ਪੰਜਾਬ ਦੀ ਪਹਿਲੀ ਡਿਜੀਟਲ ਲਾਇਬ੍ਰੇਰੀ ਕੈਬਨਿਟ ਮੰਤਰੀ ਜਿੰਪਾ ਨੇ ਕੀਤੀ ਲੋਕਾਂ ਨੂੰ ਸਮਰਪਿਤ
- 3 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਡਿਜੀਟਲ ਲਾਇਬ੍ਰੇਰੀ ’ਚ ਮੁਹੱਈਆ ਕਰਵਾਈਆਂ ਗਈਆਂ ਹਨ ਅਤਿ-ਆਧੁਨਿਕ ਸੁਵਿਧਾਵਾਂ

ਡਿਜੀਟਲ ਰੀਡਿੰਗ ਰੂਪ, ਹਾਈਟੈੱਕ ਕੰਪਿਊਟਰ, ਟੈਬਸ, ਵਾਈ ਫਾਈ, ਕਿਡਜ਼ ਜ਼ੋਨ, ਸੀਨੀਅਰ ਸਿਟੀਜ਼ਨਸ ਜ਼ੋਨ, ਕਾਨਫਰੰਸ ਰੂਮ ਦੀ ਵਿਸ਼ੇਸ਼ ਸੁਵਿਧਾ
ਹੁਸ਼ਿਆਰਪੁਰ, 4 ਮਾਰਚ 2023 – ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਜੀਹ ਰਹੀ ਹੈ ਅਤੇ ਇਸੇ ਵਚਨਬੱਧਤਾ ਨੂੰ ਦੁਹਰਾਉਂਦਿਆਂ ਅੱਜ ਹੁਸ਼ਿਆਰਪੁਰ ਵਿਚ ਪੰਜਾਬ ਦੀ ਪਹਿਲੀ ਡਿਜੀਟਲ ਲਾਇਬ੍ਰੇਰੀ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤੀ ਗਈ ਹੈ। ਉਹ ਅੱਜ ਸਿਵਲ ਲਾਈਨਜ਼ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰ ਕੀਤੀ ਗਈ ਡਿਜੀਟਲ ਲਾਇਬ੍ਰੇਰੀ ਦੇ ਲੋਕ ਅਰਪਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਹੋਰ ਸ਼ਖਸੀਅਤਾਂ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿਚ ਚੱਲ ਰਹੀ ਹਰੇਕ ਯੋਜਨਾ ਨੂੰ ਜਲਦ ਤੋਂ ਜਲਦ ਮੁਕੰਮਲ ਕਰਵਾਇਆ ਹੈ, ਜਿਸ ਕਾਰਨ ਅੱਜ ਪੰਜਾਬ ਤਰੱਕੀ ਦੀ ਰਾਹ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ 3 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਇਸ ਅਤਿ-ਆਧੁਨਿਕ ਲਾਇਬ੍ਰੇਰੀ ਦਾ ਹਰੇਕ ਵਰਗ ਨੂੰ ਭਰਪੂਰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਵਿਚ ਇਸ ਡਿਜੀਟਲ ਲਾਇਬ੍ਰੇਰੀ ਨੂੰ ਲੈ ਕੇ ਕਾਫੀ ਉਤਸ਼ਾਹ ਹੈ, ਜਿਸ ਦਾ ਪ੍ਰਤੱਖ ਪ੍ਰਮਾਣ ਇਹ ਹੈ ਕਿ ਪਹਿਲੇ ਦਿਨ ਹੀ ਵੱਡੀ ਗਿਣਤੀ ਵਿਚ ਲੋਕ ਇਥੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਇਸ ਲਾਇਬ੍ਰੇਰੀ ਦੇ ਰੱਖ-ਰਖਾਅ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ ਅਤੇ ਇਸ ਦੀ ਦੇਖ-ਰੇਖ ਜ਼ਿਲ੍ਹਾ ਪ੍ਰੀਸ਼ਦ ਹੁਸ਼ਿਆਰਪੁਰ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਥੈ ਪੜ੍ਹਨ ਲਈ ਆਉਣ ਵਾਲਿਆਂ ਦੀ ਸੁਵਿਧਾ ਲਈ ਆਉਣ ਵਾਲੇ ਸਮੇ ਵਿਚ ਇਥੇ ਕੈਫੇਟੇਰੀਆ ਵੀ ਬਣਾਇਆ ਜਾਵੇਗਾ।
