
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਦੇ ਮੁੱਦੇ ‘ਤੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਬਠਿੰਡਾ ਦੇ ਸਦਰ ਪੁਲਿਸ ਸਟੇਸ਼ਨ ਦੇ ਸਮੁੱਚੇ ਸਟਾਫ਼ ਦਾ ਤਬਾਦਲਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਵੱਡੀ ਕਾਰਵਾਈ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਸਬੰਧੀ ਮਿਲੀ ਇੱਕ ਗੰਭੀਰ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਮੁੱਖ ਮੰਤਰੀ ਐਤਵਾਰ ਨੂੰ ਬਠਿੰਡਾ ਦੇ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ, ਪੰਚਾਂ-ਸਰਪੰਚਾਂ ਅਤੇ ਵਰਕਰਾਂ ਨਾਲ ਇੱਕ ਅਹਿਮ ਮੀਟਿੰਗ ਕਰ ਰਹੇ ਸਨ, ਜਿੱਥੇ ਜਨਤਾ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ।
ਮੀਟਿੰਗ ਦੌਰਾਨ ਪਿੰਡ ਗੁਲਾਬਗੜ੍ਹ ਦੇ ਸਰਪੰਚ ਲੱਖਾ ਸਿੰਘ ਨੇ ਮੁੱਖ ਮੰਤਰੀ ਦੇ ਸਾਹਮਣੇ ਪੁਲਿਸ ਦੀ ਕਾਰਜਪ੍ਰਣਾਲੀ ‘ਤੇ ਸਵਾਲ ਚੁੱਕਦਿਆਂ ਦੱਸਿਆ ਕਿ ਉਨ੍ਹਾਂ ਦੇ ਪਿੰਡ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਨਸ਼ੇ ਕਾਰਨ ਕਈ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ। ਸਰਪੰਚ ਨੇ ਦੋਸ਼ ਲਾਇਆ ਕਿ ਇਸ ਸਬੰਧੀ ਸਦਰ ਪੁਲਿਸ ਸਟੇਸ਼ਨ ਨੂੰ ਵਾਰ-ਵਾਰ ਜਾਣਕਾਰੀ ਦਿੱਤੀ ਗਈ ਸੀ, ਪਰ ਪੁਲਿਸ ਅਧਿਕਾਰੀਆਂ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਸਰਪੰਚ ਦੀ ਗੱਲ ਸੁਣਨ ਤੋਂ ਬਾਅਦ ਮੁੱਖ ਮੰਤਰੀ ਨੇ ਮੌਕੇ ‘ਤੇ ਹੀ ਪੂਰੇ ਥਾਣੇ ਦੇ ਸਟਾਫ਼ ਨੂੰ ਹਟਾਉਣ ਦਾ ਫੈਸਲਾ ਸੁਣਾਇਆ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਨਸ਼ਿਆਂ ਦੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਪੁਲਿਸ ਮੁਲਾਜ਼ਮ ਡਿਊਟੀ ਵਿੱਚ ਕੁਤਾਹੀ ਵਰਤਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਐਕਸ਼ਨ ਲਿਆ ਜਾਵੇਗਾ। ਇਸ ਕਾਰਵਾਈ ਨਾਲ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ ਹੈ। ਸਰਕਾਰ ਦਾ ਉਦੇਸ਼ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ ਅਤੇ ਇਸ ਲਈ ਸਥਾਨਕ ਪੱਧਰ ‘ਤੇ ਜਵਾਬਦੇਹੀ ਤੈਅ ਕੀਤੀ ਜਾ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




