
ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਝੋਨੇ ਦੀ ਟਿਕਾਊ ਕਾਸਤ ਨੂੰ ਉਤਸ਼ਾਹਤ ਕਰਨ ਦੀ ਦਿਸ਼ਾ ਵਿਚ ਅਹਿਮ ਕਦਮ ਚੁਕਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਐਲਾਨ ਕੀਤਾ ਕਿ ਸੂਬੇ ਨੇ ਸਾਲ 2026-27 ਦੇ ਸਾਉਣੀ ਸੀਜਨ ਦੌਰਾਨ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ ਅਧੀਨ ਲਿਆਉਣ ਦਾ ਟੀਚਾ ਮਿਥਿਆ ਹੈ ਤੇ ਇਸ ਮਕਸਦ ਲਈ 40 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਵੀ ਕੀਤਾ ਗਿਆ ਹੈ।
ਪਾਣੀ ਬਚਾਉਣ ਵਾਲੀ ਡੀ.ਐਸ.ਆਰ. ਸਕੀਮ ਬਾਰੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਸਿਆ ਕਿ ਸਾਲ 2025 ਦੇ ਸਾਉਣੀ ਸੀਜ਼ਨ ਦੌਰਾਨ 23,410 ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਈ, ਜਿਸ ਤਹਿਤ 2,35,899 ਏਕੜ ਰਕਬਾ ਕਵਰ ਕੀਤਾ ਗਿਆ। ਪੰਜਾਬ ਸਰਕਾਰ ਨੇ ਸਾਰੇ ਯੋਗ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਦੀ ਦਰ ਨਾਲ ਉਨ੍ਹਾਂ ਦੇ ਬੈਂਕ ਖ਼ਾਤਿਆਂ ਵਿਚ ਸਿੱਧੇ ਤੌਰ ’ਤੇ 35.38 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਦਿਤੀ ਗਈ।
ਖੁੱਡੀਆਂ ਨੇ ਕਿਹਾ,“ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਇਹ ਕਿਸਾਨਾਂ ਦੀ ਅਗਵਾਈ ਵਾਲੀ ਕ੍ਰਾਂਤੀਕਾਰੀ ਮੁਹਿੰਮ ਹੈ। ਸਾਲ 2025-26 ਵਿਚ ਇਸ ਸਕੀਮ ਨੂੰ ਕਿਸਾਨ ਵੀਰਾਂ ਤੋਂ ਭਰਵਾਂ ਹੁੰਗਾਰਾ ਮਿਲਿਆ। ਹੁਣ ਸਾਲ 2026-27 ਲਈ 40 ਕਰੋੜ ਰੁਪਏ ਦੀ ਲਾਗਤ ਨਾਲ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ ਹੈ। ਅਸੀਂ ਕੀਮਤੀ ਭੂਮੀਗਤ ਪਾਣੀ ਨੂੰ ਬਚਾਉਣ ਲਈ ਵਚਨਬੱਧ ਹਾਂ।’’
ਸੂਬੇ ਦੇ ਕਿਸਾਨਾਂ ਨੂੰ ਪਾਣੀ ਬਚਾਉਣ ਵਾਲੀ ਡੀਐਸਆਰ ਤਕਨੀਕ ਅਪਣਾਉਣ ਤੇ ਉਤਸ਼ਾਹਤ ਰਾਸ਼ੀ ਦਾ ਲਾਭ ਲੈਣ ਲਈ ਜਲਦੀ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਦਸਿਆ ਕਿ ਇਸ ਤਕਨੀਕ ਨੂੰ ਅਪਣਾਉਣ ਦੇ ਚਾਹਵਾਨ ਕਿਸਾਨਾਂ ਲਈ ਆਨਲਾਈਨ ਡੀਐਸਆਰ ਰਜਿਸਟ੍ਰੇਸ਼ਨ ਪੋਰਟਲ ਕਾਰਜਸ਼ੀਲ ਹੈ ਤੇ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ।
ਮੰਤਰੀ ਖੁੱਡੀਆਂ ਨੇ ਕਿਹਾ ਕਿ ਡੀਐਸਆਰ ਤਕਨੀਕ ਕੱਦੂ ਕਰ ਕੇ ਅਤੇ ਪਨੀਰੀ ਟ੍ਰਾਂਸਪਲਾਂਟੇਸ਼ਨ ਦੀ ਲੋੜ ਨੂੰ ਖ਼ਤਮ ਕਰਦੀ ਹੈ ਤੇ ਸਿੰਜਾਈ ਲਈ ਪਾਣੀ ਦੀ ਵਰਤੋਂ ਵਿਚ 15-20 ਫ਼ੀਸਦ ਦੀ ਕਮੀ ਲਿਆਉਣ ਦੇ ਨਾਲ-ਨਾਲ ਮਜ਼ਦੂਰੀ ਦੀਆਂ ਲਾਗਤਾਂ ਵਿਚ ਮਹੱਤਵਪੂਰਨ ਕਮੀ ਲਿਆਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਵਿਆਪਕ ਰਣਨੀਤੀ ਦਾ ਇਕ ਅਹਿਮ ਕਦਮ ਹੈ ਜਿਸ ਦਾ ਉਦੇਸ਼ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣਾ ਅਤੇ ਆਰਥਕ ਹੁਲਾਰੇ ਰਾਹੀਂ ਵਾਤਾਵਰਣ-ਪੱਖੀ ਖੇਤੀ ਨੂੰ ਉਤਸ਼ਾਹਤ ਕਰਨਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