ਡਿਜੀਟਲ ਲਾਇਬ੍ਰੇਰੀ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਇਥੇ ਡਿਜੀਟਲ ਮਾਧਿਅਮ ਰਾਹੀਂ ਸਾਰਾ ਕੰਟੈਂਟ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰੇਕ ਵਰਗ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਲਾਇਬ੍ਰੇਰੀ ਵਿਚ ਵੱਖ-ਵੱਖ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਬੱਚਿਆਂ ਲਈ ਜਿਥੇ ਕਿਡਜ਼ ਜ਼ੋਨ ਉਪਲਬੱਧ ਹੈ, ਉਥੇ ਸੀਨੀਅਰ ਸਿਟੀਜ਼ਨਸ ਲਈ ਵੱਖਰੇ ਕਮਰੇ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਡਿਜੀਟਲ ਰੀਡਿੰਗ ਰੂਮ ਬਣਾਇਆ ਗਿਆ ਹੈ, ਜਿਥੇ ਅਤਿ-ਆਧੁਨਿਕ ਕੰਪਿਊਟਰ, ਟੈਬਸ ਤੋਂ ਇਲਾਵਾ ਵਾਈ ਫਾਈ ਦੀ ਵਿਸ਼ੇਸ਼ ਸੁਵਿਧਾ ਉਪਲਬੱਧ ਹੈ। ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਵਿਸ਼ੇਸ਼ ਇੰਤਜ਼ਾਮ ਕਰਦਿਆਂ ਸਬੰਧਤ ਪੜ੍ਹਨ ਸਮੱਗਰੀ ਮੁਹੱਈਆ ਕਰਵਾਈ ਗਈ ਹੈ।
ਇਸ ਤੋਂ ਇਲਾਵਾ ਅਖ਼ਬਾਰਾਂ, ਮੈਗਜ਼ੀਨ ਤੇ ਹੋਰ ਪੁਸਤਕਾਂ ਵੀ ਇਥੇ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਲਾਇਬ੍ਰੇਰੀ ਵਿਚ ਕਾਨਫਰੰਸ ਰੂਮ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲਾਇਬ੍ਰੇਰੀ ਦੀ ਮੈਂਬਰਸ਼ਿਪ 300 ਰੁਪਏ ਮਹੀਨਾ ਰੱਖੀ ਗਈ ਹੈ, ਜਿਸ ਵਿਚ ਵਿਦਿਆਰਥੀਆਂ ਨੂੰ 25 ਫੀਸਦੀ ਛੋਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜੇਕਰ ਕੋਈ ਲੋੜਵੰਦ ਵਿਦਿਆਰਥੀ ਜਾਂ ਵਿਅਕਤੀ ਫੀਸ ਦੇਣ ਤੋਂ ਅਸਮਰੱਥ ਹੈ, ਤਾਂ ਸਰਬੱਤ ਦਾ ਭਲਾ ਚੈਰੀਟੇਬਲ ਸੁਸਾਇਟੀ ਵੱਲੋਂ ਉਸ ਦੀ ਲਾਇਬ੍ਰੇਰੀ ਫੀਸ ਸਪਾਂਸਰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਲਾਇਬ੍ਰੇਰੀ ਪੂਰਾ ਹਫ਼ਤਾ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਖੁੱਲ੍ਹੇਗੀ।
ਇਸ ਦੌਰਾਨ ਜ਼ਿਲ੍ਹਾ ਭਾਸ਼ਾ ਵਿਭਾਗ ਵੱਲੋਂ ਖੋਜ ਅਫ਼ਸਰ ਡਾ. ਜਸਵੰਤ ਰਾਏ ਦੀ ਅਗਵਾਈ ਵਿਚ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਦਾ ਲੋਕਾਂ ਨੇ ਭਰਪੂਰ ਲਾਭ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਐਸ. ਡੀ. ਐਮ ਦਸੂਹਾ ਓਜਸਵੀ ਅਲੰਕਾਰ, ਐਕਸੀਅਨ ਪੰਚਾਇਤੀ ਰਾਜ ਰਾਜਕੁਮਾਰ, ਸੰਦੀਪ ਸੈਣੀ, ਆਗਿਆਪਾਲ ਸਿੰਘ ਸਾਹਨੀ, ਵਰਿੰਦਰ ਸ਼ਰਮਾ ਬਿੰਦੂ ਤੋਂ ਇਲਾਵਾ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.