1992 ਚ ਝੂਠਾ ਪੁਲਸ ਮੁਕਾਬਲਾ ਬਣਾਉਂਣ ਵਾਲੇ ਪੁਲਸ ਮੁਲਾਜ਼ਮਾਂ ਨੂੰ ਹੋਈ ਉਮਰਕੈਦ
1992 ਵਿੱਚ ਦੋ ਨੌਜਵਾਨਾਂ ਨੂੰ ਅਗਵਾ ਕਰਕੇ ਝੂਠੇ ਪੁਲਿਸ ਮੁਕਾਬਲੇ ’ਚ ਮਾਰਨ ਅਤੇ ਲਾਸ਼ਾਂ ਨੂੰ ਅਣਪਛਾਤੇ ਦੱਸ ਕੇ ਸਸਕਾਰ ਕਰਨ ਦੇ ਮਾਮਲੇ ’ਚ ਸੀਬੀਆਈ ਦੇ ਸਪੈਸ਼ਲ ਜੱਜ ਦੀ ਅਦਾਲਤ ਵੱਲੋਂ ਉਸ ਸਮੇਂ ਦੇ ਥਾਣਾ ਸਿਟੀ ਤਰਨਤਾਰਨ ਦੇ ਇੰਚਾਰਜ, ਏਐੱਸਆਈ ਤੇ ਪੁਲਿਸ ਕਰਮਚਾਰੀ ਨੂੰ ਹਿਰਾਸਤ ’ਚ ਲੈ ਕੇ ਜੇਲ੍ਹ ਭੇੇਜਣ ਦੇ ਹੁਕਮ ਸੁਣਾਏ ਸਨ। ਜਿੰਨਾਂ ਦੀ ਅੱਜ ਅਦਾਲਤ ਚ ਪੇਸ਼ੀ ਹੋਈ ਤੇ ਸੀਬੀਆਈ ਅਦਾਲਤ ਮੋਹਾਲੀ ਨੇ ਉਸ ਸਮੇਂ ਦੇ ਥਾਣਾ ਸਿਟੀ ਤਰਨਤਾਰਨ ਦੇ ਇੰਚਾਰਜ ਰਹੇ ਗੁਰਬਚਨ ਸਿੰਘ, ਏਐੱਸਆਈ ਰੇਸ਼ਮ ਸਿੰਘ ਅਤੇ ਪੁਲਿਸ ਕਰਮਚਾਰੀ ਹੰਸ ਰਾਜ ਸਿੰਘ ਨੂੰ ਧਾਰਾ 302 ਅਤੇ 120ਬੀ ’ਚ ਦੋਸ਼ੀ ਕਰਾਰ ਦਿੰਦਿਆ ਉਮਰ ਕੈਦ ਦੀ ਸਜ਼ਾ ਸੁਣਾਈ ਹੈ।
ਇਸ ਮੁਕਦਮੇ ਦੀ ਸੁਣਵਾਈ ਦੌਰਾਨ ਮੁਲਜ਼ਮ ਪੁਲਿਸ ਕਰਮਚਾਰੀ ਅਰਜੁਨ ਸਿੰਘ ਦੀ ਦਸੰਬਰ 2021 ’ਚ ਮੌਤ ਹੋ ਗਈ ਸੀ ਤੇ ਉਸ ਵਿਰੁੱਧ ਕਾਰਵਾਈ ਬੰਦ ਕਰ ਦਿੱਤੀ ਸੀ।
ਜਾਣਕਾਰੀ ਅਨੁਸਾਰ ਸੀਬੀਆਈ ਅਦਾਲਤ ’ਚ ਦਾਇਰ ਕੀਤੀ ਗਈ ਚਾਰਜਸ਼ੀਟ ਮੁਤਾਬਕ ਜਗਦੀਪ ਸਿੰਘ ਉਰਫ਼ ਮੱਖਣ ਨੂੰ ਐੱਸਐੱਚਓ ਗੁਰਬਚਨ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਅਗਵਾ ਕਰ ਲਿਆ ਸੀ। ਅਗਵਾ ਕਰਨ ਤੋਂ ਪਹਿਲਾਂ ਪੁਲਿਸ ਨੇ ਘਰ ’ਚ ਗੋਲ਼ੀ ਚਲਾਈ ਅਤੇ ਗੋਲ਼ੀ ਵੱਜਣ ਕਾਰਨ ਮੱਖਣ ਦੀ ਸੱਸ ਸਵਿੰਦਰ ਕੌਰ ਦੀ ਮੌਤ ਹੋ ਗਈ, ਇਹ ਘਟਨਾ 18 ਨਵੰਬਰ 1992 ਦੀ ਹੈ। ਇਸੇ ਤਰ੍ਹਾਂ ਗੁਰਨਾਮ ਸਿੰਘ ਉਰਫ਼ ਪਾਲੀ ਨੂੰ ਐੱਸਐੱਚਓ ਗੁਰਬਚਨ ਸਿੰਘ ਤੇ ਹੋਰ ਪੁਲਿਸ ਅਧਿਕਾਰੀਆਂ ਨੇ 21 ਨਵੰਬਰ 1992 ਨੂੰ ਉਸਦੇ ਘਰੋਂ ਅਗਵਾ ਕਰ ਲਿਆ ਸੀ। ਗੁਰਨਾਮ ਸਿੰਘ ਉਰਫ਼ ਪਾਲੀ ਅਤੇ ਜਗਦੀਪ ਸਿੰਘ ਉਰਫ਼ ਮੱਖਣ ਨੂੰ 30 ਨਵੰਬਰ 1992 ਨੂੰ ਗੁਰਬਚਨ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਝੂਠੇ ਪੁਲਿਸ ਮੁਕਾਬਲੇ ’ਚ ਮਾਰ ਦਿੱਤਾ ਸੀ ਅਤੇ ਇਸ ਸਬੰਧੀ ਪੰਜਾਬ ਪੁਲਿਸ ਨੇ ਐੱਫਆਈਆਰ ਦਰਜ ਕੀਤੀ ਸੀ ਕਿ ਐੱਸਐੱਚਓ ਗੁਰਬਚਨ ਸਿੰਘ ਸਮੇਤ ਹੋਰ ਦੋਸ਼ੀ ਵਿਅਕਤੀਆਂ ਅਤੇ ਪੁਲਿਸ ਅਧਿਕਾਰੀਆਂ ਨੇ 30 ਨਵੰਬਰ 1992 ਸਵੇਰ ਨੂੰ ਗਸ਼ਤ ਕਰਦੇ ਸਮੇਂ ਇਕ ਨੌਜਵਾਨ ਨੂੰ ਇਕ ਗੱਡੀ ’ਚ ਘੁੰਮਦਾ ਦੇਖਿਆ ਅਤੇ ਜ਼ਿਲ੍ਹਾ ਤਰਨਤਾਰਨ ਨੇੜੇ ਉਕਤ ਵਿਅਕਤੀ ਨੂੰ ਸ਼ੱਕੀ ਢੰਗ ਨਾਲ ਕਾਬੂ ਕੀਤਾ, ਇਸ ਦੌਰਾਨ ਕਾਬੂ ਵਿਅਕਤੀ ਨੇ ਆਪਣੀ ਪਛਾਣ ਗੁਰਨਾਮ ਸਿੰਘ ਉਰਫ਼ ਪਾਲੀ ਵਜੋਂ ਦੱਸੀ ਤੇ ਪੁੱਛਗਿੱਛ ਦੌਰਾਨ ਉਸ ਨੇ ਰੇਲਵੇ ਰੋਡ, ਟੀਟੀ ਅਤੇ ਗੁਰਨਾਮ ਸਥਿਤ ਦਰਸ਼ਨ ਸਿੰਘ ਦੇ ਪ੍ਰੋਵੀਜ਼ਨ ਸਟੋਰ ਵਿਚ ਹੈਂਡ ਗ੍ਰੇਨੇਡ ਸੁੱਟਣ ਵਿਚ ਆਪਣੀ ਸ਼ਮੂਲੀਅਤ ਕਬੂਲ ਕੀਤੀ। ਪੁਲਿਸ ਵਲੋਂ ਗੁਰਨਾਮ ਸਿੰਘ ਪਾਲੀ ਨੂੰ ਬੇਹਲਾ ਬਾਗ ’ਚ ਕਥਿਤ ਤੌਰ ’ਤੇ ਛੁਪਾਏ ਗਏ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਬਰਾਮਦਗੀ ਲਈ ਲਿਜਾਇਆ ਗਿਆ ਤਾਂ ਬਾਗ ਦੇ ਅੰਦਰੋਂ ਖਾੜਕੂਆਂ ਨੇ ਪੁਲਿਸ ਪਾਰਟੀ ’ਤੇ ਗੋਲ਼ੀਬਾਰੀ ਕਰ ਦਿੱਤੀ ਅਤੇ ਪੁਲਿਸ ਫੋਰਸ ਨੇ ਸਵੈ-ਰੱਖਿਆ ਵਿਚ ਜਵਾਬੀ ਕਾਰਵਾਈ ਕੀਤੀ। ਗੁਰਨਾਮ ਸਿੰਘ ਉਰਫ਼ ਪਾਲੀ ਬਚਣ ਦੀ ਨੀਅਤ ਨਾਲ ਆਉਣ ਵਾਲੀਆਂ ਗੋਲ਼ੀਆਂ ਦੀ ਦਿਸ਼ਾ ਵੱਲ ਭੱਜਿਆ ਪਰ ਕਰਾਸ-ਫਾਇਰਿੰਗ ’ਚ ਮਾਰਿਆ ਗਿਆ। ਉਕਤ ਐੱਫਆਈਆਰ ’ਚ ਦਿਖਾਇਆ ਗਿਆ ਕਿ ਬਾਗ ਦੀ ਤਲਾਸ਼ੀ ਲੈਣ ’ਤੇ ਜਗਦੀਪ ਸਿੰਘ ਉਰਫ਼ ਮੱਖਣ ਵਜੋਂ ਪਛਾਣ ਕੀਤੇ ਗਏ ਇਕ ਮਾਰੇ ਗਏ ਖਾੜਕੂ ਦੀ ਲਾਸ਼ ਵੀ ਬਰਾਮਦ ਹੋਈ। ਦੋਵਾਂ ਲਾਸ਼ਾਂ ਦਾ ਸਸਕਾਰ ਸ਼ਮਸ਼ਾਨਘਾਟ ’ਚ ਲਾਵਾਰਿਸ ਕਹਿ ਕਰ ਦਿੱਤਾ ਗਿਆ। ਦਸਣਯੋਗ ਹੈ ਕਿ ਗੁਰਨਾਮ ਸਿੰਘ ਪਾਲੀ ਪੰਜਾਬ ਪੁਲਿਸ ’ਚ ਐੱਸਪੀਓ ਤੇ ਜਗਦੀਪ ਸਿੰਘ ਮਖਣ ਪੰਜਾਬ ਪੁਲਿਸ ਦਾ ਸਿਪਾਹੀ ਸੀ। ਸੀਬੀਆਈ ਵਲੋਂ ਅਦਾਲਤ ’ਚ ਦਾਇਰ ਚਾਰਜਸ਼ੀਟ ਵਿੱਚ ਦੱਸਿਆ ਗਿਆ ਸੀ ਕਿ ਉਕਤ ਪੁਲਿਸ ਵਾਲਿਆਂ ਨੇ ਸਾਲ 1992 ਦੌਰਾਨ ਥਾਣਾ ਤਰਨਤਾਰਨ ਦੇ ਏਰੀਏ ਵਿੱਚ ਉਸ ਸਮੇਂ ਦੇ ਥਾਣਾ ਸਿਟੀ ਤਰਨਤਾਰਨ ਦੇ ਐੱਸਐੱਚਓ ਗੁਰਬਚਨ ਸਿੰਘ, ਏਐੱਸਆਈ ਰੇਸ਼ਮ ਸਿੰਘ, ਹੰਸ ਰਾਜ ਸਿੰਘ ਅਤੇ ਅਰਜੁਨ ਸਿੰਘ ਨੇ ਹੋਰ ਪੁਲਿਸ ਅਧਿਕਾਰੀਆਂ ਨਾਲ ਮਿਲ ਕੇ ਦੋ ਅਪਰਾਧਿਕ ਸਾਜ਼ਿਸ਼ਾਂ ਰਚ ਕੇ ਗ਼ੈਰ ਕਾਨੂੰਨੀ ਕਾਰਵਾਈ ਕੀਤੀ ਸੀ। ਮਾਮਲੇ ਦੀ ਸ਼ੁਰੂਆਤ ’ਚ ਸੀਬੀਆਈ ਵਲੋਂ ਮਾਮਲਾ ਦਰਜ ਕਰਕੇ ਪ੍ਰੀਤਮ ਸਿੰਘ, ਮਸੀਤ ਵਾਲੀ ਗਲੀ ਨੂਰ ਦੀ ਬਾਜ਼ਾਰ ਦੇ ਬਿਆਨ ਦਰਜ ਕੀਤੇ ਸਨ। ਇਸ ਮਾਮਲੇ ’ਚ ਸੁਪਰੀਮ ਕੋਰਟ ਵਲੋਂ ਅਣਪਛਾਤੀਆਂ ਲਾਸ਼ਾਂ ਦੱਸ ਕੇ ਸੰਸਕਾਰ ਕਰਨ ਦੇ ਮਮਾਲੇ ’ਚ ਜਾਂਚ ਦੇ ਹੁਕਮ ਦਿੱਤੇ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.