
ਬੱਚੀਆਂ ਵੱਲੋਂ ਗਲਤ ਵਿਵਹਾਰ ਤੇ ਡਰਾਉਣ-ਧਮਕਾਉਣ ਦੀ ਲਾਈ ਗਈ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਜ਼ਿਲ੍ਹਾ ਮੋਗਾ ਦੇ ਪਿੰਡ ਮੋਠਾਂਵਾਲੀ ਦੇ ਸਰਕਾਰੀ ਮਿਡਲ ਸਕੂਲ ਵਿਖੇ ਤਾਇਨਾਤ ਸਮਾਜਿਕ ਸਿੱਖਿਆ ਦੇ ਇਕ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੋਗਾ ਵੱਲੋਂ ਸੌਂਪੀ ਗਈ ਮੁਢਲੀ ਰਿਪੋਰਟ ਤੋਂ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ਹੈ।
ਛੇਵੀਂ ਤੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਦੋਸ਼ ਲਾਇਆ ਕਿ ਅਧਿਆਪਕ ਨੇ ਉਨ੍ਹਾਂ ਨਾਲ ਗਲਤ ਤਰੀਕੇ ਨਾਲ ਸਰੀਰਕ ਛੇੜਛਾੜ ਕੀਤੀ ਤੇ ਕਿਸੇ ਅੱਗੇ ਮੂੰਹ ਖੋਲ੍ਹਣ ‘ਤੇ ਫੇਲ੍ਹ ਕਰਨ ਦੀਆਂ ਧਮਕੀਆਂ ਦਿੱਤੀਆਂ।
ਘਟਨਾ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ‘ਚ ਪੜ੍ਹਦੇ ਹਰ ਬੱਚੇ ਦੀ ਸੁਰੱਖਿਆ ਤੇ ਸੁੱਖ-ਸਾਂਦ ਨੂੰ ਸਭ ਤੋਂ ਪਹਿਲ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਹਰ ਵਿਦਿਆਰਥੀ ਦੀ ਸੁਰੱਖਿਆ, ਮਾਣ-ਸਤਿਕਾਰ ਤੇ ਮਾਨਸਿਕ ਸੁੱਖ-ਸਾਂਦ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਬੱਚਿਆਂ ਨੂੰ ਡਰਾਉਣ-ਧਮਕਾਉਣ ਜਾਂ ਨੁਕਸਾਨ ਪਹੁੰਚਾਉਣ ਲਈ ਆਪਣੀ ਅਥਾਰਟੀ ਦੀ ਦੁਰਵਰਤੋਂ ਕਰਨ ਵਾਲੇ ਕਿਸੇ ਵੀ ਅਧਿਆਪਕ ਵਿਰੁੱਧ ‘ਜ਼ੀਰੋ ਟਾਲਰੈਂਸ’ ਨੀਤੀ ਹੈ। ਇਕ ਸਮਾਂਬੱਧ ਜਾਂਚ ਦੇ ਹੁਕਮ ਦਿੱਤੇ ਗਏ ਹਨ ਅਤੇ ਦੋਸ਼ ਸਾਬਤ ਹੋਣ ‘ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੁਹਰਾਇਆ ਕਿ ਸਕੂਲ ਸਿੱਖਿਆ ਵਿਭਾਗ ਸੂਬੇ ਦੇ ਹਰ ਸਰਕਾਰੀ ਸਕੂਲ ‘ਚ ਸੁਰੱਖਿਅਤ, ਸੁਖਾਵਾਂ ਤੇ ਬਾਲ-ਅਨੁਕੂਲ ਮਾਹੌਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਜੁੜੀ ਕਿਸੇ ਵੀ ਸ਼ਿਕਾਇਤ ਨਾਲ ਮੁਸਤੈਦੀ ਅਤੇ ਸਖ਼ਤੀ ਨਾਲ ਨਿਪਟਿਆ ਜਾਵੇਗਾ। ਮੁਅੱਤਲੀ ਦੀ ਮਿਆਦ ਦੌਰਾਨ ਦੋਸ਼ੀ ਅਧਿਆਪਕ ਨੂੰ ਲਾਗੂ ਸੇਵਾ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ। ਉਸ ਦਾ ਹੈੱਡਕੁਆਰਟਰ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਮੋਗਾ ਮਿਥਿਆ ਗਿਆ ਹੈ, ਜਿੱਥੇ ਉਸ ਨੂੰ ਅਗਲੇ ਹੁਕਮਾਂ ਤਕ ਰੋਜ਼ਾਨਾ ਆਪਣੀ ਹਾਜ਼ਰੀ ਲਗਾਉਣੀ ਪਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




