ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰੈਸ ਕਾਨਫ਼ਰੰਸ ਸ਼ੁਰੂ, ਸਿਹਤ ਵਿਭਾਗ ਦਾ ਰਿਪੋਰਟ ਕਾਰਡ ਕੀਤਾ ਜਾਰੀ

ਚੰਡੀਗੜ੍ਹ, 20 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਪਣੀ ਰਿਹਾਇਸ਼ ’ਤੇ ਪ੍ਰੈਸ ਕਾਨਫ਼ਰੰਸ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਉਨ੍ਹਾਂ ਨਾਲ ਮੌਜੂਦ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਸਿਹਤ ਸੇਵਾਵਾਂ ਦਾ ਰਿਪੋਰਟ ਕਾਰਡ ਜਾਰੀ ਕਰਦੇ ਹੋਏ ਕਿਹਾ ਕਿ ਹੁਣ ਤੱਕ ਸੂਬੇ ’ਚ 883 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਤੇ 94 ਫ਼ੀਸਦੀ ਲੋਕਾਂ ਨੇ ਇਸ ’ਤੇ ਸੰਤੁਸ਼ਟੀ ਪ੍ਰਗਟਾਈ ਹੈ। ਉਨ੍ਹਾਂ ਅੱਗੇ ਕਿਹਾ ਕਿ 28 ਮਾਰਚ ਨੂੰ 100 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਾਂਗੇ। ਉਨ੍ਹਾਂ ਕਿਹਾ ਕਿ ਬਾਕੀ ਦੇ ਸਾਰੇ ਕੰਮ ਬਾਅਦ ਵਿਚ ਪਹਿਲਾਂ ਸਿਹਤ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਸੂਬਾ ਸਰਕਾਰ ਵਲੋਂ 10 ਲੱਖ ਰੁਪਏ ਤੱਕ ਦੇ ਇਲਾਜ ਲਈ ਮੁਫ਼ਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ ਤੇ ਇਸ ਲਈ 2000 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਤੇ ਹੁਣ ਤੱਕ 25 ਲੱਖ ਪਰਿਵਾਰ ਇਸ ਲਈ ਰਜਿਟਰ ਕਰਵਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਡਾਕਟਰਾਂ ਦੀ ਭਰਤੀ ਪਿਛਲੇ 4 ਸਾਲਾਂ ਵਿਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਦੇਸ਼ ਵਿਚ ਸਿਹਤ ਸਹੂਲਤਾਂ ਲਈ ਏ.ਆਈ. ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਆਯੁਸ਼ਮਾਨ ਯੋਜਨਾ ਲਈ 9300 ਕਰੋੜ ਰੁਪਏ ਦਾ ਬਜਟ ਰੱਖਿਆ ਤੇ ਅਸੀਂ 3 ਕਰੋੜ ਲੋਕਾਂ ਲਈ 2000 ਕਰੋੜ ਰੁਪਏ ਦਾ ਬਜਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ, ਪਟਿਆਲਾ ਤੇ ਮੋਹਾਲੀ ਵਿਚ ਪੈਟ ਸਕੈਨ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ ਤੇ ਕਪੂਰਥਲਾ ਤੇ ਹੁਸ਼ਿਆਰਪੁਰ ਵਿਚ 2 ਨਵੇਂ ਮੈਡੀਕਲ ਕਾਲਜਾਂ ਲਈ ਟੈਂਡਰ ਖੋਲ੍ਹੇ ਗਏ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




