
ਜਲੰਧਰ ਦੇ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਓਬਰਾਏ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਤਿੱਖੀ ਮੁੱਠਭੇੜ ਤੋਂ ਬਾਅਦ ਮੁੱਖ ਮੁਲਜ਼ਮ ਨੂੰ ਕਾਬੂ ਕਰ ਲਿਆ। ਫ਼ਰਾਰ ਚੱਲ ਰਹੇ ਸ਼ਮਿੰਦਰ ਸਿੰਘ ਨੂੰ ਅੰਮ੍ਰਿਤਸਰ ਦੇ ਖਾਸਾ ਇਲਾਕੇ ਵਿੱਚ ਪੁਲਿਸ ਨੇ ਘੇਰ ਲਿਆ, ਜਿੱਥੇ ਹੋਈ ਗੋਲੀਬਾਰੀ ਵਿੱਚ ਮੁਲਜ਼ਮ ਜ਼ਖ਼ਮੀ ਹੋ ਗਿਆ। ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ ਵਾਰਦਾਤ ਵਿੱਚ ਵਰਤਿਆ ਗਿਆ ਇੱਕ .30 ਬੋਰ ਦਾ ਬੇਰੇਟਾ ਪਿਸਤੌਲ ਵੀ ਬਰਾਮਦ ਕੀਤਾ ਹੈ।
ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਘਟਨਾ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਖੁਫੀਆ ਸੂਚਨਾ ਮਿਲੀ ਸੀ ਕਿ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸ਼ਮਿੰਦਰ ਸਿੰਘ ਅੰਮ੍ਰਿਤਸਰ ਦੇ ਖਾਸਾ ਖੇਤਰ ਵਿੱਚ ਲੁਕ ਕੇ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸ਼ਿਸ਼ ਕਰ ਰਿਹਾ ਹੈ। ਸੂਚਨਾ ਦੇ ਆਧਾਰ ‘ਤੇ ਜਦੋਂ ਪੁਲਿਸ ਟੀਮ ਨੇ ਇਲਾਕੇ ਵਿੱਚ ਘੇਰਾਬੰਦੀ ਕੀਤੀ ਤਾਂ ਮੁਲਜ਼ਮ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਮੁਲਜ਼ਮ ਦੇ ਪੈਰ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਡੀਆਈਜੀ ਨੇ ਦੱਸਿਆ ਕਿ ਮੁਲਜ਼ਮ ਮੂਲ ਰੂਪ ਵਿੱਚ ਜਲੰਧਰ ਦੇ ਮਿੱਠਾਪੁਰ ਦਾ ਰਹਿਣ ਵਾਲਾ ਹੈ ਅਤੇ ਪਹਿਲਾਂ ਵੀ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਰਿਹਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




