
ਫ਼ਰੀਦਕੋਟ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਤੋਂ ਪਹਿਲਾਂ ਤਿੰਨ ਸਕੂਲ-ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਜ਼ਿਲ੍ਹਾ ਪੁਲਿਸ ਵਲੋਂ ਸਬੰਧਿਤ ਸਿੱਖਿਆ ਸੰਸਥਾਵਾਂ ਨੂੰ ਖ਼ਾਲੀ ਕਰਵਾ ਕੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਹਾਲਾਂਕਿ ਅਜੇ ਤੱਕ ਕਿਸੇ ਵੀ ਸਕੂਲ ਜਾਂ ਕਾਲਜ ਵਿਚੋਂ ਕੋਈ ਸ਼ੱਕੀ ਜਾਂ ਪਾਬੰਦੀਸ਼ੁਦਾ ਵਸਤੂ ਬਰਾਮਦ ਨਹੀਂ ਹੋਈ।
ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ‘ਸ਼ੁਕਰਾਨਾ ਯਾਤਰਾ’ ਤਹਿਤ ਅੱਜ ਫ਼ਰੀਦਕੋਟ ਅਤੇ ਕੋਟਕਪੂਰਾ ਵਿਖੇ ਪਹੁੰਚ ਰਹੇ ਹਨ। ਇਸ ਦੌਰਾਨ ਈ-ਮੇਲ ਰਾਹੀਂ ਸਾਦਿਕ ਦੇ ਸਰਕਾਰੀ ਕੰਨਿਆ ਸਕੂਲ, ਫ਼ਰੀਦਕੋਟ ਦੇ ਦਸਮੇਸ਼ ਪਬਲਿਕ ਸਕੂਲ ਅਤੇ ਦਸਮੇਸ਼ ਡੈਂਟਲ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਧਮਕੀ ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿਚ ਆ ਗਈਆਂ।
ਸਾਦਿਕ ਦੇ ਸਰਕਾਰੀ ਸਕੂਲ ਨੂੰ ਖਾਲੀ ਕਰਵਾ ਕੇ ਸਰਚ ਆਪ੍ਰੇਸ਼ਨ ਚਲਾਇਆ ਗਿਆ, ਜਦਕਿ ਫ਼ਰੀਦਕੋਟ ਦੇ ਦੋਵੇਂ ਸਿੱਖਿਆ ਸੰਸਥਾਨਾਂ ਵਿਚ ਵੀ ਪੁਲਿਸ ਵਲੋਂ ਗਹਿਰਾਈ ਨਾਲ ਚੈਂਕਿੰਗ ਕੀਤੀ ਜਾ ਰਹੀ ਹੈ। ਡੀ.ਐਸ.ਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਵਲੋਂ ਤੁਰੰਤ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜੇ ਤੱਕ ਕੋਈ ਵੀ ਸ਼ੱਕੀ ਜਾਂ ਪਾਬੰਦੀਸ਼ੁਦਾ ਵਸਤੂ ਬਰਾਮਦ ਨਹੀਂ ਹੋਈ। ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਸਕੂਲਾਂ ਵਿਚ ਛੁੱਟੀ ਕਰ ਦਿੱਤੀ ਗਈ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਹੋਣੀ ਤੋਂ ਬਚਿਆ ਜਾ ਸਕੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




