾਨ ਆਗੂਆਂ ਨੂੰ ਇਰਾਦਾ-ਏ-ਕਤਲ ਵਰਗੀਆਂ ਸੰਗੀਨ ਧਾਰਾਵਾਂ ਵਿੱਚ ਮੁਕੱਦਮੇ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਲਿਆ ਹੈ।
ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਇਸ ਕਾਰਵਾਈ ਨੂੰ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਅਤੇ ਅੰਦੋਲਨ ਨੂੰ ਡਰਾਉਣ ਦੇ ਉਦੇਸ਼ ਨਾਲ ਕੀਤੀ ਗਈ ਕਾਰਵਾਈ ਦੱਸਦਿਆਂ ਕਿਹਾ ਹੈ ਕਿ ਇਹ ਵਿਰੋਧ ਕਰਨ ਦੇ ਜਮਹੂਰੀ ਹੱਕ ਉਤੇ ਗੰਭੀਰ ਹਮਲਾ ਹੈ। ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਦਿਨ ਹਰਿਆਣਾ ਪੁਲਿਸ ਦੀ ਇਹ ਕਾਇਰਾਨਾ ਕਾਰਵਾਈ ਹੈ। ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਕਿਹਾ ਹੈ ਕਿ
ਇਹ ਵਿਸ਼ੇਸ਼ ਤੌਰ ‘ਤੇ ਹੋਰ ਵੀ ਚਿੰਤਾਜਨਕ ਹੈ ਕਿ ਜਿਸ ਸਮੇਂ ਕਿਸਾਨ ਇੱਕ ਗੰਭੀਰ ਅਪਰਾਧਿਕ ਮਾਮਲੇ ਦੇ ਮੁੱਖ ਦੋਸ਼ੀ ਦੀ ਗ੍ਰਿਫ਼ਤਾਰੀ ਦੀ ਮੰਗ ਲਈ ਆਵਾਜ਼ ਉਠਾ ਰਹੇ ਸਨ, ਉਸੇ ਸਮੇਂ ਅੰਦੋਲਨਕਾਰੀ ਕਿਸਾਨਾਂ ਦੇ ਵਿਰੁੱਧ ਪੁਲਿਸ ਕਾਰਵਾਈ ਕੀਤੀ ਗਈ। ਇਹ ਭਾਜਪਾ ਦੇ ਫਾਸ਼ੀਵਾਦੀ ਕਿਰਦਾਰ ਨੂੰ ਨੰਗਾ ਕਰਦਾ ਹੈ।
ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਜ਼ੋਰਦਾਰ ਮੰਗ ਕੀਤੀ ਹੈ ਕਿ ਜੀਵਨਕੁੰਡੂ ਹੱਤਿਆਕਾਂਡ ਦੇ ਮੁੱਖ ਦੋਸ਼ੀ ਨੂੰ ਫੌਰੀ ਗ੍ਰਿਫਤਾਰ ਕਰਕੇ ਪੀੜਤਾਂ ਨੂੰ ਨਿਆਂ ਮਿਲਣਾ ਯਕੀਨੀ ਬਣਾਇਆ ਜਾਵੇ, ਇਨਸਾਫ ਲਈ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਤੇ ਜਬਰ ਕਰਨ ਵਾਲੇ ਦੋਸ਼ੀ ਪੁਲਿਸ ਅਫਸਰਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਝੂਠੇ ਮੁੱਕਦਮਿਆਂ ਨੂੰ ਰੱਦ ਕਰਕੇ ਗ੍ਰਿਫਤਾਰ ਕੀਤੇ ਕਿਸਾਨ ਆਗੂ ਰਿਹਾਅ ਕੀਤਾ ਜਾਵੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




