
ਕਪੂਰਥਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਨਵੇਂ ਬਣੇ ਖਜ਼ਾਨਾ ਗਿਣਤੀ ਹਾਲ ਦਾ ਰਸਮੀ ਉਦਘਾਟਨ ਵੀ ਕੀਤਾ।
ਇਸ ਮੌਕੇ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਫਿਲਮ “ਸਤਲੁਜ” ਵਿੱਚ ਦਰਸਾਏ ਗਏ 25 ਹਜ਼ਾਰ ਲਾਸ਼ਾਂ ਦੇ ਅੰਕੜੇ ਨੂੰ ਚੁਣੌਤੀ ਦੇਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਚੈਲੇਂਜ ਤਾਂ ਕੋਈ ਵੀ ਕਰ ਸਕਦਾ ਹੈ। ਪਰ ਜਿਸ ਨੇ ਇਹ ਰਿਕਾਰਡ ਤਿਆਰ ਕੀਤਾ ਹੈ, ਉਹ ਸਮੇਂ ਸਿਰ ਉਸ ਨਾਲ ਸੰਬੰਧਿਤ ਦਸਤਾਵੇਜ਼, ਸਬੂਤ ਅਤੇ ਰਿਕਾਰਡ ਵੀ ਜ਼ਰੂਰ ਪੇਸ਼ ਕਰੇਗਾ।” ਉਨ੍ਹਾਂ ਕਿਹਾ ਕਿ ‘ਇਤਿਹਾਸ ਨਾਲ ਜੁੜੇ ਕਿਸੇ ਵੀ ਮਾਮਲੇ ‘ਤੇ ਤੱਥਾਂ ਅਤੇ ਪ੍ਰਮਾਣਾਂ ਦੇ ਆਧਾਰ ‘ਤੇ ਹੀ ਗੱਲ ਹੋਣੀ ਚਾਹੀਦੀ ਹੈ’।
ਬੀਬੀ ਪਰਮਜੀਤ ਕੌਰ ਖਾਲੜਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬੇਕਸੂਰ ਮਾਰੇ ਗਏ ਲੋਕਾਂ ਦੀ ਪੂਰੀ ਜਾਣਕਾਰੀ ਜਨਤਕ ਕਰਨ ਦੀ ਕੀਤੀ ਅਪੀਲ ਸਬੰਧੀ ਐਡਵੋਕੇਟ ਧਾਮੀ ਨੇ ਕਿਹਾ ਕਿ ‘ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਹੁਕਮ ਜਾਂ ਦਿਸ਼ਾ-ਨਿਰਦੇਸ਼ ਮਿਲਣਗੇ, ਐਸਜੀਪੀਸੀ ਉਨ੍ਹਾਂ ਦੀ ਪੂਰੀ ਤਨਦੇਹੀ ਅਤੇ ਸਤਿਕਾਰ ਨਾਲ ਪਾਲਣਾ ਕਰੇਗੀ।’ ਉਨ੍ਹਾਂ ਕਿਹਾ ਕਿ ‘ਸ਼੍ਰੋਮਣੀ ਕਮੇਟੀ ਪਹਿਲਾਂ ਵੀ ਸਾਕਾ ਨੀਲਾ ਤਾਰਾ (ਆਪਰੇਸ਼ਨ ਬਲੂ ਸਟਾਰ) ਦੌਰਾਨ ਸ਼ਹੀਦ ਹੋਏ ਵੱਡੀ ਗਿਣਤੀ ਸਿੰਘਾਂ ਦੀਆਂ ਤਸਵੀਰਾਂ ਸਥਾਪਿਤ ਕਰ ਚੁੱਕੀ ਹੈ ਅਤੇ ਪੰਥਕ ਇਤਿਹਾਸ ਨੂੰ ਸੰਭਾਲਣ ਲਈ ਲਗਾਤਾਰ ਯਤਨ ਕਰ ਰਹੀ ਹੈ।’
ਆਪਣੇ ਦੌਰੇ ਦੌਰਾਨ ਐਡਵੋਕੇਟ ਧਾਮੀ ਨੇ ਕਿਹਾ ਕਿ ‘ਸਮੇਂ ਦੀ ਲੋੜ ਹੈ ਕਿ ਧਰਮ ਪ੍ਰਚਾਰ ਦੀ ਇੱਕ ਨਵੀਂ ਲਹਿਰ ਸ਼ੁਰੂ ਕੀਤੀ ਜਾਵੇ। ਇਸ ਮੰਤਵ ਨਾਲ ਪੰਜਾਬ ਦੇ ਹਰ ਹਲਕੇ ਵਿੱਚ ਧਾਰਮਿਕ ਸਮਾਗਮ, ਕਥਾ-ਕੀਰਤਨ ਅਤੇ ਗੁਰਮਤਿ ਸਮਾਗਮ ਕਰਵਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਸੰਗਤਾਂ ਨੂੰ ਗੁਰੂ ਸਾਹਿਬਾਨ ਦੀ ਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਿਆ ਜਾ ਸਕੇ।’
ਸਿੱਖ ਇਤਿਹਾਸ ਨਾਲ ਜੋੜਨਾ ਅੱਜ ਦੀ ਸਭ ਤੋਂ ਵੱਡੀ ਲੋੜ
ਉਨ੍ਹਾਂ ਕਿਹਾ ਕਿ ‘ਧਰਮ ਪ੍ਰਚਾਰ ਸਿਰਫ਼ ਧਾਰਮਿਕ ਸਮਾਗਮਾਂ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਸਮਾਜ ਵਿੱਚ ਨੈਤਿਕ ਕਦਰਾਂ-ਕੀਮਤਾਂ, ਆਪਸੀ ਭਾਈਚਾਰੇ ਅਤੇ ਸੇਵਾ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਨ ਦਾ ਸਾਧਨ ਬਣਨਾ ਚਾਹੀਦਾ ਹੈ। ਨੌਜਵਾਨਾਂ ਨੂੰ ਗੁਰਬਾਣੀ, ਗੁਰਮਤਿ ਸਿਧਾਂਤਾਂ ਅਤੇ ਸਿੱਖ ਇਤਿਹਾਸ ਨਾਲ ਜੋੜਨਾ ਅੱਜ ਦੀ ਸਭ ਤੋਂ ਵੱਡੀ ਲੋੜ ਹੈ। ਜੇਕਰ ਨਵੀਂ ਪੀੜ੍ਹੀ ਆਪਣੇ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ‘ਤੇ ਚੱਲੇਗੀ ਤਾਂ ਸਮਾਜ ਵਿੱਚ ਫੈਲ ਰਹੀਆਂ ਕਈ ਸਮਾਜਿਕ ਬੁਰਾਈਆਂ ਨੂੰ ਵੀ ਪ੍ਰਭਾਵਸ਼ਾਲੀ ਢੰਗ ਨਾਲ ਦੂਰ ਕੀਤਾ ਜਾ ਸਕੇਗਾ। ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਪ੍ਰਬੰਧਕਾਂ ਅਤੇ ਐਸਜੀਪੀਸੀ ਅਧਿਕਾਰੀਆਂ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਨਮਾਨ ਵੀ ਕੀਤਾ ਗਿਆ।’
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




