
ਮੁਜ਼ੱਫਰਪੁਰ ਦੇ ਬ੍ਰਹਮਪੁਰਾ ਇਲਾਕੇ ਵਿੱਚ ਸਥਿਤ ਪ੍ਰਸਾਦ ਹਸਪਤਾਲ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਹਸਪਤਾਲ ਦੀ ਪੰਜਵੀਂ ਮੰਜ਼ਿਲ ‘ਤੇ ਬਣੇ ਆਈ.ਸੀ.ਯੂ. (ICU) ਵਾਰਡ ਵਿੱਚ ਲੱਗੀ, ਜਿਸ ਮਗਰੋਂ ਪੂਰੀ ਇਮਾਰਤ ਵਿੱਚ ਧੂੰਆਂ ਫੈਲ ਗਿਆ ਅਤੇ ਤਰਥੱਲੀ ਮੱਚ ਗਈ।
ਮਿਲੀ ਜਾਣਕਾਰੀ ਅਨੁਸਾਰ ਹੁਣ ਤੱਕ ਪੰਜ ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ 30 ਤੋਂ ਜ਼ਿਆਦਾ ਮਰੀਜ਼ ਜ਼ਖਮੀ ਦੱਸੇ ਜਾ ਰਹੇ ਹਨ।ਅੱਗ ਲੱਗਦਿਆਂ ਹੀ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਵਿੱਚ ਚੀਕ-ਚਿਹਾੜਾ ਮਚ ਗਿਆ।
ICU ਵਿੱਚ ਮੌਜੂਦ ਮਰੀਜ਼ਾਂ ਨੂੰ ਬਾਹਰ ਕੱਢਣ ਲਈ ਰਾਹਤ ਤੇ ਬਚਾਅ ਕੀਤੇ ਗਏ । ਦੇਖਦੇ ਹੀ ਦੇਖਦੇ ਜ਼ਹਿਰੀਲਾ ਧੂੰਆਂ ਪੂਰੇ ਹਸਪਤਾਲ ਵਿੱਚ ਫੈਲ ਗਿਆ, ਜਿਸ ਕਾਰਨ ਕਈ ਮਰੀਜ਼ਾਂ ਦੀ ਹਾਲਤ ਹੋਰ ਵੀ ਗੰਭੀਰ ਹੋ ਗਈ।ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਲਗਪਗ ਇੱਕ ਦਰਜਨ ਗੱਡੀਆਂ ਮੌਕੇ ‘ਤੇ ਪਹੁੰਚੀਆਂ। ਫਾਇਰ ਫਾਈਟਰਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਤੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਵਿੱਚ ਫਸੇ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ।ਕਈ ਮਰੀਜ਼ਾਂ ਨੂੰ ਖਿੜਕੀਆਂ ਅਤੇ ਦਰਵਾਜ਼ੇ ਤੋੜ ਕੇ ਬਾਹਰ ਕੱਢਿਆ ਗਿਆ। ਇਸ ਤੋਂ ਮਗਰੋਂ ਉਨ੍ਹਾਂ ਨੂੰ ਨੇੜਲੇ ਸੁਰੱਖਿਅਤ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ।ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਮੁਤਾਬਕ ਸਵੇਰੇ ਕਰੀਬ ਤਿੰਨ ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਜਦੋਂ ਫਾਇਰ ਬ੍ਰਿਗੇਡ ਦੀ ਟੀਮ ਹਸਪਤਾਲ ਪਹੁੰਚੀ ਤਾਂ ICU ਵਾਰਡ ਪੂਰੀ ਤਰ੍ਹਾਂ ਧੂੰਏਂ ਨਾਲ ਭਰਿਆ ਹੋਇਆ ਸੀ।ਬਚਾਅ ਅਭਿਆਨ ਦੌਰਾਨ ਕਈ ਮਰੀਜ਼ਾਂ ਨੂੰ ਗੰਭੀਰ ਹਾਲਤ ਵਿੱਚ ਬਾਹਰ ਕੱਢਿਆ ਗਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਰਾਹਤ ਕਾਰਜਾਂ ਦੌਰਾਨ 20 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ, ਹਾਲਾਂਕਿ ਕਈ ਮਰੀਜ਼ਾਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈਸ਼ੁਰੂਆਤੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਵਿਸਥਾਰਤ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਹਸਪਤਾਲ ਕੰਪਲੈਕਸ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸਬੂਤ ਇਕੱਠੇ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।ਇਸ ਦਰਦਨਾਕ ਹਾਦਸੇ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਦੀ ਕਾਰਜਸ਼ੈਲੀ ‘ਤੇ ਵੀ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਮ੍ਰਿਤਕਾਂ ਅਤੇ ਜ਼ਖਮੀਆਂ ਦੇ ਪਰਿਵਾਰ ਵਾਲਿਆਂ ਨੇ ਹਸਪਤਾਲ ਪ੍ਰਬੰਧਕਾਂ ‘ਤੇ ਲਾਪਰਵਾਹੀ ਦੇ ਦੋਸ਼ ਲਾਏ ਹਨ।ਕਈ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਅੱਗ ਲੱਗਣ ਮਗਰੋਂ ਹਸਪਤਾਲ ਦੇ ਡਾਕਟਰ ਅਤੇ ਕਰਮਚਾਰੀ ਮਰੀਜ਼ਾਂ ਨੂੰ ਉਨ੍ਹਾਂ ਦੇ ਹਾਲ ‘ਤੇ ਛੱਡ ਕੇ ਉੱਥੋਂ ਚਲੇ ਗਏ। ਇਸ ਕਾਰਨ ਕਈ ਮਰੀਜ਼ ਸਮੇਂ ਸਿਰ ਮਦਦ ਨਾ ਮਿਲਣ ਕਾਰਨ ਗੰਭੀਰ ਹਾਲਤ ਵਿੱਚ ਪਹੁੰਚ ਗਏ।ਇੱਕ ਪੀੜਤ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ICU ਵਿੱਚ ਦਾਖਲ ਸਨ ਅਤੇ ਅੱਗ ਲੱਗਣ ਤੋਂ ਬਾਅਦ ਉਨ੍ਹਾਂ ਨੂੰ ਬਾਹਰ ਕੱਢਣ ਵਿੱਚ ਕਾਫੀ ਦੇਰ ਹੋਈ। ਉਨ੍ਹਾਂ ਦੋਸ਼ ਲਾਇਆ ਕਿ ਹਸਪਤਾਲ ਪ੍ਰਸ਼ਾਸਨ ਵੱਲੋਂ ਕੋਈ ਮਦਦ ਨਹੀਂ ਕੀਤੀ ਗਈ। ਪਰਿਵਾਰ ਵਾਲਿਆਂ ਦਾ ਇਹ ਵੀ ਕਹਿਣਾ ਹੈ ਕਿ ਹਾਦਸੇ ਤੋਂ ਬਾਅਦ ਮ੍ਰਿਤਕਾਂ ਦੀਆਂ ਦੇਹਾਂ ਬਾਰੇ ਜਾਣਕਾਰੀ ਦੇਣ ਵਿੱਚ ਵੀ ਹਸਪਤਾਲ ਪ੍ਰਬੰਧਕਾਂ ਨੇ ਸਹਿਯੋਗ ਨਹੀਂ ਕੀਤਾ।ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਵੀ ਸੰਕੇਤ ਦਿੱਤਾ ਹੈ ਕਿ ਜਦੋਂ ਉਨ੍ਹਾਂ ਦੀ ਟੀਮ ਮੌਕੇ ‘ਤੇ ਪਹੁੰਚੀ ਤਾਂ ਹਸਪਤਾਲ ਦਾ ਜ਼ਿਆਦਾਤਰ ਸਟਾਫ ਉੱਥੇ ਮੌਜੂਦ ਨਹੀਂ ਸੀ। ਇਸ ਤੱਥ ਨੇ ਹਸਪਤਾਲ ਪ੍ਰਬੰਧਨ ਦੀ ਜ਼ਿੰਮੇਵਾਰੀ ਅਤੇ ਸੁਰੱਖਿਆ ਪ੍ਰਬੰਧਾਂ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।ਫਿਲਹਾਲ ਪ੍ਰਸ਼ਾਸਨ ਪੂਰੇ ਮਾਮਲੇ ਦੀ ਜਾਂਚ ਵਿੱਚ ਜੁਟਿਆ ਹੋਇਆ ਹੈ। ਮ੍ਰਿਤਕਾਂ ਦੀ ਗਿਣਤੀ ਅਤੇ ਹਾਦਸੇ ਦੇ ਅਸਲ ਕਾਰਨਾਂ ਬਾਰੇ ਅਧਿਕਾਰਤ ਪੁਸ਼ਟੀ ਦੀ ਉਡੀਕ ਕੀਤੀ ਜਾ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




