
ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਕਈ ਅਹਿਮ ਫੈਸਲਿਆਂ ‘ਤੇ ਮੋਹਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਦੌਰਾਨ ਕਈ ਅਹਿਮ ਪਾਲਿਸੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਸੀ.ਐਮ. ਭਗਵੰਤ ਮਾਨ ਨੇ ਕਿਹਾ ਕਿ 3 ਮਾਰਚ ਨੂੰ ਪੰਜਾਬ ਦਾ ਬਜਟ ਇਜਲਾਸ ਸ਼ੁਰੂ ਹੋਵੇਗਾ ਅਤੇ 10 ਮਾਰਚ ਨੂੰ ਪੰਜਾਬ ਸਰਕਾਰ ਦਾ ਪਹਿਲਾ ਬਜਟ ਪੇਸ਼ ਕੀਤਾ ਜਾਵੇਗਾ। ਨਾਲ ਹੀ ਮੁੱਖ ਮੰਤਰੀ ਮਾਨ ਨੇ ਕਿਹਾ ਕਿ 14417 ਵੱਖ-ਵੱਖ ਵਿਭਾਗਾ ਦੇ ਮੁਲਾਜ਼ਮਾ ਨੂੰ ਪੱਕਾ ਕੀਤਾ ਜਾਵੇਗਾ। ਉਹਨਾਂ ਜਾਣਕਾਰੀ ਦਿੱਤੀ ਕਿ ਹਾਉਸਿੰਗ ਪਾਲਿਸੀ ਵਿਚ ਕੱਚੇ ਘਰਾਂ ਨੂੰ ਪੱਕਾ ਕੀਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮਾਂਤਰੀ ਮਾਂ ਬੋਲੀ ਦਿਵਸ ਦੀਆਂ ਦਿੱਤੀਆਂ ਵਧਾਈਆਂ
ਅੱਜ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਵੱਖ-ਵੱਖ ਸਿਆਸੀ ਆਗੂਆਂ ਵਲੋਂ ਪੰਜਾਬ ਵਾਸੀਆਂ ਨੂੰ ਕੌਮਾਂਤਰੀ ਮਾਂ ਬੋਲੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਟਵੀਟ ਜਾਰੀ ਕਰਕੇ ਸਮੂਹ ਪੰਜਾਬੀਆਂ ਨੂੰ ਮਾਂ ਬੋਲੀ ਦਿਵਸ ਦੀਆਂ ਵਧੀਆਂ ਦਿੱਤੀਆਂ ਹਨ।
ਹਰ ਖਿੱਤੇ ਦੀ ਪਹਿਚਾਣ ਉਸਦੀ ਬੋਲੀ ਨਾਲ ਹੁੰਦੀ ਹੈ…ਪੰਜਾਬੀ ਮਾਂ ਬੋਲੀ ਆਪਣੇ ਪੰਜਾਬ ਦੀ ਵਡਮੁੱਲੀ ਵਿਰਾਸਤ ਦੇ ਨਾਲ ਇੱਕ ਵਿਲੱਖਣ ਪਹਿਚਾਣ ਵੀ ਹੈ…ਆਓ ਆਪਣੀ ਬੋਲੀ ਨੂੰ ਪਿਆਰ ਕਰੀਏ ਤੇ ਸਵੀਕਾਰ ਕਰੀਏ…
ਅੰਤਰ ਰਾਸ਼ਟਰੀ ਮਾਂ ਬੋਲੀ ਦਿਵਸ ਦੀਆਂ ਸਮੂਹ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ… pic.twitter.com/s3Tues5DA2
— Bhagwant Mann (@BhagwantMann) February 21, 2023
