ਜਥੇਦਾਰ ਅਕਾਲ ਤਖਤ ਸਾਹਿਬ ਨੇ 28 ਜਨਵਰੀ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 28 ਜਨਵਰੀ ਨੂੰ ਬੁਲਾਈ ਗਈ ਹੈ। ਪ੍ਰਾਪਤ ਵੇਰਵੇ ਅਨੁਸਾਰ ਸਵੇਰੇ 11 ਵਜੇ ਹੋਣ ਵਾਲੀ ਇਸ ਇਕੱਤਰਤਾ ਵਿਚ ਅਹਿਮ ਅਤੇ ਭਖਦੇ ਪੰਥਕ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ। ਭਾਵੇਂ ਕਿ ਇਸ ਇਕੱਤਰਤਾ ਦੇ ਏਜੰਡੇ ਬਾਰੇ ਅਜੇ ਸਪੱਸ਼ਟ ਨਹੀਂ ਹੈ ਪਰ ਸਮਝਿਆ ਜਾਂਦਾ ਹੈ ਕਿ ਇਸ ਇਕੱਤਰਤਾ ਵਿਚ ਅਕਾਲੀ ਦਲ ਦੀ ਭਰਤੀ ਅਤੇ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕੀਤੀ ਗਈ 11 ਮੈਂਬਰੀ ਕਮੇਟੀ ਤੋਂ ਇਲਾਵਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਹੋਰ ਅਹਿਮ ਪੰਥਕ ਮੁੱਦਿਆਂ ਬਾਰੇ ਸਿੰਘ ਸਾਹਿਬਾਨ ਵੱਲੋਂ ਵਿਚਾਰ ਵਟਾਂਦਰਾ ਕੀਤਾ ਜਾ ਸਕਦਾ ਹੈ।ਇਸ ਮੀਟਿੰਗ ਦੌਰਾਨ ਵੇਖ਼ਣ ਵਾਲੀ ਗੱਲ ਇਹ ਹੋਵੇਗੀ ਕਿ ਕੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ‘ਸੇਵਾ ਤੋਂ ਲਾਂਭੇ’ ਚੱਲ ਰਹੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਇਸ ਮੀਟਿੰਗ ਵਿੱਚ ਸ਼ਾਮਲ ਹੁੰਦੇ ਹਨ ਜਾਂ ਨਹੀਂ।ਪਤਾ ਲੱਗਾ ਹੈ ਕਿ ਗਿਆਨੀ ਰਘਬੀਰ ਸਿੰਘ ਨੇ ਇਸ ਮੀਟਿੰਗ ਲਈ ਆਪਣਾ ਅਸਟਰੇਲੀਆ ਦੌਰਾ ਰੱਦ ਕਰਦਿਆਂ ਇਹ ਇਕੱਤਰਤਾ ਸੱਦੀ ਹੈ। 2 ਦਸੰਬਰ ਦੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਦੇ ਫ਼ੈਸਲਿਆਂ ਨੂੰ ਮੁਕੰਮਲ ਤੌਰ ’ਤੇ ਲਾਗੂ ਕੀਤੇ ਜਾਣ ਬਾਰੇ ਵਿਵਾਦ ਲਗਾਤਾਰ ਬਣਿਆ ਹੋਇਆ ਹੈ ਅਤੇ ਇਹ ਦੋਸ਼ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜ ਸਿੰਘ ਸਾਹਿਬਾਨ ਦੇ 2 ਦਸੰਬਰ ਦੇ ਉਸ ਫ਼ੈਸਲੇ ਨੂੰ ਨਜ਼ਰਅੰਦਾਜ਼ ਕੀਤਾ ਹੋਇਆ ਹੈ ਜਿਸ ਵਿੱਚ ਪਾਰਟੀ ਦੀ ਭਰਤੀ ਲਈ ਇੱਕ 7 ਮੈਂਬਰੀ ਕਮੇਟੀ ਦਾ ਗਠਨ ਖ਼ੁਦ ਅਕਾਲ ਤਖ਼ਤ ਵੱਲੋਂ ਕੀਤਾ ਗਿਆ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.