
16 ਅਗਸਤ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਪੈਦਲ ਯਾਤਰਾ ਕਰ ਰਹੇ ਕਿਸਾਨਾਂ ਦੇ ਸੰਘਰਸ਼ ਦਰਮਿਆਨ ਬੁੱਧਵਾਰ ਨੂੰ ਹਰਿਆਣਾ ਪ੍ਰਸ਼ਾਸਨ ਵੱਲੋਂ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ ਗਈ। ਐੱਸਡੀਐੱਮ ਨਰਵਾਣਾ ਜਗਦੀਸ਼ ਚੰਦਰ ਤੇ ਡੀਐੱਸਪੀ ਨਰਵਾਣਾ ਕਮਲਜੀਤ ਰਾਣਾ ਨੇ ਕਿਸਾਨ ਆਗੂਆਂ ਨਾਲ ਮੁਲਾਕਾਤ ਕਰ ਕੇ ਭਰੋਸਾ ਦਿੱਤਾ ਕਿ 4 ਸਤੰਬਰ ਨੂੰ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨਾਲ ਕਿਸਾਨ ਆਗੂਆਂ ਦੀ ਮੀਟਿੰਗ ਕਰਵਾਈ ਜਾਵੇਗੀ।ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਸਾਨ ਆਗੂਆਂ ਨੂੰ ਇਹ ਵੀ ਦੱਸਿਆ ਕਿ ਸੰਭਵ ਹੈ ਕਿ 4 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀ ਸ਼ਾਮਲ ਹੋਣ। ਜੇਕਰ ਉਹ ਉਸ ਦਿਨ ਮੀਟਿੰਗ ਵਿੱਚ ਸ਼ਾਮਲ ਨਾ ਹੋ ਸਕੇ ਤਾਂ ਉਸ ਤੋਂ ਬਾਅਦ ਜਲਦ ਹੀ ਕਿਸਾਨ ਆਗੂਆਂ ਦੀ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਵੱਖਰੀ ਮੀਟਿੰਗ ਕਰਵਾਉਣ ਦਾ ਵੀ ਭਰੋਸਾ ਦਿੱਤਾ ਗਿਆ ਹੈ।ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਵੱਲੋਂ ਕੀਤੀ ਗਈ ਸ਼ਾਂਤਮਈ ਪੈਦਲ ਯਾਤਰਾ ਕਾਰਨ ਸਰਕਾਰ ਨੂੰ ਮੁੜ ਗੱਲਬਾਤ ਦੀ ਮੇਜ਼ ’ਤੇ ਆਉਣਾ ਪਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅੱਜ ਦੇ ਪ੍ਰੋਗਰਾਮ ਨੂੰ ਖ਼ਤਮ ਨਹੀਂ ਕੀਤਾ ਗਿਆ, ਸਗੋਂ ਹਰਿਆਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਅਪੀਲ ’ਤੇ ਫਿਲਹਾਲ ਮੁਲਤਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਤੋਂ ਪਿੱਛੇ ਨਹੀਂ ਹਟੇ ਅਤੇ ਅੰਦੋਲਨ ਜਾਰੀ ਰਹੇਗਾ। ਟਰੇਡ ਡੀਲ ਸਮੇਤ ਕਿਸਾਨਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸੰਘਰਸ਼ ਵੀ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ 4 ਸਤੰਬਰ ਦੀ ਮੀਟਿੰਗ ਵਿੱਚ ਸਰਕਾਰ ਸਾਹਮਣੇ ਕਿਸਾਨਾਂ ਦੀਆਂ ਮੰਗਾਂ ਅਤੇ ਹੋਰ ਮੁੱਦੇ ਰੱਖੇ ਜਾਣਗੇ। ਮੀਟਿੰਗ ਦੇ ਨਤੀਜੇ ਅਤੇ ਸਰਕਾਰ ਦੇ ਰੁਖ ਨੂੰ ਦੇਖਦਿਆਂ ਅੰਦੋਲਨ ਦੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਧਰਨਾ ਫਿਲਹਾਲ ਮੁਲਤਵੀ ਕੀਤੇ ਜਾਣ ਤੋਂ ਬਾਅਦ ਨੈਸ਼ਨਲ ਹਾਈਵੇ ਨੂੰ ਵੀ ਜਲਦ ਖੋਲ੍ਹਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਸ਼ਾਂਤਮਈ ਢੰਗ ਨਾਲ ਜਾਰੀ ਰਹੇਗਾ ਅਤੇ ਸਰਕਾਰ ਨਾਲ ਗੱਲਬਾਤ ਰਾਹੀਂ ਮਸਲਿਆਂ ਦਾ ਹੱਲ ਕੱਢਣ ਲਈ ਯਤਨ ਕੀਤੇ ਜਾਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