ਮਾਤ ਭਾਸ਼ਾ ਦਿਵਸ ‘ਤੇ ਸੀ.ਐਮ. ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ
ਪੰਜਾਬ ਸੀ.ਐਮ. ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਸਰਕਾਰੀ ਵਿਭਾਗਾਂ ‘ਚ ਨਵ-ਨਿਯੁਕਤ ਕੀਤੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਉਹਨਾਂ ਨੇ ਪੰਜਾਬ ਵਾਸੀਆਂ ਨੂੰ ‘ਦਫਤਰਾਂ, ਸਰਕਾਰੀ ਕਾਗਜ਼ਾਂ ਅਤੇ ਬੋਲਣ ’ਚ ਮਾਂ ਬੋਲੀ ਪੰਜਾਬੀ ਨੂੰ ਤਰਜ਼ੀਹ ਦੇਣ ਦੀ ਅਪੀਲ ਕੀਤੀ। ਨਾਲ ਹੀ ਉਹਨਾਂ ਕਿਹਾ ਕਿ ‘ਸਾਡਾ ਫ਼ਰਜ਼ ਬਣਦਾ ਹੈ ਕਿ ਅਸੀ ਸਿਫ਼ਾਰਸ਼ਾਂ-ਰਿਸ਼ਵਤਾਂ ਦੇ ਅੜਿੱਕੇ ਖ਼ਤਮ ਕਰੀਏ।
ਸ਼੍ਰੋਮਣੀ ਕਮੇਟੀ ਅਤੇ ਹਰਿਆਣਾ ਸਿੱਖ ਕਮੇਟੀ ਦੇ ਸਮਰਥਕਾਂ ਦੀ ਹੋਈ ਝੜਪ ਨੂੰ ਲੈਕੇ ਜਥੇਦਾਰ ਦਾਦੂਵਾਲ ਦਾ ਬਿਆਨ
ਬੀਤੇ ਕੱਲ੍ਹ ਗੁਰਦੁਆਰਾ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿਖੇ ਸ਼੍ਰੋਮਣੀ ਕਮੇਟੀ ਅਤੇ ਹਰਿਆਣਾ ਸਿੱਖ ਕਮੇਟੀ ਦੇ ਸਮਰਥਕਾਂ ਦੀ ਆਪਸ ‘ਚ ਝੜਪ ਹੋਈ। ਜਿਸਨੂੰ ਲੈਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧ ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸ਼੍ਰੋਮਣੀ ਕਮੇਟੀ ‘ਤੇ ਇਲਜ਼ਾਮ ਲਗਾਏ ਕਿ ਇਹ ਪੂਰੀ ਪਲੈਨਿੰਗ ਕਰਕੇ ਇਥੇ ਆਏ ਸੀ। ਉਥੇ ਹੀ ਸ਼੍ਰੋਮਣੀ ਕਮੇਟੀ ਵਲੋਂ ਅੰਤ੍ਰਿਗ ਕਮੇਟੀ ਦੀ ਹੋਈ ਮੀਟਿੰਗ ਵਿਚ ਫੈਸਲਾ ਲਿਆ ਗਿਆ ਕਿ ਇਸਸ ਮਾਮਲੇ ਸੰਬੰਧੀ ਹਰਿਆਣਾ ਦੇ ਸਿੱਖਾਂ ਨਾਲ ਗੱਲਬਾਤ ਕਰਨ ਵਾਸਤੇ ਸ਼੍ਰੋਮਣੀ ਕਮੇਟੀ ਵਲੋਂ 5 ਮੈਂਬਰੀ ਵਿਸ਼ੇਸ਼ ਪੜਤਾਲ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਸੀ.ਐਮ. ਦੀ ਰਿਹਾਇਸ਼ ਵੱਲ ਕੂਚ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਦੀ ਪੁਲਿਸ ਨਾਲ ਝੜਪ
ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਦਾ ਐਲਾਨ ਕੀਤਾ ਗਿਆ ਸੀ। ਇਸ ਲਈ ਅੱਜ ਬੇਰੁਜ਼ਗਾਰ ਅਧਿਆਪਕ ਵੇਕਰਾ ਮਿਲਕ ਪਲਾਂਟ ਦੇ ਕੋਲ ਇਕੱਠੇ ਹੋਏ। ਜਿਸ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਦੇ ਵਲੋਂ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ ਤੱਕ ਮਾਰਚ ਕੀਤਾ ਗਿਆ। ਉਥੇ ਹੀ ਪੁਲਿਸ ਵਲੋਂ ਭਾਰੀ ਫੋਰਸ ਲਗਾ ਕੇ ਬੇਰੁਜਗਾਰਾਂ ਨੂੰ ਰੋਕਣ ਦੀ ਕੋਸ਼ਿਸ ਕੀਤੀ ਗਈ। ਜਦੋਂ ਬੇਰੁਜ਼ਗਾਰ ਅਧਿਆਪਕ ਅੱਗੇ ਵੱਧਣ ਲੱਗੇ ਤਾਂ ਪੁਲਿਸ ਦੀ ਬੇਰੁਜ਼ਗਾਰ ਅਧਿਆਪਕਾਂ ਨਾਲ ਝੜਪ ਹੋ ਗਈ।
ਵਿਵਾਦਾਂ ‘ਚ ਘਿਰਿਆ ਦਿੱਲੀ ਦਾ ਸਿਹਤ ਮਾਡਲ, ਭਾਜਪਾ ਆਗੂ ਨੇ ਚੁੱਕੇ ਸਵਾਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸਿਹਤ ਮਾਡਲ ਵਿਵਾਦਾਂ ‘ਚ ਘਿਰਦਾ ਜਾ ਰਿਹਾ ਹੈ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਵਲੋਂ ਇਕ ਵੀਡੀਓ ਸ਼ੇਅਰ ਕਰਕੇ ਦਿੱਲੀ ਦੀ ‘ਆਪ’ ਸਰਕਾਰ ‘ਤੇ ਨਿਸ਼ਾਨੇ ਸਾਧੇ ਗਏ ਹਨ। ਉਨਾਂ ਕਿਹਾ ਕਿ ਕੇਜਰੀਵਾਲ ਦਾ ਹੈਲਥ ਮਾਡਲ ਸਿਰਫ਼ ਇਸ਼ਤਿਹਾਰਾਂ ਤੱਕ ਸੀਮਤ ਹੈ। ਉਹਨਾਂ ਕਿਹਾ ਕਿ ਅਸਲੀਅਤ ਤਾਂ ਉਹ ਹੈ ਜੋ LNJP ਹਸਪਤਾਲ ‘ਚ ਹੋਇਆ ਹੈ। ਇੱਕ ਜ਼ਿੰਦਾ ਬੱਚਾ ਡੱਬੇ ਵਿੱਚ ਪੈਕ ਕਰਕੇ ਮਾਂ ਨੂੰ ਇਹ ਕਹਿ ਕੇ ਦਿੱਤਾ ਗਿਆ ਕਿ ਇਹ ਮਰ ਚੁੱਕਾ ਹੈ। ਉਹਨਾਂ ਇਹ ਵੀ ਮੰਗ ਕੀਤੀ ਇਸ ਲਾਪਰਵਾਹੀ ਲਈ ਤੁਹਾਡੀ ਸਰਕਾਰ ਦੇ ਸਿਹਤ ਮੰਤਰੀ ‘ਤੇ ਅਪਰਾਧਿਕ ਮਾਮਲਾ ਦਰਜ ਹੋਣਾ ਚਾਹੀਦਾ ਹੈ।
ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਲੈਕੇ ਹੋਏ ਹੰਗਾਮੇ ਦੀ ਸਿਆਸੀ ਆਗੂਆਂ ਨੇ ਕੀਤੀ ਨਿਖੇਦੀ
