ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼
ਮਸਲਿਆਂ ਨੂੰ ਹੱਲ ਕਰਨ ਲਈ ਕੈਬਨਿਟ ਸਬ-ਕਮੇਟੀ ਵੱਲੋਂ 4 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ
ਚੰਡੀਗੜ੍ਹ, 21 ਅਕਤੂਬਰ 2024 – ਪੰਜਾਬ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ ਅਤੇ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਸ. ਹਰਭਜਨ ਸਿੰਘ ਈ.ਟੀ.ਓ., ਸ਼ਾਮਲ ਹਨ, ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਕੋਈ ਵੀ ਕਰਮਚਾਰੀ ਬਿਨਾਂ ਜ਼ਰੂਰੀ ਸੁਰੱਖਿਆ ਕਿੱਟ ਦੇ ਕੋਈ ਖ਼ਤਰੇ ਵਾਲਾ ਕੰਮ ਨਾ ਕਰੇ। ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਇਹ ਨਿਰਦੇਸ਼ ਦਿੱਤੇ।
ਇਸ ਮੀਟਿੰਗ ਵਿੱਚ ਪ੍ਰਸ਼ਾਸਕੀ ਸਕੱਤਰ (ਬਿਜਲੀ ਵਿਭਾਗ) ਸ੍ਰੀ ਰਾਹੁਲ ਤਿਵਾੜੀ, ਵਿੱਤ ਸਕੱਤਰ ਸ੍ਰੀ ਬਸੰਤ ਗਰਗ, ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ-ਕਮ-ਪ੍ਰਬੰਧਕੀ ਡਾਇਰੈਕਟਰ ਸ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਵੰਡ ਸ. ਡੀ.ਪੀ.ਐਸ ਗਰੇਵਾਲ ਹਾਜ਼ਰ ਸਨ। ਕਮੇਟੀ ਨੇ ਆਪਣੇ ਮੰਗ ਪੱਤਰ ਵਿੱਚ ਯੂਨੀਅਨ ਵੱਲੋਂ ਪੇਸ਼ ਕੀਤੀਆਂ ਮੰਗਾਂ ਸਬੰਧੀ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਅਤੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਆਪਣੀ ਵਚਨਬੱਧਤਾ ਦੁਹਰਾਈ। ਕੈਬਨਿਟ ਸਬ-ਕਮੇਟੀ ਨੇ ਪਾਵਰਕਾਮ ਐਂਡ ਟਰਾਂਸਕੋ ਕੰਟਰੈਕਟ ਇੰਪਲਾਈਜ਼ ਯੂਨੀਅਨ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ।
ਇਸ ਤੋਂ ਬਾਅਦ ਮਿਡ-ਡੇ-ਮੀਲ ਯੂਨੀਅਨ ਨਾਲ ਮੀਟਿੰਗ ਦੌਰਾਨ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ੍ਰੀ ਵਿਨੈ ਬੁਬਲਾਨੀ ਨੇ ਕੈਬਨਿਟ ਸਬ-ਕਮੇਟੀ ਨੂੰ ਜਾਣੂ ਕਰਵਾਇਆ ਕਿ ਮਿਡ-ਡੇ-ਮੀਲ ਵਰਕਰਾਂ ਲਈ ਬੀਮਾ ਯੋਜਨਾ ਪ੍ਰਕਿਰਿਆ ਅਧੀਨ ਹੈ। ਪ੍ਰਸਤਾਵਿਤ ਯੋਜਨਾ ਦੇ ਤਹਿਤ, ਮਿਡ-ਡੇ-ਮੀਲ ਵਰਕਰਾਂ ਦਾ ਦੁਰਘਟਨਾ ਵਿੱਚ ਮੌਤ ਹੋਣ ਦੇ ਮਾਮਲੇ ਵਿੱਚ 16 ਲੱਖ ਰੁਪਏ, ਕੁਦਰਤੀ ਮੌਤ ਦੇ ਮਾਮਲੇ ਵਿੱਚ 1 ਲੱਖ ਰੁਪਏ ਅਤੇ ਦੁਰਘਟਨਾ ਵਿੱਚ ਜੀਵਨ ਸਾਥੀ ਦੀ ਮੌਤ ਦੇ ਮਾਮਲੇ ਵਿੱਚ 2 ਲੱਖ ਰੁਪਏ ਦਾ ਬੀਮਾ ਮੁਹਈਆ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਕੈਬਨਿਟ ਸਬ-ਕਮੇਟੀ ਨੇ ਯੂਨੀਅਨ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਉਠਾਈਆਂ ਗਈਆਂ ਹੋਰਨਾਂ ਮੰਗਾਂ ਨੂੰ ਵੀ ਜਲਦੀ ਹੱਲ ਕੀਤਾ ਜਾਵੇਗਾ।
‘ਬੇਰੁਜ਼ਗਾਰ ਸਾਂਝਾ ਮੋਰਚਾ’ ਅਤੇ ‘ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ’ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਅਤੇ ਮੁੱਦਿਆਂ ‘ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ। ਕਮੇਟੀ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀ ਬਿਹਤਰੀ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿੱਤੀ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਬਾਵਜੂਦ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਅਤੇ ਆਪਣੇ ਕਰਮਚਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ।
ਇੰਨ੍ਹਾਂ ਮੀਟਿੰਗਾਂ ਵਿੱਚ ਕਰਮਚਾਰੀਆਂ ਯੂਨੀਅਨ ਆਗੂਆਂ ਵਿੱਚ ਹੋਰਨਾਂ ਤੋਂ ਇਲਾਵਾ ਪਾਵਰਕਾਮ ਐਡ ਟ੍ਰਾਂਸਕੋ ਠੇਕਾ ਮੁਲਾਜਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸ. ਬਲਿਹਾਰ ਸਿੰਘ ਕਟਾਰੀਆ, ਸੂਬਾ ਸਹਾਇਕ ਸਕੱਤਰ ਸ੍ਰੀ ਟੇਕ ਚੰਦ, ਸੂਬਾ ਦਫ਼ਤਰੀ ਸਕੱਤਰ ਸ੍ਰੀ ਸ਼ੇਰ ਸਿੰਘ, ਡੈਮੋਕਰੇਟਿਕ ਮਿਡ-ਡੇਅ ਮੀਲ ਕੁੱਕ ਫਰੰਟ ਪੰਜਾਬ ਦੀ ਪ੍ਰਧਾਨ ਸ੍ਰੀਮਤੀ ਹਰਜਿੰਦਰ ਕੌਰ ਲੋਪੋ, ਸ੍ਰੀਮਤੀ ਪਰਮਜੀਤ ਕੌਰ, ਮਿਡ-ਡੇਅ ਮੀਲ ਕੁੱਕ ਵਰਕਰਜ਼ ਯੂਨੀਅਨ ਤੋਂ ਸ੍ਰੀਮਤੀ ਬਲਵਿੰਦਰ ਕੌਰ, ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਤੋਂ ਗੁਰਬਿੰਦਰ ਸਿੰਘ ਖਹਿਰਾ, ਅਤਿੰਦਰਪਾਲ ਸਿੰਘ, ਇੰਦਰ ਸੁਖਦੀਪ ਸਿੰਘ, ਦਲਜੀਤ ਸਿੰਘ ਸਫੀਪੁਰ ਅਤੇ ਰਮਨ ਸਿੰਗਲਾ, ਬੇਰੁਜ਼ਗਾਰ ਸਾਂਝਾ ਮੋਰਚਾ ਤੋਂ ਹਰਜਿੰਦਰ ਸਿੰਘ ਝੁਨੀਰ, ਜਸਵੰਤ ਘੁਬਾਇਆ, ਸੁਖਪਾਲ ਖਾਨ ਅਤੇ ਦਵਿੰਦਰ ਕੁਮਾਰ ਹਾਜਿਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.