
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਪੰਜਾਬ ਸਰਕਾਰ ‘ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਗਾਏ ਹਨ। ਯੂਨੀਅਨ ਨੇ ਕਿਹਾ ਕਿ ਸਰਕਾਰ ਨਾਲ ਕਈ ਮੀਟਿੰਗਾਂ ਅਤੇ ਭਰੋਸਿਆਂ ਦੇ ਬਾਵਜੂਦ ਅੱਜ ਤੱਕ ਕੋਈ ਠੋਸ ਨੀਤੀ ਲਾਗੂ ਨਹੀਂ ਕੀਤੀ ਗਈ।
ਯੂਨੀਅਨ ਆਗੂਆਂ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਵਿੱਚ ਵੱਡੀ ਗਿਣਤੀ ਵਿੱਚ ਮੁਲਾਜ਼ਮ ਕਈ ਸਾਲਾਂ ਤੋਂ ਕੰਟਰੈਕਟ ਅਤੇ ਆਊਟਸੋਰਸ ਆਧਾਰ ‘ਤੇ ਕੰਮ ਕਰ ਰਹੇ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ ਅਤੇ ਕਈ ਹੋਰ ਮੰਗਾਂ ਵੀ ਲੰਬੇ ਸਮੇਂ ਤੋਂ ਅਧੂਰੀਆਂ ਪਈਆਂ ਹਨ
ਯੂਨੀਅਨ ਦਾ ਕਹਿਣਾ ਹੈ ਕਿ ਵਿਭਾਗ ਵਿੱਚ ਡਰਾਈਵਰਾਂ ਅਤੇ ਕੰਡਕਟਰਾਂ ਸਮੇਤ ਹੋਰ ਅਸਾਮੀਆਂ ਦੀ ਘਾਟ ਹੈ, ਪਰ ਨਵੀਂ ਭਰਤੀ ਨਹੀਂ ਕੀਤੀ ਜਾ ਰਹੀ। ਇਸ ਦੇ ਨਾਲ EPF, ESI, ਤਨਖ਼ਾਹਾਂ ਅਤੇ ਹੋਰ ਸੇਵਾ ਸਬੰਧੀ ਮਸਲੇ ਵੀ ਅਜੇ ਤੱਕ ਹੱਲ ਨਹੀਂ ਹੋਏ।
ਯੂਨੀਅਨ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ 2022 ਤੋਂ ਬਾਅਦ ਕਈ ਵਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਐਲਾਨ ਕੀਤੇ ਗਏ, ਪਰ ਜ਼ਮੀਨੀ ਪੱਧਰ ‘ਤੇ ਕੋਈ ਕਾਰਵਾਈ ਨਹੀਂ ਹੋਈ। ਇਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ।
ਯੂਨੀਅਨ ਨੇ ਐਲਾਨ ਕੀਤਾ ਕਿ 27 ਜੁਲਾਈ 2026 ਨੂੰ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜੇਕਰ ਇਸ ਤੋਂ ਬਾਅਦ ਵੀ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ 3, 4 ਅਤੇ 5 ਅਗਸਤ 2026 ਨੂੰ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਮੁਲਾਜ਼ਮ ਸੂਬਾ ਪੱਧਰੀ ਹੜਤਾਲ ਕਰਨਗੇ।
ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਫਿਰ ਵੀ ਕੋਈ ਫ਼ੈਸਲਾ ਨਹੀਂ ਲੈਂਦੀ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਦੀ ਹੋਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




