ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਨਿਯਮਾਂ ’ਚ ਬਦਲਾਅ ਦਾ ਵਿਰੋਧ
ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਨਿਯਮਾਂ ’ਚ ਬਦਲਾਅ ਦਾ ਵਿਰੋਧ
ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੇ ਵਿੱਦਿਅਕ ਅਦਾਰਿਆਂ ਦੇ ਅਧਿਆਪਕਾਂ, ਗੈਰ ਅਧਿਆਪਕ ਅਮਲੇ ਨੂੰ ਪੱਕੇ ਕਰਨ ਅਤੇ ਗਰੇਡ ਦੇਣ ਸਬੰਧੀ ਨਿਯਮਾਂ ’ਚ ਕੀਤੀ ਤਬਦੀਲੀ ਦੇ ਖ਼ਿਲਾਫ਼ ਅੱਜ ਇਨ੍ਹਾਂ ਵਿੱਦਿਅਕ ਅਦਾਰਿਆਂ ਦੇ ਅਮਲੇ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਸ਼੍ਰੋਮਣੀ ਕਮੇਟੀ ਨੇ ਇਸ ਵਿਰੋਧ ਨੂੰ ਦੇਖਦਿਆਂ ਇਸ ਮਾਮਲੇ ਸਬੰਧੀ ਸਬ-ਕਮੇਟੀ ਦੀ ਰਿਪੋਰਟ ਲਾਗੂ ਕਰਨ ’ਤੇ ਫਿਲਹਾਲ ਰੋਕ ਲਾ ਦਿੱਤੀ ਹੈ ਅਤੇ ਮਾਮਲੇ ਨੂੰ ਵਿਚਾਰਨ ਲਈ ਇਕ ਕਮੇਟੀ ਕਾਇਮ ਕਰ ਦਿੱਤੀ ਹੈ। ਇਨ੍ਹਾਂ ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਸ਼੍ਰੋਮਣੀ ਕਮੇਟੀ ਦੇ ਸਿੱਖਿਆ ਵਿਭਾਗ ਦੇ ਸਕੱਤਰ ਸੁਖਮਿੰਦਰ ਸਿੰਘ ਨੇ ਅਧਿਆਪਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਇਸ ਫ਼ੈਸਲੇ ’ਤੇ ਮੁੜ ਵਿਚਾਰ ਕੀਤਾ ਜਾਵੇਗਾ ਤੇ ਫਿਲਹਾਲ ਇਸ ਮਾਮਲੇ ’ਤੇ ਰੋਕ ਲਗਾ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਦੱਸਿਆ ਕਿ ਇਹ ਮਾਮਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਅਤੇ ਉਨ੍ਹਾਂ ਨੇ ਫਿਲਹਾਲ ਇਸ ਫ਼ੈਸਲੇ ਨੂੰ ਲਾਗੂ ਕਰਨ ’ਤੇ ਰੋਕ ਲਾ ਦਿੱਤੀ ਹੈ। ਅਧਿਆਪਕ ਅਤੇ ਗੈਰ ਅਧਿਆਪਕ ਅਮਲੇ ਦੀ ਮੰਗ ਨੂੰ ਵਿਚਾਰਨ ਵਾਸਤੇ ਇਕ ਸੱਤ ਮੈਂਬਰੀ ਸਬ-ਕਮੇਟੀ ਬਣਾ ਦਿੱਤੀ ਗਈ ਹੈ, ਜੋ ਜਲਦੀ ਹੀ ਇਸ ਮਾਮਲੇ ਬਾਰੇ ਵਿਚਾਰ ਕਰੇਗੀ। ਇਸ ਕਮੇਟੀ ਵਿੱਚ ਅੰਤ੍ਰਿੰਗ ਕਮੇਟੀ ਮੈਂਬਰ ਜੋਧ ਸਿੰਘ ਸਮਰਾ, ਗੁਰਪ੍ਰੀਤ ਕੌਰ, ਬਾਬਾ ਗੁਰਪ੍ਰੀਤ ਸਿੰਘ ਅਤੇ ਮੈਂਬਰ ਕਿਰਨਜੋਤ ਕੌਰ ਤੋਂ ਇਲਾਵਾ ਸਕੱਤਰ ਵਿੱਦਿਆ ਅਤੇ ਦੋ ਪ੍ਰਿੰਸੀਪਲ ਸ਼ਾਮਲ ਕੀਤੇ ਗਏ ਹਨ। ਪ੍ਰਦਰਸ਼ਨਕਾਰੀ ਅਧਿਆਪਕਾਂ ਵਿੱਚ ਸ਼ਾਮਲ ਅਧਿਆਪਕ ਹਰਪਾਲ ਸਿੰਘ ਨੇ ਮੰਗ ਕੀਤੀ ਕਿ ਬਦਲਾਅ ਕੀਤੀ ਇਸ ਨੀਤੀ ਨੂੰ ਰੱਦ ਕੀਤਾ ਜਾਵੇ ਅਤੇ ਪਹਿਲਾਂ ਵਾਲੀ ਨੀਤੀ ਨੂੰ ਲਾਗੂ ਕੀਤਾ ਜਾਵੇ। ਅਧਿਆਪਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਅਪਰੈਲ ਮਹੀਨੇ ਤੋਂ ਹੁਣ ਤੱਕ ਦੀਆਂ ਤਨਖਾਹਾਂ ਵੀ ਨਹੀਂ ਮਿਲੀਆਂ ਹਨ। ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀ ਮੰਗ ਸਬੰਧੀ ਕੋਈ ਫ਼ੈਸਲਾ ਨਹੀਂ ਹੁੰਦਾ ਉਹ ਰੋਜ਼ਾਨਾ ਇੱਥੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਉਂਦੇ ਰਹਿਣਗੇ। ਇਨ੍ਹਾਂ ਅਧਿਆਪਕਾਂ ਵੱਲੋਂ ਸ਼ੁੱਕਰਵਾਰ ਅਤੇ ਸ਼ਨਿਚਰਵਾਰ ਆਪੋ ਆਪਣੇ ਵਿੱਦਿਅਕ ਅਦਾਰਿਆਂ ਵਿਚ ਰੋਸ ਪ੍ਰਗਟਾਇਆ ਗਿਆ ਸੀ। ਇਹ ਮੁਲਾਜ਼ਮ ਕੱਲ੍ਹ ਵੀ ਅਧਿਕਾਰੀਆਂ ਨੂੰ ਮਿਲਣ ਆਏ ਸਨ, ਪਰ ਇਨ੍ਹਾਂ ਦਾ ਮਸਲਾ ਹੱਲ ਨਹੀਂ ਹੋਇਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.