ਪੰਜਾਬ ਬਜਟ 2025-2026 ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਹੋਰ ਤੇਜ਼ੀ ਲਿਆਵੇਗਾ: ਲਾਲਜੀਤ ਸਿੰਘ ਭੁੱਲਰ
347 ਈ-ਬੱਸਾਂ ਦੀ ਖਰੀਦ ਨਾਲ ਸ਼ਹਿਰਾਂ ‘ਚ ਵਾਤਾਵਰਣ-ਅਨੁਕੂਲ ਜਨਤਕ ਆਵਾਜਾਈ ਪ੍ਰਣਾਲੀ ਹੋਵੇਗੀ ਸਥਾਪਿਤ

ਚੰਡੀਗੜ੍ਹ, 26 ਮਾਰਚ: ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਪੰਜਾਬ ਬਜਟ 2025-2026 ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਹੋਰ ਤੇਜ਼ੀ ਲਿਆਵੇਗਾ।
ਅੱਜ ਇੱਥੋਂ ਜਾਰੀ ਇੱਕ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਪੰਜਾਬ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬਾ ਪਿਛਲੇ ਤਿੰਨ ਸਾਲਾਂ ਤੋਂ ਵਿਕਾਸ ਦੇ ਰਾਹ ‘ਤੇ ਅੱਗੇ ਵਧ ਰਿਹਾ ਹੈ ਅਤੇ ਵਿੱਤੀ ਸਾਲ 2025-2026 ਲਈ ਕੁੱਲ ਬਜਟ ਖਰਚ 2,36,080 ਕਰੋੜ ਰੁਪਏ ਤਜਵੀਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਬਜਟ 2025-2026 ਵਿੱਚ ਪੇਂਡੂ ਪੰਜਾਬ ਦੀ ਨਵ-ਸੁਰਜੀਤੀ ਦਾ ਸੰਕਲਪ ਪੇਸ਼ ਕੀਤਾ ਗਿਆ ਹੈ, ਜਿਸ ਤਹਿਤ ਪਿੰਡਾਂ ਦਾ ਸਰਬਪੱਖੀ ਵਿਕਾਸ ਸੰਭਵ ਹੋਵੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੇਸ਼ ਕੀਤੇ ਗਏ ਬਜਟ ਵਿੱਚ 347 ਈ-ਬੱਸਾਂ ਖਰੀਦਣ ਦੀ ਤਜਵੀਜ਼ ਰੱਖੀ ਗਈ ਹੈ, ਇਸ ਕਦਮ ਨਾਲ ਜਿੱਥੇ ਵਾਤਾਵਰਣ-ਅਨੁਕੂਲ ਜਨਤਕ ਆਵਾਜਾਈ ਪ੍ਰਣਾਲੀ ਸਥਾਪਿਤ ਕੀਤੀ ਜਾਵੇਗੀ, ਉੱਥੇ ਹੀ ਨਿੱਜੀ ਵਾਹਨਾਂ ਦੀ ਨਿਰਭਰਤਾ ਵੀ ਘਟੇਗੀ।
ਸ. ਭੁੱਲਰ ਨੇ ਦੱਸਿਆ ਕਿ ਬਜਟ ਵਿੱਚ ਪੰਜਾਬ ਵਿੱਚ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਦੇ ਨਿਰਮਾਣ, ਨਵੀਨੀਕਰਨ ਅਤੇ ਅਪਗ੍ਰੇਡੇਸ਼ਨ ਲਈ 100 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਨੇ ਜੇਲ੍ਹ ਪ੍ਰਬੰਧਨ ਅਤੇ ਕੈਦੀਆਂ ਦੀ ਭਲਾਈ ਨੂੰ ਹੋਰ ਬਿਹਤਰ ਬਣਾਉਣ ਲਈ ਮੁੱਖ ਸੁਰੱਖਿਆ ਅਤੇ ਪੁਨਰਵਾਸ ਉਪਾਅ ਲਾਗੂ ਕੀਤੇ ਹਨ। ਇਸੇ ਤਰ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਦਾ ਪਤਾ ਲਗਾਉਦ ਅਤੇ ਰੋਕਣ ਲਈ ਕੇਂਦਰੀ ਜੇਲ੍ਹਾਂ ਵਿੱਚ ਏ.ਆਈ ਸੰਚਾਲਿਤ ਸੀ.ਸੀ.ਟੀ.ਵੀ. ਨਿਗਰਾਨੀ ਲਗਾਈ ਜਾ ਰਹੀ ਹੈ ਅਤੇ 12 ਸੰਵੇਦਨਸ਼ੀਲ ਜੇਲ੍ਹਾਂ ਵਿੱਚ ਵੀ-ਕਵਚ ਜੈਮਰਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ।
ਉਨ੍ਹਾਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸਕੀਮ 585 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ, ਜੋ ਹਰ ਜ਼ਿਲ੍ਹੇ ਦੇ ਲੋਕਾਂ ਦੀਆਂ ਮਹੱਤਵਪੂਰਨ ਸਥਾਨਕ ਰੋਜ਼ਾਨਾ ਜ਼ਰੂਰਤਾਂ ‘ਤੇ ਖਰਚ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਹ ਫੰਡ ਨਾਗਰਿਕਾਂ ਦੀਆਂ ਸਿਫਾਰਿਸ਼ਾਂ ਦੇ ਆਧਾਰ ‘ਤੇ ਖਰਚ ਕੀਤਾ ਜਾਵੇਗਾ ਅਤੇ ਸੜਕਾਂ ਅਤੇ ਪੁਲਾਂ ਦੀ ਉਸਾਰੀ ਅਤੇ ਮੁਰੰਮਤ, ਸਟਰੀਟ ਲਾਈਟਾਂ, ਕਲੀਨਿਕਾਂ, ਹਸਪਤਾਲਾਂ, ਸਕੂਲਾਂ, ਪਾਣੀ, ਸੈਨੀਟੇਸ਼ਨ ਆਦਿ ਸਰਬਪੱਖੀ ਵਿਕਾਸ ਹੋਵੇਗਾ।
ਸ. ਭੁੱਲਰ ਨੇ ਅੱਗੇ ਕਿਹਾ ਕਿ ਪੰਜਾਬ ਬਜਟ 2025-2026 ਦੀਆਂ ਤਜਵੀਜ਼ਾਂ ਪੰਜਾਬ ਨੂੰ ਤਰੱਕੀ ਦੇ ਰਾਹ `ਤੇ ਲਿਜਾਣਗੀਆਂ ਅਤੇ ਸੂਬੇ ਦੇ ਆਰਥਿਕ ਵਿਕਾਸ ਨੂੰ ਅੱਗੇ ਵਧਾਉਣਗੀਆਂ।ਉਨ੍ਹਾਂ ਕਿਹਾ ਕਿ ਇਹ ਬਜਟ ਪੰਜਾਬ ‘ਚ ਸਕਾਰਾਤਮਕ ਸੁਧਾਰ ਲਿਆਏਗਾ ਅਤੇ ਖੁਸ਼ਹਾਲ ਅਤੇ ਸਵੈ ਨਿਰਭਰ ਪੰਜਾਬ ਦੀ ਨੀਂਹ ਨੂੰ ਹੋਰ ਮਜ਼ਬੂਤ ਕਰੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.