ਕੁਰੂਕਸ਼ੇਤਰ ‘ਚ ਛੇਵੀਂ ਪਾਤਸ਼ਾਹੀ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਲੈਕੇ ਹੋਏ ਹੰਗਾਮੇ ਦੀ ਹਰ ਪਾਸੇ ਨਿੰਦਿਆਂ ਹੋ ਰਹੀ ਹੈ। ਇਸ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਲੋਂ ਇਸ ਘਟਨਾਕ੍ਰਮ ਦੀ ਨਿਖੇਧੀ ਕੀਤੀ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਇਸ ਮਾਮਲੇ ਸਬੰਧੀ ਕੇਂਦਰ ਅਤੇ ਹਰਿਆਣੇ ਦੀ ਬੀਜੇਪੀ ਸਰਕਾਰ ਨੂੰ ਆੜੇ ਹੱਥੀ ਲਿਆ ਹੈ।
ਸਰਹੱਦੀ ਜ਼ਿਲ੍ਹਿਆਂ ਵਿੱਚ ਪੰਜਾਬ ਪੁਲਿਸ ਦਾ ਸਰਚ ਆਪਰੇਸ਼ਨ, ਕਈ ਥਾਵਾਂ ‘ਤੇ ਕੀਤੀ ਛਾਪੇਮਾਰੀ
ਪੰਜਾਬ ਪੁਲਿਸ ਨੇ ਅੱਜ ਸਵੇਰ ਤੋਂ ਹੀ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਨਸ਼ਾ ਤਸਕਰਾਂ ਅਤੇ ਸਮਾਜਿਕ ਅਨਸਰਾਂ ਵਿਰੁੱਧ ਆਪਣੀ ਪਕੜ ਨੂੰ ਹੋਰ ਸਖ਼ਤ ਕਰਦਿਆਂ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ। ਇਸ ਕਾਰਵਾਈ ਦੌਰਾਨ ਪੁਲਿਸ ਵਲੋਂ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਨਾਲ ਹੀ ਪੁਲਿਸ ਪ੍ਰਸ਼ਾਸਨ ਵਲੋਂ ਸ਼ਰਾਰਤੀ ਅਨਸਰਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕ ਜੇਕਰ ਕੋਈ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਕੌਮਾਂਤਰੀ ਮਾਂ ਬੋਲੀ ਦਿਵਸ ਦੀ ਦਿੱਤੀ ਵਧਾਈ
ਕੌਮਾਂਤਰੀ ਮਾਂ ਬੋਲੀ ਦਿਵਸ ‘ਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਪੰਜਾਬ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ। ਉਹਨਾਂ ਵੀਡੀਓ ਜਾਰੀ ਕਰਦਿਆ ਕਿਹਾ ਕਿ ਸਾਨੂੰ ਆਪਣੀ ਮਾਂ ਬੋਲੀ ਦਾ ਸਤਿਕਾਰ ਕਰਨਾ ਚਾਹੀਦਾ ਹੈ। ਨਾਲ ਹੀ ਉਹਨਾਂ ਇਹ ਵੀ ਜਾਣਕਾਰੀ ਦਿੱਤੀ ਜਲਦ ਸੰਸਦ ਦੇ ਵਿਚ ਸਾਰੀਆਂ ਮਾਂ ਬੋਲੀਆਂ ਨੂੰ ਬਣਦਾ ਮਾਣ-ਸਤੀਕਾਰ ਦਿੱਤਾ ਜਾਵੇਗਾ।
