
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ
ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥ ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ ਰਾਮ ॥ ਤਨੁ ਮਨੁ ਦਿਤਾ ਭਵਜਲੁ ਜਿਤਾ ਚੂਕੀ ਕਾਂਣਿ ਜਮਾਣੀ ॥ ਅਸਥਿਰੁ ਥੀਆ ਅੰਮ੍ਰਿਤੁ ਪੀਆ ਰਹਿਆ ਆਵਣ ਜਾਣੀ ॥ ਸੋ ਘਰੁ ਲਧਾ ਸਹਜਿ ਸਮਧਾ ਹਰਿ ਕਾ ਨਾਮੁ ਅਧਾਰਾ ॥ ਕਹੁ ਨਾਨਕ ਸੁਖਿ ਮਾਣੇ ਰਲੀਆਂ ਗੁਰ ਪੂਰੇ ਕੰਉ ਨਮਸਕਾਰਾ ॥੧॥
ਪਦ ਅਰਥ: ਗੁਰ ਮਿਲਿ = ਗੁਰੂ ਨੂੰ ਮਿਲ ਕੇ। ਲਧਾ = ਲੱਭਦਾ ਹੈ। ਜੀ = ਹੇ ਭਾਈ! ਵਾਰੋ ਵਾਰਾ = ਵਾਰ ਵਾਰ ਕੇ, ਸਦਕੇ ਕਰ ਕੇ। ਭਵਜਲੁ = ਸੰਸਾਰ-ਸਮੁੰਦਰ। ਚੂਕੀ = ਮੁੱਕ ਜਾਂਦੀ ਹੈ। ਕਾਂਣਿ = ਮੁਥਾਜੀ। ਜਮਾਣੀ = ਜਮਾਂ ਦੀ। ਅਸਥਿਰੁ = ਅਡੋਲ-ਚਿੱਤ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਰਹਿਆ = ਮੁੱਕ ਗਿਆ। ਸਹਜਿ = ਆਤਮਕ ਅਡੋਲਤਾ ਵਿਚ। ਸਮਧਾ = ਸਮਾ ਗਿਆ, ਲੀਨਤਾ ਹੋ ਗਈ। ਅਧਾਰਾ = ਆਸਰਾ। ਸੁਖਿ = ਆਨੰਦ ਨਾਲ। ਰਲੀਆਂ = ਖ਼ੁਸ਼ੀਆਂ। ਕੰਉ = ਨੂੰ।੧।
ਅਰਥ: ਰਾਗ ਵਡਹੰਸ, ਘਰ ੪ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਗੁਰੂ ਨੂੰ ਮਿਲ ਕੇ (ਹੀ) ਪਿਆਰਾ ਪ੍ਰਭੂ ਲੱਭਦਾ ਹੈ, (ਜਿਸ ਨੂੰ ਗੁਰੂ ਦੀ ਰਾਹੀਂ ਪ੍ਰਭੂ ਲੱਭ ਪੈਂਦਾ ਹੈ, ਉਹ) ਆਪਣਾ ਇਹ ਸਰੀਰ ਇਹ ਮਨ (ਗੁਰੂ ਦੇ) ਹਵਾਲੇ ਕਰਦਾ ਹੈ। ਜੇਹੜਾ ਮਨੁੱਖ ਆਪਣਾ ਤਨ ਮਨ ਗੁਰੂ ਦੇ ਹਵਾਲੇ ਕਰਦਾ ਹੈ, ਉਹ ਸੰਸਾਰ-ਸਮੁੰਦਰ ਨੂੰ ਜਿੱਤ ਲੈਂਦਾ ਹੈ, ਉਸ ਦੀ ਜਮਾਂ ਦੀ ਮੁਥਾਜੀ ਮੁੱਕ ਜਾਂਦੀ ਹੈ ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ ਲੈ ਕੇ) ਪੀਂਦਾ ਹੈ, ਤੇ, ਅਡੋਲ-ਚਿੱਤ ਹੋ ਜਾਂਦਾ ਹੈ, ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ। ਉਸ ਮਨੁੱਖ ਨੂੰ ਉਹ ਘਰ (ਪ੍ਰਭੂ ਦੇ ਚਰਨਾਂ ਵਿਚ ਟਿਕਾਣਾ) ਮਿਲ ਜਾਂਦਾ ਹੈ (ਜਿਸ ਦੀ ਬਰਕਤਿ ਨਾਲ) ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ, ਪਰਮਾਤਮਾ ਦਾ ਨਾਮ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ। ਹੇ ਨਾਨਕ! ਆਖ-ਉਹ ਮਨੁੱਖ ਸੁਖ ਵਿਚ ਰਹਿ ਕੇ ਆਤਮਕ ਖ਼ੁਸ਼ੀਆਂ ਮਾਣਦਾ ਹੈ (ਇਹ ਸਾਰੀ ਬਰਕਤਿ ਗੁਰੂ ਦੀ ਹੀ ਹੈ) ਪੂਰੇ ਗੁਰੂ ਨੂੰ (ਸਦਾ) ਨਮਸਕਾਰ ਕਰਨੀ ਚਾਹੀਦੀ ਹੈ।੧।
ਵਾਹਿਗੁਰੂ ਜੀ ਕਾ ਖਾਲਸਾ !! ਵਾਹਿਗੁਰੂ ਜੀ ਕੀ ਫਤਹਿ !!
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




