
ਸਨਾਤਨ ਸੇਵਾ ਸਮਿਤੀ (ਮਾਲਵਾ ਜ਼ੋਨ) ਵੱਲੋਂ ਪਟਿਆਲਾ ਤੋਂ ਕਾਂਗਰਸ ਦੇ ਲੋਕ ਸਭਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਸੰਗਠਨ ਦੇ ਮਹਾਸਚਿਵ ਵਰੁਣ ਮਹਿਤਾ ਨੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਲਿਖਤੀ ਸ਼ਿਕਾਇਤ ਸੌਂਪਦਿਆਂ ਇਲਜ਼ਾਮ ਲਗਾਇਆ ਕਿ ਸੰਸਦ ਮੈਂਬਰ ਦੇ ਬਿਆਨਾਂ ਨਾਲ ਕਰੋੜਾਂ ਸਨਾਤਨ ਧਰਮ ਪ੍ਰੇਮੀਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਸਮਿਤੀ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਨਾਲ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਕਾਂਗਰਸ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ‘ਤੇ ਇੱਕ ਪੋਸਟ ਸਾਂਝੀ ਕੀਤੀ ਸੀ। ਇਸ ‘ਚ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਧਾਰਮਿਕ ਤੇ ਸੱਭਿਆਚਾਰਕ ਪ੍ਰੋਗਰਾਮਾਂ ਤੇ ਧਾਰਮਿਕ ਯਾਤਰਾਵਾਂ ‘ਤੇ ਸਰਕਾਰੀ ਪੈਸਾ ਖ਼ਰਚ ਕਰਨ ‘ਤੇ ਸਵਾਲ ਚੁੱਕੇ ਸਨ।ਉਨ੍ਹਾਂ ਨੇ ਆਪਣੀ ਪੋਸਟ ‘ਚ ਕਿਹਾ ਸੀ ਕਿ ਟੈਕਸ ਦਾ ਪੈਸਾ ਲੋਕਾਂ ਨੂੰ ਬਿਹਤਰ ਇਲਾਜ, ਸਿੱਖਿਆ, ਰੋਜ਼ਗਾਰ ਤੇ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਖ਼ਰਚ ਹੋਣਾ ਚਾਹੀਦਾ ਹੈ। ਉਨ੍ਹਾਂ ਸਰਕਾਰੀ ਖ਼ਜ਼ਾਨੇ ਦੇ ਪੈਸੇ ਨਾਲ ਧਾਰਮਿਕ ਪ੍ਰੋਗਰਾਮ ਕਰਵਾਉਣ ਤੇ ਵੱਖ-ਵੱਖ ਧਾਰਮਿਕ ਯਾਤਰਾਵਾਂ ਕਰਵਾਉਣ ‘ਤੇ ਇਤਰਾਜ਼ ਜਤਾਇਆ ਸੀ।
ਉਨ੍ਹਾਂ ਆਪਣੀ ਪੋਸਟ ‘ਚ ਧਰਮ ਨੂੰ ਵਿਅਕਤੀ ਦੀ ਨਿੱਜੀ ਆਸਥਾ ਦਾ ਮਾਮਲਾ ਦੱਸਦਿਆਂ ਕਿਹਾ ਸੀ ਕਿ ਸੂਬਾ ਸਰਕਾਰ ਵੱਲੋਂ ਕਿਸੇ ਇੱਕ ਜਾਂ ਦੂਜੇ ਧਰਮ ਨੂੰ ਕਿਸੇ ਵੀ ਤਰ੍ਹਾਂ ਦੀ ਹੱਲਾਸ਼ੇਰੀ ਜਾਂ ਸਰਪ੍ਰਸਤੀ ਦੇਣਾ ਸੰਵਿਧਾਨ ਦੀ ਉਲੰਘਣਾ ਦੇ ਨਾਲ-ਨਾਲ ਭਾਈਚਾਰਿਆਂ ‘ਚ ਵੰਡ ਤੇ ਫਿਰਕਾਪ੍ਰਸਤੀ ਨੂੰ ਵੀ ਹੁਲਾਰਾ ਦੇ ਸਕਦਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