ਨਵਜੋਤ ਸਿੱਧੂ ਨੂੰ ਚੇਤਾਵਨੀ ਦੇਣ ਵਾਲੇ ਪੁਲਿਸ ਅਧਿਕਾਰੀ ਸੰਦੀਪ ਸਿੰਘ ਨੇ ਕੀਤੀ ਖ਼ੁਦਕੁਸ਼ੀ
ਵੱਡੀ ਖ਼ਬਰ ਅੰਮ੍ਰਿਤਸਰ ਪੁਲਿਸ ਹੈੱਡ ਕਾਂਸਟੇਬਲ ਸੰਦੀਪ ਸਿੰਘ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਚੇਤਾਵਨੀ ਦੇਣ ਵਾਲੇ ਪੁਲਿਸ ਅਧਿਕਾਰੀ ਸੰਦੀਪ ਸਿੰਘ ਵੱਲੋਂ ਇਕ ਸੁਸਾਇਡ ਨੋਟ ਲਿਖ ਕੇ ਆਪਣੇ ਘਰ ਦੇ ਕਮਰੇ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ। ਸੰਦੀਪ ਸਿੰਘ ਵੱਲੋਂ ਕੀਤੀ ਖ਼ੁਦਕੁਸ਼ੀ ਦੇ ਕਾਰਨਾਂ ਦਾ ਅਜੇ ਕੁਝ ਸਪੱਸ਼ਟ ਨਹੀਂ ਹੋ ਸਕਿਆ ਹੈ। ਸੁਸਾਇਡ ਨੋਟ ਬਾਰੇ ਪੁਲਿਸ ਕੋਈ ਜਾਣਕਾਰੀ ਸਾਂਝੀ ਨਹੀਂ ਕਰ ਰਹੀ ਹੈ।
ਵਿੱਤੀ ਸੰਕਟ ਨਾਲ ਜੂਝ ਰਹੀ ਮਾਂ ਬੋਲੀ ਦੇ ਨਾਂ ‘ਤੇ ਸਥਾਪਤ ਪੰਜਾਬੀ ਯੂਨੀਵਰਸਿਟੀ
ਖ਼ਬਰ ਪਟਿਆਲਾ ਤੋਂ ਸਾਹਮਣੇ ਆ ਰਹੀ ਹੈ ਜਿਥੇ ਇਕ ਪਾਸੇ ਤਾਂ ਮਾਤ ਭਾਸ਼ਾ ਦਿਵਸ ਮਨਾਇਆ ਜਾ ਰਿਹਾ ਹੈ। ਉਥੇ ਹੀ ਦੂਜੇ ਪਾਸੇ ਪੰਜਾਬੀ ਯੂਨੀਵਰਸਿਟੀ ਵਿਖੇ ਵੱਖ-ਵਖ ਵਿਦਿਆਰਥੀ ਜਥੇਬੰਦੀਆਂ ਵਲੋਂ ਮੁੱਖ ਗਏ ਬੰਦ ਕਰ ਕੇ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਹੈ। ਵਿਦਿਆਰਥੀਆਂ ਦੀ ਮੰਗ ਹੈ ਮਾਂ ਬੋਲੀ ਦੇ ਨਾਂ ‘ਤੇ ਸਥਾਪਤ ਯੂਨੀਵਰਸਿਟੀ ਵਿੱਤੀ ਸੰਕਟ ਨਾਲ ਜੂਝ ਰਹੀ ਹੈ ਪਰ ਕਿਸੇ ਵੀ ਸਰਕਾਰ ਨੇ ਇਸਦੀ ਬਾਂਹ ਨਹੀਂ ਫੜੀ। ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿਚੋਂ ਬਾਹਰ ਕੱਢਣ ਲਈ ਵੱਡੀ ਗਿਣਤੀ ਵਿੱਚ ਇਕੱਠੀਆਂ ਹੋਈਆਂ ਵਿਦਿਆਰਥੀ ਜਥੇਬੰਦੀਆਂ ਵੱਲੋਂ ਯੂਨੀਵਰਸਿਟੀ ਦਾ ਮੁੱਖ ਗੇਟ ਬੰਦ ਕਰਕੇ ਯੂਨੀਵਰਸਿਟੀ ਨੂੰ ਗਰਾਂਟ ਜਾਰੀ ਕਰਨ ਦੀ ਅਪੀਲ ਕੀਤੀ ਗਈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.